ਸੁਖਜਿੰਦਰ ਮਾਨ
ਬਠਿੰਡਾ,3 ਮਈ: ਲਖੀਮਪੁਰ ਖੀਰੀ ‘ਚ ਚਾਰ ਕਿਸਾਨ ਅਤੇ ਇੱਕ ਪੱਤਰਕਾਰ ਨੂੰ ਗੱਡੀ ਹੇਠ ਕੁਚਲ ਕੇ ਮਾਰਨ ਵਾਲੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਦੋਸ਼ੀ ਆਸ਼ੀਸ਼ ਮਿਸ਼ਰਾ ਅਤੇ ਹੋਰ ਦੋਸ਼ੀਆਂ ਨੂੰ ਸਜ਼ਾਵਾ ਦੁਆਉਣ ਲਈ 5 ਮਈ ਨੂੰ ਲਖੀਮਪੁਰ ਖੀਰੀ ਵਿਖੇ ਦੇਸ਼ ਪੱਧਰ ਦੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਰੋਸ ਰੈਲੀ ਕੀਤੀ ਜਾਵੇਗੀ। ਜਿਸ ਦੀ ਅਗਵਾਈ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਚੌਧਰੀ ਰਾਕੇਸ਼ ਟਿਕੈਤ ਅਤੇ ਕੌਮੀ ਸਕੱਤਰ ਜਰਨਲ ਚੌਧਰੀ ਯੁੱਧਵੀਰ ਸਿੰਘ ਕਰਨਗੇ। ਇਹ ਜਾਣਕਾਰੀ ਦਿੰਦਿਆ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਮੁੱਖ ਸਕੱਤਰ ਜਰਨਲ ਰਾਮਕਰਨ ਸਿੰਘ ਰਾਮਾਂ ਨੇ ਕਿਹਾ ਕਿ ਹਾਈਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਜਮਾਨਤ ਦੇ ਦਿੱਤੀ ਸੀ, ਪਰ ਸੁਪਰੀਮ ਕੋਰਟ ਨੇ 18 ਅਪ੍ਰੈਲ ਨੂੰ ਜਮਾਨਤ ਰੱਦ ਕਰ ਦਿੱਤੀ ਸੀ ਅਤੇ ਦੋਸ਼ੀ ਨੂੰ ਮੁੜ ਜੇਲ ਭੇਜ ਦਿੱਤਾ ਗਿਆ। ਹੁਣ ਦੁਖੀ ਪਰਿਵਾਰਾਂ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਸ਼ਹਿ ਤੇ ਉਹਨਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਜੋ ਇਸ ਕੇਸ ਵਿੱਚ ਅਗਵਾਹ ਹਨ ਉਹਨਾਂ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਜਿਸ ਕਰਕੇ 5 ਮਈ ਨੂੰ ਰੈਲੀ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਦੁਖੀ ਪਰਿਵਾਰਾਂ ਨੂੰ ਵੀ ਅਤੇ ਕੇਸ ‘ਚ ਅਗਵਾਹਾਂ ਜਿਨ੍ਹਾਂ ਦੀ ਕੁੱਟਮਾਰ ਕੀਤੀ ਹੈ, ਨੂੰ ਵੀ ਮਿਲਿਆ ਜਾਵੇਗਾ। ਇਸ ਰੋਸ ਰੈਲੀ ਵਿੱਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਚੋਂ ਬਰਖਾਸਤ ਕੀਤਾ ਜਾਵੇ ਅਤੇ ਇਸ ਤੇ ਸਾਜ਼ਿਸ਼ ਤਹਿਤ 120 ਬੀ ਦਾ ਮੁਕੱਦਮਾ ਦਰਜ਼ ਕਰਕੇ ਜੇਲ੍ਹ ਭੇਜਿਆ ਜਾਵੇ ਤਾਂ ਕਿ ਜੋ ਨਿਰਪੱਖ ਜਾਂਚ ਹੋ ਸਕੇ। ਉਹਨਾਂ ਨੇ ਕਿਹਾ ਕਿ ਇਸ ਰੈਲੀ ਵਿੱਚ ਮੋਦੀ ਸਰਕਾਰ ਦੇ ਖਿਲਾਫ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਨੂੰ ਸਫਲ ਬਣਾਉਣ ਲਈ ਦੇਸ਼ ਦੇ ਸਾਰੇ ਸੂਬਿਆਂ ਚੋਂ ਵੱਡੀ ਗਿਣਤੀ ਵਿੱਚ ਕਿਸਾਨ ਪਹੁੰਚਣਗੇ ਅਤੇ ਪੰਜਾਬ ਚੋਂ ਵੀ ਹਜ਼ਾਰਾਂ ਕਿਸਾਨ 5 ਮਈ ਨੂੰ ਲਖੀਮਪੁਰ ਖੀਰੀ ‘ਚ ਸ਼ਮੂਲੀਅਤ ਕਰਨਗੇ।
Share the post "ਸੰਯੁਕਤ ਕਿਸਾਨ ਮੋਰਚੇ ਵੱਲੋਂ 5 ਮਈ ਨੂੰ ਲਖੀਮਪੁਰ ਖੀਰੀ ਵਿਖੇ ਕੀਤੀ ਜਾਵੇਗੀ ਰੋਸ ਰੈਲੀ: ਰਾਮਕਰਨ ਸਿੰਘ ਰਾਮਾਂ"