ਸੁਖਜਿੰਦਰ ਮਾਨ
ਬਠਿੰਡਾ, 22 ਅਕਤੂਬਰ: ਕਾਂਗਰਸ ਹਾਈ ਕਮਾਂਡ ਵੱਲੋਂ ਅੱਜ ਸੀਨੀਅਰ ਕਾਂਗਰਸੀ ਆਗੂ ਹਰੀਸ਼ ਚੌਧਰੀ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕਰਨ ’ਤੇ ਹਲਕਾ ਤਲਵੰਡੀ ਸਾਬੋ ਵਿਚ ਲੱਡੂੁ ਵੰਡੇ ਗਏ। ਸ਼੍ਰੀ ਚੌਧਰੀ ਦੇ ਨਜਦੀਕੀ ਮੰਨੇ ਜਾਂਦੇ ਹਲਕੇ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੇ ਨਿਰਦੇਸ਼ਾਂ ਹੇਠ ਉਨ੍ਹਾਂ ਦੇ ਨਿੱਜੀ ਸਕੱਤਰ ਰਣਜੀਤ ਸਿੰਘ ਸੰਧੂ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿਚ ਇਕੱਤਰ ਹੋਏ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਇਸ ਨਿਯੁਕਤੀ ਬਦਲੇ ਪਾਰਟੀ ਹਾਈ ਕਮਾਂਡ ਸ੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ, ਪਿ੍ਰਯੰਕਾ ਗਾਂਧੀ ਸਮੇਤ ਸਮੂਹ ਲੀਡਰਸ਼ਿਪ ਦਾ ਧੰਨਵਾਦ ਕੀਤਾ ਗਿਆ। ਇਸ ਦੌਰਾਨ ਸ: ਜਟਾਣਾ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਪੰਜਾਬ ਵਿੱਚ ਕਾਂਗਰਸ ਹੋਰ ਮਜਬੂਤ ਹੋਵੇਗੀ ਕਿਉਂਕਿ ਸੀਨੀਅਰ ਕਾਂਗਰਸੀ ਆਗੂ ਹਰੀਸ਼ ਚੌਧਰੀ ਦੀ ਪੰਜਾਬ ਮਾਮਲਿਆਂ ’ਤੇ ਵੱਡੀ ਪਕੜ ਹੈ ਤੇ ਉਨ੍ਹਾਂ ਦਾ ਸੂਬੇ ਦੀ ਸਮੂਹ ਲੀਡਰਸ਼ਿਪ ਅਤੇ ਵਰਕਰ ਦਿਲੋਂ ਸਤਿਕਾਰ ਕਰਦੇ ਹਨ। ਜਿਸਦੇ ਚੱਲਦੇ ਸ਼੍ਰੀ ਚੌਧਰੀ ਦੇ ਸਹਿਯੋਗ ਨਾਲ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਮੁੜ ਸਰਕਾਰ ਬਣਾਏਗੀ। ਇਸ ਮੌਕੇ ਖ਼ੁਸਬਾਜ ਜਟਾਣਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿਚ ਪੰਜਾਬ ਲਈ ਵੱਡੇ ਕੰਮ ਕੀਤੇ ਹਨ। ਇਸ ਮੌਕੇ ਰਣਜੀਤ ਸਿੰਘ ਸੰਧੂ ਨੇ ਆਏ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਹਰੀਸ਼ ਚੌਧਰੀ ਦੀ ਨਿਯੁਕਤੀ ਜਿੱਤ ਲਈ ਸਹਾਈ ਸਿੱਧ ਹੋਵੇਗੀ।