ਪੰਜਾਬੀ ਖ਼ਬਰਸਾਰ ਬਿਉਰੋ
ਫਰੀਦਕੋਟ, 21 ਜੁਲਾਈ: ਸੂਬੇ ਵਿੱਚ ਹੜ੍ਹਾਂ ਅਤੇ ਬਰਸਾਤ ਦੇ ਮੌਸਮ ਕਾਰਨ ਪੈਦਾ ਹੋ ਰਹੀਆਂ ਵੱਖ-ਵੱਖ ਤਰਾਂ ਦੀਆਂ ਬਿਮਾਰੀਆਂ ਜਿਵੇਂ ਦਸਤ ਰੋਗ, ਹੈਜਾ, ਡੇਂਗੂ, ਮਲੇਰੀਆ ਆਦਿ ਸਬੰਧੀ ਜਨਤਾ ਨੂੰ ਮੁੱਹਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜ਼ਾਇਜਾ ਲੈਣ ਲਈ ਡਾ. ਰੁਪਿੰਦਰ ਕੌਰ ਗਿੱਲ ਡਿਪਟੀ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਫਰੀਦਕੋਟ ਵਿਖੇ ਦੌਰਾ ਕੀਤਾ ਗਿਆ। ਉਹਨਾਂ ਦਫ਼ਤਰ ਸਿਵਲ ਸਰਜਨ ਵਿਖੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹੜ੍ਹਾਂ ਦੀ ਸਥਿਤੀ ਨੂੰ ਸੁਚਾਰੂ ਢੰਗ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ। ਉਨ੍ਹਾਂ ਵਲੋਂ ਜ਼ਿਲ੍ਹਾ ਸਿਵਲ ਹਸਪਤਾਲ ਫਰੀਦਕੋਟ ਵਿਖੇ ਬਣਾਏ ਡੇਂਗੂ ਵਾਰਡ ਦਾ ਦੌਰਾ ਕੀਤਾ ਅਤੇ ਦਵਾਈਆਂ ਦਾ ਸਟਾਕ ਅਤੇ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਹੋਰ ਸਿਹਤ ਸਹੂਲਤਾਂ ਸਬੰਧੀ ਸੀਨੀਅਰ ਮੈਡੀਕਲ ਅਫਸਰ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਤੋਂ ਜਾਣਕਾਰੀ ਪ੍ਰਾਪਤ ਕੀਤੀ ਅਤੇ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਆਉਣ ਵਾਲੇ ਕਿਸੇ ਵੀ ਮਰੀਜ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਉਹਨਾਂ ਵੱਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਫਰੀਦਕੋਟ ਵੱਲੋਂ ਕੀਤੇ ਗਏ ਪ੍ਰਬੰਧਾਂ ਸਬੰਧੀ ਸੰਤੁਸ਼ਟੀ ਪ੍ਰਗਟ ਕੀਤੀ। ਸਿਵਲ ਸਰਜਨ ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਸਾਤਾਂ ਦੇ ਮੌਸਮ ਅਤੇ ਹੜ੍ਹਾਂ ਦੀ ਸਥਿਤੀ ਦੇ ਮੱਦੇ ਨਜ਼ਰ ਸਿਹਤ ਵਿਭਾਗ ਵੱਲੋਂ ਸਿਹਤ ਸਬੰਧੀ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਜਿਲ੍ਹਾ ਫਰੀਦਕੋਟ ਵਿੱਚ 9 ਰੈਪਿਡ ਰਿਸਪਾਂਸ ਟੀਮਾਂ ਅਤੇ 5 ਮੋਬਾਇਲ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ ਅਤੇ ਇਹਨਾਂ ਟੀਮਾਂ ਨਾਲ ਐਂਬੂਲੈਂਸ ਅਤੇ ਦਵਾਈਆਂ ਦੀ ਕਿੱਟ ਉਪਲੱਬਧ ਕਰਵਾਈ ਗਈ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਵੱਲੋਂ ਜਿਲ੍ਹੇ ਵਿੱਚ ਦੂਸ਼ਿਤ ਪਾਣੀ ਅਤੇ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਜਿਹਨਾਂ ਵਿੱਚ ਲੋਕਾਂ ਨੂੰ ਇਹਨਾਂ ਬਿਮਾਰੀਆਂ ਤੋਂ ਬਚਾਅ ਸਬੰਧੀ ਸਾਵਧਾਨੀਆਂ ਬਾਰੇ ਦੱਸਿਆ ਜਾ ਰਿਹਾ ਹੈ ਅਤੇ ਮਲੇਰੀਆ ਟੀਮ ਵੱਲੋਂ ਘਰ-ਘਰ ਫੀਵਰ ਸਰਵੇ ਕੀਤਾ ਜਾ ਰਿਹਾ ਹੈ ਅਤੇ ਖੜ੍ਹੇ ਪਾਣੀ ਵਿੱਚ ਲਾਰਵੀਸਾਈਡ ਦਵਾਈ ਦਾ ਛਿੜਕਾ ਵੀ ਕੀਤਾ ਜਾ ਰਿਹਾ ਹੈ। ਜੇਕਰ ਕਿਸੇ ਵਿਅਕਤੀ ਨੂੰ ਬੁਖਾਰ, ਦਸਤ ਜਾਂ ਉਲਟੀਆਂ ਦੀ ਸ਼ਿਕਾਇਤ ਹੁੰਦੀ ਹੈ ਤਾਂ ਉਹ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਸਲਾਹ ਲਵੋ, ਸਾਰੀਆਂ ਸਿਹਤ ਸੰਸਥਾਵਾਂ ਵਿੱਚ ਇਨ੍ਹਾਂ ਬਿਮਾਰੀਆਂ ਦਾ ਇਲਾਜ ਅਤੇ ਟੈਸਟ ਮੁਫ਼ਤ ਹੁੰਦਾ ਹੈ। ਇਸ ਤੋਂ ਇਲਾਵਾਂ ਸਿਹਤ ਸਬੰਧੀ ਕੋਈ ਸਮੱਸਿਆ ਸਬੰਧੀ 104 ਨੰਬਰ ਡਾਇਲ ਕਰਕੇ ਜਾਣਕਾਰੀ ਲੈ ਸਕਦੇ ਹੋ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਚੰਦਰ ਸ਼ੇਖਰ ਕੱਕੜ, ਜਿਲ੍ਹਾ ਐਪੀਡੀਮਾਲੋਜਿਸਟ ਡਾ. ਹਿਮਾਂਸ਼ੂ ਗੁਪਤਾ, ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ ਆਦਿ ਹਾਜਰ ਸਨ।
Share the post "ਹੜ੍ਹਾਂ ਦੀ ਸਥਿਤੀ ਸਬੰਧੀ ਸਿਹਤ ਵਿਭਾਗ ਦੇ ਪ੍ਰਬੰਧਾਂ ਦਾ ਡਿਪਟੀ ਡਾਇਰੈਕਟਰ ਨੇ ਲਿਆ ਜਾਇਜਾ"