11 ਸਤੰਬਰ ਤੇ 11 ਦਸੰਬਰ ਨੂੰ ਲੱਗੇਗੀ ਇਹ ਕੌਮੀ ਲੋਕ ਅਦਾਲਤ
ਸੁਖਜਿੰਦਰ ਮਾਨ
ਬਠਿੰਡਾ, 2 ਸਤੰਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ: ਕਮਲਜੀਤ ਲਾਂਬਾ ਵੱਲੋ ਕੌਮੀ ਲੋਕ ਅਦਾਲਤ ਵਿੱਚ ਆਪਸੀ ਰਜ਼ਾਮੰਦੀ ਨਾਲ ਕੇਸਾਂ ਦਾ ਨਿਬੇੜਾ ਕਰਨ ਲਈ ਜੰਗੀ ਪੱਧਰ ’ਤੇ ਮੁਹਿੰਮ ਦਾ ਆਗਾਜ਼ ਕਰਦੇ ਹੋਏ ਕੌਮੀ ਲੋਕ ਅਦਾਲਤ ਦਾ ਬੈਨਰ ਜਾਰੀ ਕੀਤਾ। ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜ਼ਕਾਰੀ ਚੇਅਰਮੈਨ ਜਸਟਿਸ ਅਜੈ ਤਿਵਾੜੀ ਦੀ ਅਗਵਾਈ ਹੇਠ ਜ਼ਿਲਾ ਕਚਹਿਰੀ ਬਠਿੰਡਾ ਤੋਂ ਇਲਾਵਾ ਸਬ-ਡਵੀਜ਼ਨ, ਫੂਲ ਅਤੇ ਤਲਵੰਡੀ ਸਾਬੋ ਵਿਖੇ 11 ਸਤੰਬਰ ਅਤੇ 11 ਦਸੰਬਰ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਚੱਲ ਰਹੇ ਕੇਸਾਂ ਦਾ ਆਪਸੀ ਸੁਲਾਹ ਸਮਝੋਤੇ ਰਾਹੀਂ ਨਿਪਟਾਰਾ ਕਰਵਾਉਣ। ਇਸ ਮੌਕੇ ਉਨ੍ਹਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਵੱਲੋਂ ਅ/ਧ 138 ਐਨਆਈ ਐਕਟ ਭਾਵ ਚੈਕਾਂ ਨਾਲ ਸਬੰਧਿਤ ਲੈਣ ਦੇਣ ਦੇ ਕੇਸ ਕੌਮੀ ਲੋਕ ਅਦਾਲਤ ਵਿੱਚ ਨਿਪਟਾਉਣ ਲਈ ਵਿਸੇਸ਼ ਕਦਮ ਚੁੱਕਣ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਹਨ। ਇਸ ਤਰਾਂ ਕਰਨ ਨਾਲ ਦੋਵਾਂ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੋਵੇਗੀ ਅਤੇ ਆਪਸੀ ਭਾਈਚਾਰੇ ਵਿਚ ਵਾਧਾ ਹੋਵੇਗਾ। ਜੇਕਰ ਕਿਸੇ ਧਿਰ ਨੇ ਆਪਣੇ ਕੇਸ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣਾ ਹੈ ਤਾਂ ਉਹ ਸਬੰਧਤ ਅਦਾਲਤ ਜਾਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਿਖੇ ਦਰਖਾਸਤ ਦੇ ਕੇ ਸਬੰਧਤ ਅਦਾਲਤ ਰਾਹੀਂ ਆਪਣੇ ਝਗੜੇ ਦਾ ਨਿਪਟਾਰਾ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫੋਨ ਨੰਬਰ 0164-2212051 ਜਾਂ ਟੋਲ ਫਰੀ ਨੰਬਰ 1968 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਤੇ ਸੈਸਨ ਜੱਜ ਨੇ ਕੌਮੀ ਲੋਕ ਅਦਾਲਤ ਦਾ ਕੀਤਾ ਬੈਨਰ ਜਾਰੀ
11 Views