13 ਫਰਵਰੀ ਤੋਂ 17 ਫਰਵਰੀ ਤੱਕ ਮਨਾਇਆ ਜਾਵੇਗਾ ਵਿਸ਼ੇਸ਼ ਟੀਕਾਕਰਨ ਹਫ਼ਤਾ
ਸੁਖਜਿੰਦਰ ਮਾਨ
ਬਠਿੰਡਾ, 9 ਫਰਵਰੀ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਅੱਜ ਸਿਹਤ ਅਧਿਕਾਰੀਆਂ ਦੀ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਟੀਕਾਕਰਨ ਮੁਹਿੰਮ ਤਹਿਤ ਅਧੂਰਾ ਟੀਕਾਕਰਨ ਵਾਲੇ ਬੱਚਿਆਂ ਦੀ ਸ਼ਨਾਖਤ ਯਕੀਨੀ ਬਣਾਉਣ ਅਤੇ ਟੀਕਕਾਰਨ ਦੀ ਘਾਟ ਵਾਲੇ ਖੇਤਰਾਂ ਵਿਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਉਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਏਜੰਡਾ 0 ਤੋਂ 5 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਕੰਮਲ ਟੀਕਾਕਰਨ ਹੈ ਤਾਂ ਜੋ ਬੱਚਿਆਂ ਨੂੰ ਜਾਨਲੇਵਾ ਬੀਮਾਰੀਆਂ ਤੋਂ ਬਚਾਇਆ ਜਾ ਸਕੇ, ਇਸਦੇ ਲਈ ਇਨ੍ਹਾਂ ਕੈਂਪਾਂ ਦੀ ਨਿਗਰਾਨੀ ਬਲਾਕ ਪੱਧਰ ਉਤੇ ਸੀਨੀਅਰ ਮੈਡੀਕਲ ਅਫਸਰਾਂ ਵਲੋਂ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਪੰਚਾਂ, ਪੰਚਾਂ, ਸੈਕਟਰੀ, ਨੰਬਰਦਾਰਾਂ ਰਾਹੀਂ ਪਿੰਡ ਪੱਧਰ ਉਤੇ ਅਤੇ ਮਿਊਂਸਪਲ ਕਾਰਪੋਰੇਸ਼ਨ ਰਾਹੀਂ ਸ਼ਹਿਰੀ ਖੇਤਰਾਂ ਵਿਚ ਮੁਨਿਆਦੀ ਕਰਵਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਇਸ ਟੀਕਾਕਰਨ ਮੁਹਿੰਮ ਦਾ ਲਾਹਾ ਲੈਣ ਲਈ ਜਾਗਰੂਕ ਕਰਨ ਤਾਂ ਕਿ ਸੌ ਫੀਸਦੀ ਟੀਕਾਕਰਨ ਯਕੀਨੀ ਬਣਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸਮੂਹ ਐਲੀਮੈਂਟਰੀ ਸਕੂਲਾਂ ਦੇ ਮੁੱਖ ਅਧਿਆਪਕ ਨੂੰ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦਾ ਟੀਕਾਕਰਨ ਕਾਰਡ ਚੈਕਅਪ ਲਈ ਹਦਾਇਤ ਦੇਣ ਤੇ ਜਿਨ੍ਹਾਂ ਬੱਚਿਆਂ ਦਾ ਟੀਕਾਕਰਨ ਅਧੂਰਾ ਹੈ, ਉਨ੍ਹਾਂ ਮਾਪਿਆਂ ਨੂੰ ਮੁਕੰਮਲ ਟੀਕਾਕਰਨ ਕਰਵਾਉਣ ਸਬੰਧੀ ਪ੍ਰੇਰਿਤ ਕੀਤਾ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਸਾਰੇ ਸਰਕਾਰੀ ਸਕੂਲਾਂ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ 1 ਤੋ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਐਲਬਿੰਡਾਜੋਲ ਦੀ ਗੋਲੀ (ਚਬਾ ਕੇ ਖਾਣ ਵਾਲੀ ਗੋਲੀ) ਖਵਾਈ ਜਾ ਰਹੀ ਹੈ ਤਾਂ ਜੋ ਬੱਚਿਆਂ ਨੂੰ ਪੇਟ ਦੇ ਕੀੜੇ ਹੋਣ ਕਾਰਣ ਹੋਣ ਵਾਲੇ ਨੁਕਸਾਨਾਂ ਤੋ ਬਚਾਇਆ ਜਾ ਸਕੇ। ਇਹ ਗੋਲੀ ਬੱਚਿਆਂ ਨੂੰ ਖਾਣਾ ਖਾਣ ਤੋਂ ਬਾਅਦ ਸਕੂਲ ਅਧਿਆਪਕ ਆਪਣੀ ਨਿਗਰਾਨੀ ਹੇਠ ਗੋਲੀ ਖੁਆਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਇਹ ਆਈ.ਸੀ.ਡੀ.ਐਸ ਇਹ ਯਕੀਨੀ ਬਣਾਉਣ ਕਿ ਟੀਕਾਕਰਨ ਮੁਹਿੰਮ ਅਤੇ ਡੀਵਾਰਮਿੰਗ ਦਿਵਸ ਸਬੰਧੀ ਜ਼ਿਲ੍ਹੇ ਅੰਦਰ ਕੰਮ ਕਰਦੀਆਂ ਸਮੂਹ ਆਂਗਣਵਾੜੀ ਵਰਕਰ ਸਿਹਤ ਵਿਭਾਗ ਨੂੰ ਵਿਸ਼ੇਸ਼ ਸਹਿਯੋਗ ਦੇਣ ਤਾਂ ਜੋ ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਪਾਮਿਲ ਬਾਂਸਲ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ, ਸਿਹਤ ਵਿਭਾਗ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰ, ਸੀਨੀਅਰ ਮੈਡੀਕਲ ਅਫਸਰ ਅਤੇ ਹੋਰਨਾਂ ਸਹਿਯੋਗੀ ਵਿਭਾਗਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਵੀ ਹਾਜ਼ਰ ਸਨ।
Share the post "ਅਧੂਰੇ ਟੀਕਾਕਰਨ ਵਾਲੇ ਬੱਚਿਆਂ ਦੀ ਸ਼ਨਾਖਤ ਕਰਨੀ ਬਣਾਈ ਜਾਵੇ ਯਕੀਨੀ : ਡਿਪਟੀ ਕਮਿਸ਼ਨਰ"