ਅਸੀਂ ਭਾਜਪਾ ਵਾਂਗ ਜੁਮਲੇ ਨਹੀਂ ਛੱਡਦੇ, ਅਸੀਂ ਜੋ ਕਹਿੰਦੇ ਹਾਂ ਉਹ ਕਰਦੇ ਹਾਂ – ਮਾਨ
ਪੰਜਾਬੀ ਖਬਰਸਾਰ ਬਿਉਰੋ
ਗੁਜਰਾਤ/ਚੰਡੀਗੜ੍ਹ, 2 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਵਿੱਚ ਰੁਜ਼ਗਾਰ ਦੇ ਆਪਣੇ ਵਾਅਦੇ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ’ਤੇ ਗੁਜਰਾਤ ਦੇ ਹਰ ਬੇਰੁਜ਼ਗਾਰ ਨੌਜਵਾਨ ਨੂੰ ਨੌਕਰੀ ਦਿੱਤੀ ਜਾਵੇਗੀ। ਸ਼ੁੱਕਰਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ 8 ਮਹੀਨਿਆਂ ਵਿੱਚ 20,776 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਪੇਸ਼ ਕਰਦਿਆਂ ਕਿਹਾ ਕਿ ਅਸੀਂ ਦੂਜੀਆਂ ਪਾਰਟੀਆਂ ਵਾਂਗ ਝੂਠੇ ਵਾਅਦੇ ਨਹੀਂ ਕਰਦੇ। ਆਮ ਆਦਮੀ ਪਾਰਟੀ ਜੋ ਵੀ ਵਾਅਦੇ ਕਰਦੀ ਹੈ, ਉਹ ਉਨ੍ਹਾਂ ਨੂੰ ਪੂਰਾ ਕਰਦੀ ਹੈ। ਪੰਜਾਬ ਦੇ ਨੌਜਵਾਨਾਂ ਨੂੰ ਦਿੱਤੇ ਗਏ ਇਹ ਨਿਯੁਕਤੀ ਪੱਤਰ ‘ਆਪ’ ਸਰਕਾਰ ਦੀ ਪ੍ਰਤੀਬੱਧਤਾ ਦਾ ਸਬੂਤ ਹਨ। ਗੁਜਰਾਤ ਵਿੱਚ ਵੀ ਸਰਕਾਰ ਬਣਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਲੋਕਾਂ ਨੂੰ ’ਆਪ’ ਸਰਕਾਰ ਦੇ ਸੱਤਾ ’ਚ ਆਉਣ ’ਤੇ ਆਏ ’ਜ਼ੀਰੋ ਬਿਜਲੀ ਬਿੱਲ’ ਪੇਸ਼ ਕੀਤੇ ਸਨ ਅਤੇ ਦਿੱਲੀ ਅਤੇ ਪੰਜਾਬ ਦੀ ਤਰਜ਼ ’ਤੇ ਗੁਜਰਾਤ ਦੇ ਲੋਕਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੇਣ ਦਾ ਭਰੋਸਾ ਵੀ ਦਿੱਤਾ ਸੀ।
ਸੀਐਮ ਮਾਨ ਨੇ ਗੈਂਗਸਟਰ ਕਲਚਰ ’ਤੇ ਵੀ ਖੁੱਲ੍ਹ ਕੇ ਗੱਲ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ 8 ਮਹੀਨਿਆਂ ’ਚ ਪੰਜਾਬ ’ਚੋਂ ਗੈਂਗਸਟਰ ਕਲਚਰ ਦਾ ਖਾਤਮਾ ਕਰ ਦਿੱਤਾ ਹੈ। ਉਨ੍ਹਾਂ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ’ਤੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਲਈ ਹਮਲਾ ਬੋਲਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ। ਪਰ ’ਆਪ’ ਸਰਕਾਰ ਸੂਬੇ ’ਚ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਗੈਂਗਸਟਰ-ਕਲਚਰ ਅਤੇ ਬੰਦੂਕ-ਕਲਚਰ ਵਿਰੁੱਧ ਸਖ਼ਤ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਬੰਦੂਕਾਂ ਦੇ ਕੇ ਆਪਣੇ ਸਵਾਰਥ ਲਈ ਵਰਤਿਆ। ਪਲ ਹੁਣ ਅਪਰਾਧੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ੇ ਅਤੇ ਹਥਿਆਰ ਛੱਡ ਚੰਗਾ ਜੀਵਨ ਚੁਣਨ ਲਈ ਪ੍ਰੇਰਿਆ ਜਾ ਰਿਹਾ ਹੈ।
ਬਾਕਸ
ਬਰਾੜ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ: ਮੁੱਖ ਮੰਤਰੀ
ਪੰਜਾਬ ਦੇ ਮੁੱਖ ਮੰਤਰੀ ਨੇ ਦਸਿਆ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਵਿਚ ਹਿਰਾਸਤ ’ਚ ਲਿਆ ਗਿਆ ਹੈ ਤੇ ਜਲਦੀ ਹੀ ਪੰਜਾਬ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪੰਜਾਬ ਪੁਲਿਸ ਤੇ ਖੁਫ਼ੀਆ ਏਜੰਸੀਆਂ ਕੇਂਦਰ ਦੇ ਸੰਪਰਕ ਵਿਚ ਹਨ। ਜਿਕਰਯੋਗ ਹੇ ਕਿ ਗੋਲਡੀ ਬਰਾੜ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਮੰਨਿਆਂ ਜਾਂਦਾ ਹੈ, ਜਿਸਨੇ ਸਿੱਧੂ ਦੇ ਕਤਲ ਤੋਂ ਬਾਅਦ ਫ਼ੇਸਬੁੱਕ ’ਤੇ ਇਸਦੀ ਜਿੰਮੇਵਾਰੀ ਲਈ ਸੀ। ਉਹ ਜੇਲ੍ਹ ਵਿਚ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਹਿਯੋਗੀ ਹੈ। ਦਸਣਾ ਬਣਦਾ ਹੈ ਕਿ 29 ਮਈ ਦੀ ਸ਼ਾਮ ਨੂੰ ਥਾਰ ਗੱਡੀ ਵਿਚ ਜਾ ਰਹੇ ਗਾਇਕ ਸ਼ੁਭਦੀਪ ਸਿੰਘ ਸਿੱਧੂ ਦਾ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਹਾਲੇ ਤੱਕ ਗੋਲਡੀ ਬਰਾੜ ਪੁਲਿਸ ਦੇ ਹੱਥ ਨਹੀਂ ਆਇਆ ਹੈ ਜਦੋਂਕਿ ਬਾਕੀਆਂ ਵਿਚੋਂ ਜਿਆਦਾਤਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸਤਿੰਦਰ ਸਿੰਘ ਉਰਫ਼ ਗੋਲਡੀ ਬਰਾੜ ਮੂਲ ਰੂਪ ਵਿਚ ਕੈਨੇਡਾ ਵਿਚ ਰਹਿੰਦਾ ਸੀ ਪ੍ਰੰਤੂ ਉਸਦੇ ਬਾਰੇ ਕਿਹਾ ਜਾ ਰਿਹਾ ਹੈ ਕਿ ਉਹ ਕੁੱਝ ਸਮਾਂ ਪਹਿਲਾਂ ਅਮਰੀਕਾ ਦੇ ਸੂਬੇ ਕੈਲਫ਼ੋਰਨੀਆ ਦੇ ਕਸਬੇ ਫ਼ਰਿਜਨੋ ਵਿਚ ਆ ਗਿਆ ਸੀ, ਜਿੱਥੇ ਉਸਨੇ ਰਾਜ਼ਸੀ ਸ਼ਰਨ ਵੀ ਮੰਗੀ ਸੀ।
Share the post "’ਆਪ’ ਸਰਕਾਰ ਨੇ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਿਆ, ਪੰਜਾਬ ’ਚੋਂ ਗੈਂਗਸਟਰ ਕਲਚਰ ਕੀਤਾ ਖਤਮ: ਭਗਵੰਤ ਮਾਨ"