ਸੁਖਜਿੰਦਰ ਮਾਨ
ਬਠਿੰਡਾ, 1 ਜੂਨ: ਕੌਮਾਂਤਰੀ ਕੁਸ਼ਤੀ ਮੁਕਾਬਲਿਆਂ ਵਿਚ ਸੋਨਾ/ਚਾਂਦੀ ਦੇ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀਆਂ ਪਹਿਲਵਾਨ ਕੁੜੀਆਂ ਦੇ ਸ਼ਾਂਤਮਈ ਰੋਸ ਦਾ ਹੱਕ ਬਹਾਲ ਕਰਵਾਉਣ ਅਤੇ ਦੋਸ਼ੀ ਬ੍ਰਿਜ ਭੂਸ਼ਣ ਸਰਨ ਸਿੰਘ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਭਾਰਤ ( ਨਵੀਂ ਦਿੱਲੀ) ਦੇ ਨਾਂ ਮੰਗ-ਪੱਤਰ ਦਿੱਤਾ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ 35 ਦਿਨਾਂ ਤੋਂ ਇਨਸਾਫ਼ ਲੈਣ ਲਈ ਦਿੱਲੀ ਦੇ ਜੰਤਰ-ਮੰਤਰ ਤੇ ਬੈਠੀਆਂ ਪਹਿਲਵਾਨ ਕੁੜੀਆਂ ਨੂੰ ਇਨਸਾਫ਼ ਦੇਣ ਦੀ ਬਜਾਏ ਉਨ੍ਹਾਂ ਤੇ ਹੀ ਪੁਲਿਸ ਕੇਸ ਮੜ ਦਿੱਤੇ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਸਜਾਵਾਂ ਦੇਣ ਦੀ ਬਜਾਇ ਕੇਂਦਰ ਦੀ ਮੋਦੀ ਸਰਕਾਰ ਸਰੇਆਮ ਉਸ ਦਾ ਪੱਖ ਪੂਰ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਖਿਡਾਰਨਾਂ ਨੂੰ ਇਨਸਾਫ ਦਿਵਾਉਣ ਤੱਕ ਉਹਨਾਂ ਦੀ ਡਟਵੀਂ ਹਮਾਇਤ ਕੀਤੀ ਜਾਵੇਗੀ। ਅੱਜ ਦੇ ਇਕੱਠ ਵੱਲੋਂ ਰਾਸ਼ਟਰਪਤੀ ਨੂੰ ਮੰਗ-ਪੱਤਰ ਭੇਜਿਆਂ ਗਿਆ। ਬਸੰਤ ਸਿੰਘ ਕੋਠਾ ਗੁਰੂ ਨੇ ਕਿਹਾ ਕਿ 5 ਜੂਨ ਨੂੰ ਸਾਰੇ ਬਲਾਕਾਂ ਵੱਲੋਂ ਸ਼ਹਿਰਾਂ ਵਿੱਚ ਮੁਜ਼ਾਹਰਾ ਕਰ ਕੇ ਬ੍ਰਿਜ ਭੂਸ਼ਣ ਦੀ ਅਰਥੀ ਸਾੜੀ ਜਾਵੇਗੀ।ਅੱਜ ਦੇ ਇਕੱਠ ਨੂੰ ਡੀ ਟੀ ਐਫ ਦੇ ਆਗੂ ਬਲਜਿੰਦਰ ਸਿੰਘ,ਪੀ ਐਸ ਯੂ (ਸ਼ਹੀਦ ਰੰਧਾਵਾ) ਦੇ ਆਗੂ ਬਿਕਰਮਜੀਤ ਸਿੰਘ,ਪੀ ਐਸ ਯੂ (ਲਲਕਾਰ) ਦੇ ਆਗੂ ਸਿਟੀ ਨੇ ਵੀ ਸੰਬੋਧਨ ਕੀਤਾ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂ ਵਰਿੰਦਰ ਸਿੰਘ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ ਨੇ ਵੀ ਸ਼ਮੂਲੀਅਤ ਕੀਤੀ।
ਉਗਰਾਹਾ ਜਥੇਬੰਦੀ ਨੇ ਪਹਿਲਵਾਨ ਕੁੜੀਆਂ ਦੇ ਹੱਕ ’ਚ ਦਿੱਤਾ ਧਰਨਾ
13 Views