ਗੁਰੂ ਕਾ ਬਾਗ ਮੋਰਚਾ ਤੇ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਕਿਤਾਬਚੇ ਜਾਰੀ
ਸ਼ਤਾਬਦੀ ਦੇ ਸਮਾਗਮ ਪੰਥਕ ਜਾਹੋ-ਜਲਾਲ ਨਾਲ ਮਨਾਏ ਜਾਣਗੇ-ਐਡਵੋਕੇਟ ਧਾਮੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 15 ਜੁਲਾਈ: ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਇਥੇ ਸਥਿਤ ਸਬ-ਆਫਿਸ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ। ਇਕੱਤਰਤਾ ’ਚ ਮੋਰਚਾ ਗੁਰੂ ਕਾ ਬਾਗ ਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਸਬੰਧੀ ਵਿਚਾਰ ਚਰਚਾ ਦੇ ਨਾਲ-ਨਾਲ ਧਰਮ ਪ੍ਰਚਾਰ ਕਮੇਟੀ ਦੇ ਵੱਖ-ਵੱਖ ਕਾਰਜਾਂ ਨੂੰ ਪ੍ਰਵਾਨਗੀਆਂ ਦਿੱਤੀਆਂ ਗਈਆਂ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਰੱਖਦੇ ਮੋਰਚਾ ਗੁਰੂ ਕਾ ਬਾਗ ਤੇ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸ਼ਤਾਬਦੀ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੋਰਚਾ ਗੁਰੂ ਕਾ ਬਾਗ ਸਬੰਧੀ ਸਮਾਗਮ 6 ਤੋਂ 8 ਅਗਸਤ 2022 ਤੱਕ ਗੁਰਦੁਆਰਾ ਗੁਰੂ ਕਾ ਬਾਗ ਘੁੱਕੇਵਾਲੀ (ਅੰਮਿ੍ਰਤਸਰ) ਵਿਖੇ ਹੋਣਗੇ। ਇਸੇ ਤਰ੍ਹਾਂ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸਬੰਧੀ ਵਿਸ਼ੇਸ਼ ਸਮਾਗਮ 30 ਅਕਤੂਬਰ 2022 ਨੂੰ ਜਿਥੇ ਸ੍ਰੀ ਅੰਮਿ੍ਰਤਸਰ ਵਿਖੇ ਹੋਵੇਗਾ, ਉਥੇ ਹੀ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਾਕਿਸਤਾਨ ਸਰਕਾਰ ਨਾਲ ਰਾਬਤਾ ਕੀਤਾ ਜਾ ਰਿਹਾ ਅਤੇ ਪਾਕਿਸਤਾਨ ਸਰਕਾਰ ਦੇ ਹੁੰਗਾਰੇ ਦੀ ਉਡੀਕ ਕਰ ਰਹੇ ਹਾਂ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਵਿਖੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਨੇੜੇ ਰੇਲ ਦੀ ਪੱਟੜੀ ਵਾਲੀ ਜਿਸ ਥਾਂ ਉੱਤੇ ਇਹ ਸ਼ਹੀਦੀ ਸਾਕਾ ਵਾਪਰਿਆ ਸੀ, ਸੰਗਤ ਦੀ ਭਾਵਨਾਵਾਂ ਅਨੁਸਾਰ ਉਸ ਥਾਂ ਉੱਤੇ ਗੁਰਬਾਣੀ ਕੀਰਤਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਤੇ ਸਤਿਕਾਰ ਭੇਟ ਕੀਤਾ ਜਾਵੇਗਾ। ਇਸ ਦੌਰਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੇ ਇਨ੍ਹਾਂ ਦੋਹਾਂ ਸਾਕਿਆਂ ਨਾਲ ਸਬੰਧਤ ਦੋ ਕਿਤਾਬਚੇ ਜਾਰੀ ਕੀਤੇ ਗਏ, ਜਿਨ੍ਹਾਂ ਵਿਚ ਇਨ੍ਹਾਂ ਇਹਿਤਾਸਕ ਦਿਹਾੜਿਆਂ ਸਬੰਧੀ ਇਤਿਹਾਸ ਦਰਜ ਕੀਤਾ ਗਿਆ ਹੈ। ਇਹ ਕਿਤਾਬਚੇ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਸਕਾਲਰਾਂ ਵੱਲੋਂ ਤਿਆਰ ਕੀਤੇ ਗਏ ਹਨ, ਜਿਨ੍ਹਾਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤਾਂ ਵਿਚ ਭੇਟਾ ਰਹਿਤ ਵੰਡਿਆ ਜਾਵੇਗਾ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਵਿਦਿਅਕ ਅਦਾਰਿਆਂ ਦੇ ਪ੍ਰਬੰਧਕੀ ਤੇ ਅਕਾਦਮਿਕ ਕਾਰਜਾਂ ਨੂੰ ਵਿਚਾਰਨ ਲਈ ਐਜੂਕੇਸ਼ਨ ਕਮੇਟੀ ਦੀ ਇਕੱਤਰਤਾ ਵੀ ਹੋਈ। ਜਿਸ ਵਿਚ ਵਿਦਿਅਕ ਅਦਾਰਿਆਂ ਦੇ ਕੰਮ-ਕਾਜ ਨੂੰ ਹੋਰ ਬੇਹਤਰ ਬਣਾਉਣ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਸਕੂਲਾਂ ਕਾਲਜਾਂ ਨਾਲ ਸਬੰਧਤ ਕਈ ਪ੍ਰਬੰਧਕੀ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਗਈ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂੰ, ਸ. ਅਵਤਾਰ ਸਿੰਘ ਵਣਵਾਲਾ, ਸ. ਤੇਜਿੰਦਰਪਾਲ ਸਿੰਘ ਲਾਡਵਾਂ, ਸ. ਪਿ੍ਰਤਪਾਲ ਸਿੰਘ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਮਨਜੀਤ ਸਿੰਘ ਬੱਪੀਆਣਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਦੀਪ ਸਿੰਘ ਰੋਡੇ, ਸ. ਪਰਮਜੀਤ ਸਿੰਘ ਦੁਨੀਆ ਮਾਜਰਾ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਿਮਰਜੀਤ ਸਿੰਘ, ਸਹਾਇਕ ਡਾਇਰੈਕਟਰ ਵਿਦਿਆ ਪਿ੍ਰੰਸੀਪਲ ਸਤਵੰਤ ਕੌਰ, ਇੰਚਾਰਜ ਸ. ਗੁਰਿੰਦਰਪਾਲ ਸਿੰਘ ਠਰੂ, ਸ. ਕਾਰਜ ਸਿੰਘ, ਸ. ਬਿਕਰਮਜੀਤ ਸਿੰਘ ਝੱਗੀ, ਸ. ਗੁਰਪ੍ਰੀਤ ਸਿੰਘ, ਆਈ. ਏ. ਸ. ਇੰਦਰਮੋਹਨ ਸਿੰਘ ਆਦਿ ਹਾਜ਼ਰ ਸਨ।
Share the post "ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ"