ਕਿਸਾਨਾਂ ਨੂੰ ਕਣਕ ਦੇ ਮੰਡੀਕਰਨ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ
ਸੁਖਜਿੰਦਰ ਮਾਨ
ਬਠਿੰਡਾ, 12 ਅਪ੍ਰੈਲ : ਸੂਬਾ ਸਰਕਾਰ ਵੱਲੋਂ ਕਣਕ ਦੀ ਸੁਚੱਜੀ ਅਤੇ ਨਿਰਵਿਘਨ ਖਰੀਦ ਦੇ ਮੱਦੇਨਜ਼ਰ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਇੱਕ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਬਠਿੰਡਾ (ਸ਼ਹਿਰੀ) ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸਥਾਨਕ ਮੁੱਖ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਸ. ਗਿੱਲ ਨੇ ਕਿਸਾਨਾਂ ਨੂੰ ਭਰੋਸਾ ਦਵਾਉਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਰੀਦੀ ਫਸਲ ਦੀ ਅਦਾਇਗੀ ਨਾਲੋਂ-ਨਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਮੰਡੀ ਚ ਕਿਸਾਨਾਂ ਲਈ ਸਾਫ਼ ਪੀਣ ਯੋਗ ਪਾਣੀ, ਰੌਸ਼ਨੀ, ਛਾਂ ਆਦਿ ਤੋਂ ਇਲਾਵਾ ਮੁੱਖ ਅਨਾਜ ਮੰਡੀ ਵਿਚ ਖਰੀਦ ਸਬੰਧੀ ਸਾਰੇ ਪੁਖ਼ਤਾ ਇੰਤਜਾਮ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀ ਵਿਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਤੁਰੰਤ ਖਰੀਦ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।ਇਸ ਦੌਰਾਨ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆ ਅਧਿਕਾਰੀਆਂ ਨੇ ਕਿਹਾ ਕਿ ਉਹ ਆਪਣੀ ਸਾਫ਼ ਤੇ ਸੁੱਕੀ ਫ਼ਸਲ ਹੀ ਮੰਡੀ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ, ਜ਼ਿਲ੍ਹਾ ਮੰਡੀ ਅਫ਼ਸਰ ਗੁਰਵਿੰਦਰ ਸਿੰਘ, ਸੈਕਟਰੀ ਮਾਰਕੀਟ ਕਮੇਟੀ ਹਰਪ੍ਰੀਤ ਸਿੰਘ, ਮੰਡੀ ਬੋਰਡ ਦੇ ਅਧਿਕਾਰੀ ਦਾਰਾ ਸਿੰਘ, ਫ਼ੂਡ ਸਪਲਾਈ ਅਧਿਕਾਰੀ ਹਰਸ਼ਦ ਮਹਿਤਾ ਅਤੇ ਤਿਰਲੋਕ ਚੰਦ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।
ਕਣਕ ਦੀ ਫ਼ਸਲ ਦਾ ਦਾਣਾ-ਦਾਣਾ ਜਾਵੇਗਾ ਖ਼ਰੀਦਿਆ : ਜਗਰੂਪ ਸਿੰਘ ਗਿੱਲ
16 Views