ਸੁਖਜਿੰਦਰ ਮਾਨ
ਬਠਿੰਡਾ, 2 ਅਪ੍ਰੈਲ : ਪਿਛਲੇ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਹੇ ਮੀਂਹ ਕਾਰਨ ਪੰਜਾਬ ਵਿੱਚ ਲੱਖਾਂ ਏਕੜ ਕਣਕ ਸਮੇਤ ਹੋਰ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਵਲੋਂ ਐਲਾਨੇ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਨੂੰ ਕਿਰਤੀ-ਕਿਸਾਨ ਯੂਨੀਅਨ ਨੇ ਰੱਦ ਕਰ ਦਿੱਤਾ ਹੈ। ਅੱਜ ਇੱਥੇ ਜਾਰੀ ਬਿਆਨ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ ਨੇ ਕਿਹਾ ਕਿ ਮੀਂਹ ਨਾਲ ਹੋਏ ਨੁਕਸਾਨ ਦੇ ਸੰਬੰਧ ਵਿੱਚ 31 ਮਾਰਚ ਨੂੰ ਪੰਜਾਬ ਦੀ ਕੈਬਨਿਟ ਮੀਟਿੰਗ ਵਿਚ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਐਲਾਨ ਮੁਤਾਬਕ ਜਿਸ ਖੇਤ ਵਿਚ ਕਣਕ ਦੀ ਪੂਰੀ ਫ਼ਸਲ ਤਬਾਹ ਹੋ ਗਈ ਹੈ, ਉਨ੍ਹਾਂ ਕਿਸਾਨਾਂ ਨੂੰ 15 ਹਜ਼ਾਰ ਪ੍ਰਤੀ ਏਕੜ ਹਿਸਾਬ ਨਾਲ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ ਪ੍ਰੰਤੂ ਇਹ ਮੁਆਵਜ਼ਾ ਬਹੁਤ ਘੱਟ ਹੈ । ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਪਹਿਲਾਂ ਹੀ ਕਰਜ਼ੇ ਦੀ ਪੰਡ ਥੱਲੇ ਦੱਬੀ ਹੋਈ ਹੈ ਤੇ ਹੁਣ ਮੀਂਹ ਨਾਲ ਹੋਏ ਨੁਕਸਾਨ ਦੀ ਭਰਪਾਈ ਕਦੀ ਵੀ ਪੂਰੀ ਨਾ ਹੋਣ ਵਾਲੀ ਹੈ। ਇਸ ਹਾਲਤ ਵਿਚ ਸਰਕਾਰ ਨੂੰ ਕਿਸਾਨਾਂ ਦੀ ਬਾਂਹ ਫੜਨ ਦੀ ਜ਼ਰੂਰਤ ਹੈ । ਉਨ੍ਹਾਂ ਮੰਗ ਕੀਤੀ ਕਿ ਕਣਕ ਦੀ ਫ਼ਸਲਾਂ ਦੇ ਨੁਕਸਾਨ ਤੋਂ ਇਲਾਵਾ ਮੀਂਹ ਨਾਲ ਡਿੱਗੇ ਹੋਏ ਮਕਾਨਾਂ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਐਨਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਮਸਲੇ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਚ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕੀਤਾ ਜਾਵੇਗਾ।
Share the post "ਕਣਕ ਦੇ ਖ਼ਰਾਬੇ ਦੇ 15000 ਐਲਾਨੇ ਮੁਆਵਜ਼ੇ ਨੂੰ ਕਿਰਤੀ ਕਿਸਾਨ ਯੂਨੀਅਨ ਨੇ ਕੀਤਾ ਰੱਦ"