ਸਲੱਮ ਤੇ ਸੰਘਣੀ ਆਬਾਦੀ ਵਾਲੇ ਏਰੀਏ ਚ ਲਗਾਏ ਜਾਣ ਸਪੈਸ਼ਲ ਕੈਂਪ
ਸੁਖਜਿੰਦਰ ਮਾਨ
ਬਠਿੰਡਾ, 11 ਮਈ : ਕਰੋਨਾ ਵਾਇਰਸ ਦੀ ਸੰਭਾਵੀਂ ਆਗਾਮੀ ਲਹਿਰ ਤੋਂ ਬਚਾਅ ਲਈ ਜ਼ਿਲ੍ਹੇ ਅੰਦਰ ਕਰੋਨਾ ਵੈਕਸੀਨੇਸ਼ਨ ਯਕੀਨੀ ਬਣਾਇਆ ਜਾਵੇ। ਪਿੰਡ ਤੇ ਸਲੱਮ ਏਰੀਏ ਵਿਚ ਵੱਧ ਤੋਂ ਵੱਧ ਟੀਮਾਂ ਦਾ ਗਠਨ ਕਰਕੇ ਸਪੈਸ਼ਲ ਕੈਂਪ ਲਗਾਏ ਜਾਣ ਤਾਂ ਜੋ ਜ਼ਿਲ੍ਹੇ ਦਾ ਕੋਈ ਵੀ ਵਸਨੀਕ ਕਰੋਨਾ ਵੈਕਸੀਨੇਸ਼ਨ ਤੋਂ ਵਾਝਾਂ ਨਾ ਰਹਿ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਈ ਸੂਬਿਆਂ ਵਿੱਚ ਕਰੋਨਾ ਮਹਾਂਮਾਰੀ ਦੇ ਫੇਰ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ 100 ਫੀਸਦੀ ਵੈਕਸ਼ੀਨੇਸ਼ਨ ਕਰਨੀ ਲਾਜ਼ਮੀ ਬਣਾਈ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਖਾਸ ਕਰਕੇ ਸਲੱਮ ਜਾਂ ਜ਼ਿਆਦਾ ਸੰਘਣੀ ਆਬਾਦੀ ਵਾਲੇ ਪ੍ਰਭਾਵਿਤ ਖੇਤਰਾਂ ਵਿਚ ਪਹਿਲ ਦੇ ਆਧਾਰ ਤੇ ਸਪੈਸ਼ਲ ਕੈਂਪ ਲਗਾ ਕੇ ਵੈਕਸੀਨੇਸ਼ਨ ਕਰਨੀ ਯਕੀਨੀ ਬਣਾਈ ਜਾਵੇ। ਕਰੋਨਾ ਦੇ ਸਪੈਸ਼ਲ ਵੈਕਸੀਨੇਸ਼ਨ ਕੈਂਪ ਲਗਾਉਣ ਤੋਂ ਪਹਿਲਾਂ ਇਸ ਸਬੰਧੀ ਬਕਾਇਦਾ ਮੁਨਿਆਦੀ ਕਰਵਾ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਕਰੋਨਾ ਵੈਕਸੀਨੇਸ਼ਨ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪੰਚਾਇਤਾਂ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਵੱਧ ਤੋਂ ਵੱਧ ਸਹਿਯੋਗ ਲਿਆ ਜਾਵੇ। ਇਸ ਮੌਕੇ ਉਨ੍ਹਾਂ ਹਦਾਇਤ ਕੀਤੀ ਕਿ ਕੋਈ ਵੀ ਮਗਨਰੇਗਾ ਮਜ਼ਦੂਰ ਵੈਕਸੀਨੇਸ਼ਨ ਤੋਂ ਵਾਝਾਂ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਰੋਨਾ ਵੈਕਸੀਨੇਸ਼ਨ ਸਬੰਧੀ ਰੋਜ਼ਾਨਾ ਰਿਪੋਰਟ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਪਹੁੰਚਾਉਣੀ ਲਾਜ਼ਮੀ ਬਣਾਈ ਜਾਵੇ।
ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਫ਼ੈਕਟਰੀਆਂ ਵਿੱਚ ਜਿਨ੍ਹਾਂ ਮਜ਼ਦੂਰਾ ਨੇ ਅਜੇ ਤੱਕ ਦੂਜੀ ਡੋਜ਼ ਨਹੀਂ ਲਗਵਾਈ ਤਾਂ ਉਹ ਸਪੈਸ਼ਲ ਕੈਂਪ ਲਗਾ ਕੇ ਲਗਾਉਣੀ ਯਕੀਨੀ ਬਣਾਉਣ। ਉਨ੍ਹਾਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਭੱਠਿਆਂ ਆਦਿ ਤੇ ਕੰਮ ਕਰਨ ਵਾਲੇ ਮਜ਼ਦੂਰਾਂ ਦੇ ਵੈਕਸੀਨੇਸ਼ਨ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਜਿਨ੍ਹਾਂ ਨੇ ਹਾਲੇ ਤੱਕ ਕੋਈ ਵੀ ਵੈਕਸੀਨੇਸ਼ਨ ਦੀ ਡੋਜ਼ ਨਹੀਂ ਲਗਾਵਾਈ ਤਾਂ ਉਨ੍ਹਾਂ ਨੂੰ ਵੀ ਕਰੋਨਾ ਵੈਕਸੀਨੇਸ਼ਨ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਸਬੰਧੀ ਸਮੇਂ-ਸਮੇਂ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ ਅਜੇ ਤੱਕ ਵੈਕਸ਼ੀਨ ਨਹੀਂ ਲਗਵਾਈ ਤਾਂ ਵੈਕਸ਼ੀਨੇਸ਼ਨ ਕਰਵਾਉਣੀ ਯਕੀਨੀ ਬਣਾਉਣ, ਤਾਂ ਜੋ ਜ਼ਿਲ੍ਹੇ ਨੂੰ ਕਰੋਨਾ ਮਹਾਂਮਾਰੀ ਦੇ ਪ੍ਰਭਾਵ ਤੋਂ ਮੁਕਤ ਰੱਖਿਆ ਜਾ ਸਕੇ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੈਕਸ਼ੀਨੇਸ਼ਨ ਕਰਨ ਲਈ ਜ਼ਿਲਾ ਪ੍ਰਸ਼ਾਸਨ ਅਤੇ ਟੀਮਾਂ ਨੂੰ ਪੂਰਨ ਸਹਿਯੋਗ ਦੇਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਨਵੀਨ ਗਡਵਾਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਿਨਾਕਸ਼ੀ ਸਿੰਗਲਾ, ਜ਼ਿਲ੍ਹਾ ਕਰੋਨਾ ਸੈੱਲ ਦੇ ਨੋਡਲ ਅਫ਼ਸਰ ਸ੍ਰੀ ਮਨਪ੍ਰੀਤ ਅਰਸ਼ੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਮੇਵਾ ਸਿੰਘ, ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜ਼ਰ ਸ਼੍ਰੀ ਪ੍ਰੀਤ ਮਹਿੰਦਰ ਸਿੰਘ ਬਰਾੜ ਤੋਂ ਇਲਾਵਾ ਸਮੂਹ ਐਸਐਮਓਜ਼ ਆਦਿ ਹਾਜ਼ਰ ਸਨ।
ਕਰੋਨਾ ਦੀ ਆਗਾਮੀ ਲਹਿਰ ਤੋਂ ਬਚਾਅ ਲਈ ਵੈਕਸੀਨੇਸ਼ਨ ਜ਼ਰੂਰੀ : ਸ਼ੌਕਤ ਅਹਿਮਦ ਪਰੇ
5 Views