ਸੁਖਜਿੰਦਰ ਮਾਨ
ਬਠਿੰਡਾ, 30 ਦਸੰਬਰ: ਪੰਜਾਬ ਸਰਕਾਰ ਦੁਆਰਾ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸਥਾਨਕ ਮਿੰਨੀ ਸਕੱਤਰੇਤ ਅੱਗੇ ਚੱਲ ਰਿਹਾ ਦਿਨ ਰਾਤ ਦਾ ਪੱਕਾ ਕਿਸਾਨ ਮੋਰਚਾ ਅੱਜ ਗਿਆਰਵੇਂ ਦਿਨ ਵੀ ਜਾਰੀ ਰਿਹਾ। ਅੱਜ ਸਟੇਜ ਤੋਂ ਸੰਬੋਧਨ ਕਰਦਿਆਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ ਅਤੇ ਔਰਤ ਜੱਥੇਬੰਦੀ ਦੇ ਆਗੂ ਪਰਮਜੀਤ ਕੌਰ ਪਿੱਥੋ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਿਰਫ ਐਲਾਨ ਹੀ ਕੀਤੇ ਜਾਂਦੇ ਹਨ ਤੇ ਇੰਨ੍ਹਾਂ ਐਲਾਨਾਂ ਉਪਰ ਕੋਈ ਅਮਲ ਨਹੀਂ ਹੋਇਆ। ਜਗਦੇਵ ਸਿੰਘ ਜੋਗੇਵਾਲਾ ਅਤੇ ਹਰਪ੍ਰੀਤ ਕੌਰ ਜੇਠੂਕੇ ਨੇ ਕਿਹਾ ਕਿ ਇਸ ਵਾਰ ਨਰਮੇ ਦੀ ਫਸਲ ’ਤੇ ਹੋਏ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ 29 ਸਤੰਬਰ ਤੋਂ ਕਿਸਾਨਾਂ ਨੇ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ ਪ੍ਰੰਤੂ ਹਾਲੇ ਤੱਕ ਕਿਸਾਨਾਂ ਨੂੰ ਪੂਰਨ ਮੁਆਵਜ਼ਾ ਨਹੀਂ ਮਿਲ ਸਕਿਆ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਨਰਮੇ ਦੇ ਮੁਆਵਜ਼ੇ ਸਬੰਧੀ ਪੰਜ ਏਕੜ ਤਕ ਮੁਆਵਜ਼ਾ ਦੇਣ ਦੀ ਸ਼ਰਤ ਹਟਾਈ ਜਾਵੇ ਅਤੇ ਕਿਸਾਨਾਂ ਖਿਲਾਫ਼ ਅੰਦੋਲਨ ਦੌਰਾਨ ਅਤੇ ਪਰਾਲੀ ਸਾੜਨ ਸਬੰਧੀ ਦਰਜ ਕੀਤੇ ਪੁਲਸ ਕੇਸ ਤੁਰੰਤ ਰੱਦ ਕੀਤੇ ਜਾਣ। ਅੱਜ ਦੇ ਧਰਨੇ ਦੌਰਾਨ ਡੀਟੀਐਫ ਨੇ ਕਿਸਾਨਾਂ ਦੀ ਹਿਮਾਇਤ ਦੇਣ ਦਾ ਐਲਾਨ ਕੀਤਾ। ਅੱਜ ਦੀ ਸਟੇਜ ਤੋਂ ਰਾਮ ਸਿੰਘ ਨਿਰਮਾਣ, ਹਰਮਨ ਸ਼ਤਰਾਂ, ਦਵਿੰਦਰ ਭੂੰਦੜ, ਹਰਸ਼ ਪਥਰਾਲਾ ,ਗੁਰਮੇਲ ਸਿੰਘ ਭੂੰਦੜ ਨੇ ਵੀ ਸੰਬੋਧਨ ਕੀਤਾ।
ਕਿਸਾਨਾਂ ਦਾ ਪੱਕਾ ਮੋਰਚਾ ਗਿਆਰਵੇਂ ਦਿਨ ਵੀ ਜਾਰੀ
9 Views