ਪੰਜਾਬੀ ਖ਼ਬਰਸਾਰ ਬਿਉਰੋ
ਸੰਗਰੂਰ, 13 ਅਕਤੂਬਰ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇੱਥੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਸਾਹਮਣੇ ਪਟਿਆਲਾ ਰੋਡ ‘ਤੇ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ। ਸਟੇਜ ਤੋਂ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 7 ਅਕਤੂਬਰ ਦੀ ਮੀਟਿੰਗ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਬਾਰੇ ਧਾਰੀ ਹੋਈ ਮੁਜਰਮਾਨਾ ਚੁੱਪ 15 ਅਕਤੂਬਰ ਨੂੰ “ਲਲਕਾਰ ਦਿਵਸ“ ਮੌਕੇ ਲਾਮਿਸਾਲ ਇਕੱਠ ਰਾਹੀਂ ਤੋੜੀ ਜਾਵੇਗੀ। ਇਨ੍ਹਾਂ ਮੰਗਾਂ ਵਿੱਚ ਬੀਤੇ ਵਰ੍ਹੇ ਜਾਂ ਐਤਕੀਂ ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸਕਾਂ ਨਾਲ, ਗੜੇਮਾਰੀ/ਭਾਰੀ ਮੀਂਹਾਂ ਜਾਂ ਵਾਇਰਲ ਰੋਗ ਨਾਲ ਕਈ ਜ?ਿਲ੍ਹਿਆਂ ‘ਚ ਤਬਾਹ ਹੋਏ ਨਰਮੇ ਤੇ ਹੋਰ ਫਸਲਾਂ ਸਮੇਤ ਨੁਕਸਾਨੇ ਗਏ ਮਕਾਨਾਂ ਦਾ ਪੂਰਾ ਪੂਰਾ ਮੁਆਵਜਾ ਕਾਸਤਕਾਰ ਕਿਸਾਨਾਂ ਤੇ ਖੇਤ ਮਜਦੂਰਾਂ ਚ ਤੁਰੰਤ ਵੰਡਾਉਣ ਲਈ, ਧਰਤੀ ਹੇਠਲੇ ਅਤੇ ਦਰਿਆਈ ਪਾਣੀਆਂ ਦੀ ਮਾਲਕੀ ਸਾਮਰਾਜੀ ਕਾਰਪੋਰੇਟਾਂ ਨੂੰ ਸੌਂਪਣ ਵਾਲੀ ਸੰਸਾਰ ਬੈਂਕ ਦੀ ਜਲ ਨੀਤੀ ਸਮੇਤ ਦੌਧਰ ਵਰਗੇ ਨਿੱਜੀ ਜਲ-ਸੋਧ ਪ੍ਰਾਜੈਕਟ ਰੱਦ ਕਰਾ ਕੇ ਸਰਕਾਰੀ ਜਲ ਸਪਲਾਈ ਸਕੀਮ ਪਹਿਲਾਂ ਵਾਂਗ ਜਾਰੀ ਰੱਖਣ ਲਈ,ਜੀਰਾ ਨੇੜੇ ਪ੍ਰਦੂਸਣ ਦਾ ਗੜ੍ਹ ਬਣੀ ਹੋਈ ਸਰਾਬ ਫੈਕਟਰੀ ਨੂੰ ਤੁਰਤ ਬੰਦ ਕਰਾਉਣ ਲਈ, ਵੱਡੀਆਂ ਸਨਅਤਾਂ ਅਤੇ ਸਹਿਰੀ ਪ੍ਰਬੰਧਕੀ ਅਦਾਰਿਆਂ ਦੁਆਰਾ ਨਦੀਆਂ ਨਾਲਿਆਂ ਸੇਮਾਂ ਅਤੇ ਧਰਤੀ ਹੇਠਲੇ ਪਾਣੀ ਦਾ ਪ੍ਰਦੂਸਣ ਤੁਰੰਤ ਰੋਕਣ ਲਈ, ਭਾਰਤ ਮਾਲਾ ਹਾਈਵੇ ਪ੍ਰਾਜੈਕਟ ਲਈ ਨਿਗੂਣਾ ਜਿਹਾ ਮੁਆਵਜਾ ਜਾਰੀ ਕਰਕੇ ਜਮੀਨਾਂ ਉੱਤੇ ਪੁਲਿਸ ਦੇ ਜੋਰ ਕਬਜੇ ਰੋਕਣ ਲਈ, ਆਪਣੀ ਜਮੀਨ ਨੂੰ ਪੱਧਰ/ਨੀਂਵੀਂ ਕਰਨ ਦਾ ਹੱਕ ਖੋਹਣ ਵਾਲਾ ਮਾਈਨਿੰਗ ਕਾਨੂੰਨ ਰੱਦ ਕਰਾਉਣ ਲਈ, ਐਮ. ਐੱਸ. ਪੀ. ‘ਤੇ ਹਰ ਕਿਸਾਨ ਦੇ ਪੂਰੇ ਝੋਨੇ ਦੀ ਖਰੀਦ ਬਿਨਾਂ ਸਰਤ ਕਰਵਾਉਣ ਲਈ, ਬਿਨਾਂ ਸਾੜੇ ਤੋਂ ਪਰਾਲੀ ਸਾਂਭਣ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿਵਾਉਣ ਜਾਂ ਫਿਰ ਮਜਬੂਰੀ-ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖਤੀ ਬੰਦ ਕਰਾਉਣ ਲਈ, ਅੱਗੇ ਤੋਂ ਇਸ ਪ੍ਰਦੂਸਣ ਦੇ ਮੁਕੰਮਲ ਖਾਤਮੇ ਲਈ ਝੋਨੇ ਦੀ ਬਿਜਾਈ ਪੂਰੀ ਤਰ੍ਹਾਂ ਬੰਦ ਕਰਨ ਖਾਤਰ ਇਸ ਦੀ ਥਾਂ ਬਦਲਵੀਆਂ ਫਸਲਾਂ ਮੱਕੀ, ਮੂੰਗੀ,ਗੁਆਰੀ, ਬਾਸਮਤੀ ਆਦਿ ਦਾ ਐਮ. ਐੱਸ. ਪੀ. ਸਵਾਮੀਨਾਥਨ ਰਿਪੋਰਟ ਅਨੁਸਾਰ ਲਾਭਕਾਰੀ ਮਿਥ ਕੇ ਬਿਨਾਂ ਸਰਤ ਖਰੀਦ ਦੀ ਕਾਨੂੰਨੀ ਗਰੰਟੀ ਕਰਾਉਣ ਲਈ, ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜਾ ਮਾਰਕੀਟ ਰੇਟ ਮੁਤਾਬਕ ਪੂਰਾ ਦਿਵਾਉਣ ਲਈ, ਸੰਸਾਰ ਬੈਂਕ ਦੀ ਹਦਾਇਤ ਮੁਤਾਬਿਕ ਕੇਂਦਰ ਵੱਲੋਂ ਮੜ੍ਹੀ ਗਈ ਜਮੀਨੀ-ਬੈਂਕ ਨੀਤੀ ਰੱਦ ਕਰਦਿਆਂ ਪੰਚਾਇਤੀ ਸਾਮਲਾਟ ਜੁਮਲਾ ਮਾਲਕਾਨ ਸਰਕਾਰੀ ਜਮੀਨਾਂ ਉੱਤੇ ਖੇਤੀ ਜਾਂ ਰਿਹਾਇਸ ਕਰ ਰਹੇ ਬੇਜਮੀਨੇ ਥੁੜਜਮੀਨੇ ਕਿਸਾਨਾਂ ਮਜਦੂਰਾਂ ਨੂੰ ਇਸ ਦੇ ਮਾਲਕੀ ਹੱਕ ਦਿਵਾਉਣ ਲਈ, ਲੋਕਾਂ ਦੇ ਹੱਕੀ ਜਮਹੂਰੀ ਅੰਦੋਲਨਾਂ ਦੌਰਾਨ ਪੁਲਿਸ ਜਬਰ ਬੰਦ ਕਰਾਉਣ ਅਤੇ ਪਿਛਲੀਆਂ ਸਰਕਾਰਾਂ ਸਮੇਤ ਹੁਣ ਮਜਦੂਰਾਂ ਕਿਸਾਨਾਂ ‘ਤੇ ਦਰਜ ਕੀਤੇ ਮਕੱਦਮੇ ਪਰਾਲੀ ਕੇਸਾਂ ਸਮੇਤ ਵਾਪਿਸ ਲੈਣ ਦੀ ਮੰਨੀ ਹੋਈ ਮੰਗ ਤੁਰੰਤ ਲਾਗੂ ਕਰਾਉਣ ਦੇ ਭਖਦੇ ਮਸਲੇ ਸਾਮਲ ਹਨ। ਕਿਸਾਨ ਆਗੂ ਨੇ ਨਰਮਾ ਤਬਾਹੀ ਕਾਰਨ ਮਜਦੂਰਾਂ ਦੇ ਰੁਜਗਾਰ-ਉਜਾੜੇ ਦਾ ਮੁਆਵਜਾ ਵੰਡਣਾ ਸੁਰੂ ਕਰਨ ਨੂੰ ਇਸ ਮੋਰਚੇ ਦੀ ਸੁਰੂਆਤੀ ਜਿੱਤ ਕਰਾਰ ਦਿੱਤਾ। ਇਸ ਧਰਨੇ ਨੂੰ ਸੰਬਧਨ ਕਰਨ ਵਾਲਿਆਂ ਵਿਚ ਸੂਬਾ ਸਕੱਤਰ ਸਿੰਗਾਰਾ ਸਿੰਘ ਮਾਨ, ਸੁਨਾਮ ਬਲਾਕ ਦੀ ਆਗੂ ਚਰਨਜੀਤ ਕੌਰ , ਜਸਪਾਲ ਸਿੰਘ ਮਾਨਸਾ , ਗੁਰਪਾਸ ਸਿੰਘ ਸਿੰਘੇਵਾਲਾ ਮੁਕਤਸਰ,ਕੇਵਲ ਸਿੰਘ ਭੜੀ ਮਲੇਰਕੋਟਲਾ, ਦਲਜੀਤ ਸਿੰਘ ਗਿੱਲਵਾਲੀ ਗੁਰਦਾਸਪੁਰ,ਭਗਤ ਸਿੰਘ ਛੰਨਾਂ ਬਰਨਾਲਾ ਕਿਸਾਨ ਆਗੂਆਂ ਤੋਂ ਇਲਾਵਾ ਪੰਜਾਬ ਸਟੂਡੈਂਟ ਯੂਨੀਅਨ (ਸਹੀਦ ਰੰਧਾਵਾ) ਦੇ ਜਿਲ੍ਹਾ ਪ੍ਰਧਾਨ ਰਮਨ ਸਿੰਘ ਕਾਲਾਝਾੜ ਅਤੇ ਪੰਜਾਬ ਖੇਤ ਮਜਦੂਰ ਯੂਨੀਅਨ ਦੀ ਆਗੂ ਬਲਜੀਤ ਕੌਰ ਲਹਿਲਕਲਾਂ ਸਾਮਲ ਸਨ।ਸਟੇਜ ਉੱਤੇ ਹਾਜਰ ਪ੍ਰਮੁੱਖ ਸੂਬਾ ਆਗੂਆਂ ਵਿੱਚ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਰੂਪ ਸਿੰਘ ਛੰਨਾਂ,ਜਨਕ ਸਿੰਘ ਭੁਟਾਲ ਅਤੇ ਜਗਤਾਰ ਸਿੰਘ ਕਾਲਾਝਾੜ ਸਾਮਲ ਸਨ।
Share the post "ਕਿਸਾਨਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪੱਕਾ ਮੋਰਚਾ ਪੰਜਵੇਂ ਦਿਨ ਵੀ ਰਿਹਾ ਜਾਰੀ"