33 ਫ਼ੀਸਦੀ ਸਬਸਿਡੀ ਤੇ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ ਬੀਜ਼
ਸੁਖਜਿੰਦਰ ਮਾਨ
ਬਠਿੰਡਾ, 20 ਅਪ੍ਰੈਲ : ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਨਰਮੇ ਦੀ ਬਿਜਾਈ ਕਰਨ ਲਈ ਨਹਿਰੀ ਪਾਣੀ ਦੀ ਕੋਈ ਵੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਖੇਤੀਬਾੜੀ ਤੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਹਿਦਾਇਤਾਂ ਦਿੰਦਿਆਂ ਕਿਹਾ ਕਿ ਧਰਤੀ ਦੇ ਹੇਠਲੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਘੱਟ ਪਾਣੀ ਵਾਲੀਆਂ ਫ਼ਸਲਾਂ ਉਗਾਉਣ ਲਈ ਵੱਧ ਤੋਂ ਵੱਧ ਪਿੰਡਾਂ ਵਿੱਚ ਕੈਂਪ ਲਗਾ ਕੇ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਾਉਣੀ ਦੀ ਮੁੱਖ ਫ਼ਸਲ ਨਰਮੇ ਨੂੰ ਮੁੱਖ ਰੱਖਦਿਆਂ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਕੋਈ ਵੀ ਸਮੱਸਿਆ ਨਾ ਆਉਣ ਦਿੱਤੀ ਜਾਵੇ। ਇਸ ਦੌਰਾਨ ਨਹਿਰੀ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਨੇ ਦੱਸਿਆ ਕਿ ਮੌਜੂਦਾ ਸਮੇਂ 30 ਤੋਂ 40 ਫ਼ੀਸਦੀ ਪਾਣੀ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਨਰਮੇ ਦੀ ਫ਼ਸਲ ਦੀ ਬਿਜਾਈ ਨੂੰ ਮੁੱਖ ਰੱਖਦਿਆਂ ਕੱਲ੍ਹ ਤੋਂ ਨਹਿਰੀ ਪਾਣੀ ਦੀ ਸਪਲਾਈ 100 ਫ਼ਸੀਦੀ ਕਰ ਦਿੱਤੀ ਜਾਵੇਗੀ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਵੱਧ ਤੋਂ ਵੱਧ ਨਰਮੇ ਦੀ ਕਾਸ਼ਤ ਦੇ ਮੱਦੇਨਜ਼ਰ ਕਿਸਾਨਾਂ ਨੂੰ 33 ਫ਼ੀਸਦੀ ਸਬਸਿਡੀ ਤੇ ਬੀਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਕਿਸਾਨ ਇਹ ਬੀਜ https://agrisubsidy.agrimachinerypb.com/#/seed-registration ਪੋਰਟਲ ਤੇ ਅਪਲਾਈ ਕਰਕੇ ਪ੍ਰਾਪਤ ਕਰ ਸਕਦੇ ਹਨ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਦਿਲਬਾਗ ਸਿੰਘ ਹੀਰ, ਫੀਲਡ ਅਫ਼ਸਰ ਸੁਖਬੀਰ ਸਿੰਘ ਸੋਢੀ, ਕਾਰਜਕਾਰੀ ਇੰਜੀਨੀਅਰ ਗੁਰਸਾਗਰ ਸਿੰਘ ਅਤੇ ਕੋਟਲਾ ਬਰਾਂਚ ਦੇ ਕਾਰਜਕਾਰੀ ਇੰਜੀਨੀਅਰ ਜਗਮੀਤ ਸਿੰਘ ਆਦਿ ਹਾਜ਼ਰ ਸਨ।
Share the post "ਕਿਸਾਨਾਂ ਨੂੰ ਨਰਮੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਨਹੀਂ ਆਉਣ ਦਿੱਤੀ ਜਾਵੇਗੀ ਘਾਟ : ਸ਼ੌਕਤ ਅਹਿਮਦ ਪਰੇ"