ਕਿਸਾਨ ਹੁਣ 25 ਨੂੰ ਘੇਰਣਗੇ ਬਠਿੰਡਾ ਦਾ ਮਿੰਨੀ ਸਕੱਤਰੇਤ
ਸੁਖਜਿੰਦਰ ਮਾਨ
ਬਠਿੰਡਾ, 19 ਅਕਤੂਬਰ : ਨਰਮਾ ਅਤੇ ਹੋਰ ਫਸਲਾਂ ਦੇ ਖਰਾਬੇ ਦੇ ਮੁਆਵਜੇ ਨੂੰ ਲੈ ਕੇ ਪਿਛਲੇ ਕਰੀਬ 15 ਦਿਨਾਂ ਤੋਂ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰੀ ਬੈਠੇ ਕਿਸਾਨਾਂ ਨੇ ਅੱਜ ਅਗਲੇ ਐਕਸ਼ਨ ਦਾ ਐਲਾਨ ਕਰਦਿਆਂ ਵਿਤ ਮੰਤਰੀ ਦੀ ਕੋਠੀ ਅੱਗਿਓ ਧਰਨਾ ਚੁੱਕ ਲਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਐਲਾਨ ਕੀਤਾ ਕਿ ਹੁਣ 25 ਅਕਤੂਬਰ ਨੂੰ ਬਠਿੰਡਾ ਮਿੰਨੀ ਸੈਕਟਰੀਏਟ ਘੇਰਿਆ ਜਾਵੇਗਾ। ਅੱਜ ਮੋਰਚੇ ਨੂੰ ਸੰਬੋਧਨ ਕਰਨ ਪੁੱਜੇ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਐਲਾਨ ਕੀਤਾ ਕਿ ਜੇਕਰ ਫਿਰ ਵੀ ਸਰਕਾਰ ਨੇ ਕਿਸਾਨਾਂ ਮਜਦੂਰਾਂ ਦੀ ਗੱਲ ਨਾ ਸੁਣੀ ਤਾਂ ਭਾਜਪਾ ਵਾਂਗ ਕਾਂਗਰਸ ਦਾ ਵੀ ਪਿੰਡਾਂ ਸਹਿਰਾਂ ਵਿੱਚ ਬਾਈਕਾਟ ਕਰ ਕੇ ਇਸ ਦਾ ਵਿਰੋਧ ਕੀਤਾ ਜਾਵੇਗਾ। ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਪੰਦਰਾਂ ਦਿਨਾਂ ਤੋਂ ਬਾਦਲ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਬੈਠੇ ਕਿਸਾਨਾਂ ਮਜਦੂਰਾਂ ਦੀ ਮੰਗ ਨੂੰ ਪੰਜਾਬ ਸਰਕਾਰ ਨੇ ਬਿਲਕੁਲ ਅਣਗੌਲਿਆਂ ਕਰ ਦਿੱਤਾ ਹੈ। ਜਿਸਦੇ ਚੱਲਦੇ ਕਿਸਾਨਾਂ ਨੂੰ ਸਖ਼ਤ ਫੈਸਲੇ ਲੈਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਮੌਕੇ ਕਿਸਾਨ ਆਗੂ ਮੋਠੂ ਸਿੰਘ ਕੋਟੜਾ, ਰਾਮ ਸਿੰਘ ਭੈਣੀਬਾਘਾ,ਗੁਰਭਗਤ ਸਿੰਘ ਭਲਾਈਆਣਾ, ਗੁਰਭੇਜ ਸਿੰਘ ਰੋਹੀ ਆਲਾ ਅਤੇ ਔਰਤ ਜਥੇਬੰਦੀ ਦੇ ਆਗੂ ਪਰਮਜੀਤ ਕੌਰ ਪਿੱਥੋ ਨੇ ਕਿਸਾਨਾਂ ,ਮਜ਼ਦੂਰਾਂ ਅਤੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਅੱਜ ਤੋਂ ਹੀ 25 ਦੀ ਵੱਡੀ ਲਾਮਬੰਦੀ ਵਾਸਤੇ ਤਿਆਰੀ ਵਿੱਚ ਜੁਟ ਜਾਣ।