ਸੁਖਜਿੰਦਰ ਮਾਨ
ਬਠਿੰਡਾ, 29 ਮਾਰਚ: ਗੁਲਾਬੀ ਸੁੰਡੀ ਦੇ ਹਮਲੇ ਕਾਰਨ ਤਬਾਹ ਹੋਈ ਨਰਮੇ ਦੇ ਖਰਾਬੇ ਦਾ ਮੁਆਵਜਾ ਲੈਣ ਲਈ ਲੰਬੀ ਵਿਖੇ ਕਿਸਾਨਾਂ ਤੇ ਮਜਦੂਰਾਂ ਵਲੋਂ ਲਗਾਏ ਧਰਨੇ ਪੁਲਿਸ ਵਲੋਂ ਕੀਤੇ ਲਾਠੀਚਾਰਜ਼ ਦੀ ਨਿੰਦਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਆਪ ਸਰਕਾਰ ਨੂੰ ਤੁਰੰਤ ਜਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ। ਇੱਥੇ ਜਾਰੀ ਬਿਆਨ ਵਿਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਨਰਮੇ ਦੀ ਤਬਾਹ ਹੋਈ ਫਸਲ ਦਾ ਮੁਆਵਜ਼ਾ ਲੈਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਸੀ ਪ੍ਰੰਤੂ ਸ਼੍ਰੀ ਮੁਕਤਸਰ ਸਾਹਿਬ ਦੇ ਮਾਲ ਅਧਿਕਾਰੀ ਲਗਾਤਾਰ ਟਾਲਮਟੋਲ ਕਰ ਰਹੇ ਸਨ। ਇਸ ਮੁਆਵਜੇ ਨੂੰ ਵੰਡਾਉਣ ਲਈ ਕਿਸਾਨਾਂ ਵੱਲੋਂ ਚੱਲ ਰਹੇ ਧਰਨੇ ਦੌਰਾਨ ਕੱਲ੍ਹ ਰਾਤ ਕਿਸਾਨਾਂ ਮਜਦੂਰਾਂ ’ਤੇ ਲਾਠੀਚਾਰਜ ਕਰ ਕੇ ਸੱਤ ਕਿਸਾਨ ਮਜਦੂਰਾਂ ਨੂੰ ਫੱਟੜ ਕਰਨ ਅਤੇ ਉਲਟਾ ਕਿਸਾਨਾਂ ’ਤੇ ਹੀ ਸੰਗੀਨ ਧਾਰਾਵਾਂ ਲਾ ਕੇ ਮੁਕੱਦਮੇ ਦਰਜ ਕਰ ਦਿੱਤੇ ਗਏ ਹਨ। ਉਨ੍ਹਾਂ ਇੰਨ੍ਹਾਂ ਕੇਸਾਂ ਨੂੰ ਤੁਰੰਤ ਰੱਦ ਕਰਨ ਅਤੇ ਕਿਸਾਨਾਂ ਨੂੰ ਖੱਜਲ ਖੁਆਰ ਕਰਨ ਵਾਲੇ ਮਾਲ ਮਹਿਕਮੇ ਦੇ ਅਧਿਕਾਰੀਆਂ ਅਤੇ ਲਾਠੀਚਾਰਜ ਕਰਨ ਵਾਲੇ ਪੁਲੀਸ ਅਧਿਕਾਰੀਆਂ ਵਿਰੁਧ ਕਾਰਵਾਈ ਦੀ ਮੰਗ ਕਰਦਿਆਂ ਐਲਾਨ ਕੀਤਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
Share the post "ਕਿਸਾਨ ਜਥੇਬੰਦੀ ਉਗਰਾਹਾ ਨੇ ਖੇਤ ਮਜਦੂਰਾਂ ‘ਤੇ ਹੋਏ ਪੁਲਿਸ ਲਾਠੀਚਾਰਜ਼ ਦੀ ਕੀਤੀ ਨਿੰਦਾ"