ਸੁਖਜਿੰਦਰ ਮਾਨ
ਬਠਿੰਡਾ, 19 ਨਵੰਬਰ : ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਇੱਕ ਵਫ਼ਦ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਸੂਬਾ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਾਉਣ ਲਈ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਪਹੁੰਚਿਆ। ਇਸ ਮੌਕੇ ਬੁਲਾਰਿਆਂ ਨੇ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਮੌਕੇ ਵਧਾਈ ਦਿੰਦਿਆਂ ਕੇਂਦਰ ਵਲੋਂ ਲਏ ਫੈਸਲੇ ਦਾ ਸਵਾਗਤ ਕਰਦਿਆਂ ਐਲਾਨ ਕੀਤਾ ਕਿ ਕਿਸਾਨ ਮੰਗਾਂ ਪੂਰੀਆਂ ਹੋਣ ਤੱਕ ਉਹ ਡਟੇ ਰਹਿਣਗੇ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਬੱਗੀ ਨੇ ਦੱਸਿਆ ਕਿ ਖੇਤੀ ਧੰਦਾ ਲਾਹੇਵੰਦ ਬਣਾਉਣ ਲਈ ਅਤੇ ਅੱਜ ਦੇ ਮਲਕ ਭਾਗੋਆਂ ਅਤੇ ਬਾਬਰਾਂ ਖਲਿਾਫ ਸੰਘਰਸ਼ ਕਰ ਕਿ ਬਾਬੇ ਦੇ ਬੋਲਾਂ “ਉੱਤਮ ਖੇਤੀ “ ਨੂੰ ਸੱਚ ਕਰ ਕੇ ਪੁਗਾਉਣ ਦੀ ਲੋੜ ਹੈ। ਇਸ ਦੌਰਾਨ ਵਫਦ ਨੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਦੌਰਾਨ ਜਥੇਬੰਦੀ ਵੱਲੋਂ ਲਗਾਤਾਰ ਸੰਘਰਸ਼ ਕਰ ਕੇ ਮਨਵਾਏ ਹੋਏ ਨਰਮੇ ਦੇ ਖ਼ਰਾਬੇ ਦੇ ਮੁਆਵਜ਼ੇ ਦੇ ਹੱਕਦਾਰ ਕਿਸਾਨਾਂ ਮਜਦੂਰਾਂ ਦੀ ਲਿਸਟ ਜਾਰੀ ਕਰਨ, ਡੀਏਪੀ ਖਾਦ ਦੀ ਕਮੀ ਪੂਰੀ ਕਰਨ , ਨਕਲੀ ਡੀਏਪੀ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣ ,ਮੰਡੀਆਂ ਚ ਪਏ ਝੋਨੇ ਦੀ ਤੁਰੰਤ ਚੁਕਾਈ ਕਰਵਾਉਣ ਅਤੇ ਝੋਨੇ ਦੀ ਅਦਾਇਗੀ ਚ ਪਾਈਆਂ ਰੁਕਾਵਟਾਂ ਦੂਰ ਕਰਕੇ ਤੁਰੰਤ ਕਿਸਾਨਾਂ ਦੇ ਖਾਤੇ ਵਿੱਚ ਪਾਉਣ ਆਦਿ ਮੰਗਾਂ ਤੇ ਡਿਪਟੀ ਕਮਿਸ਼ਨਰ ਬਠਿੰਡਾ ਨੇ ਦੋ ਦਿਨਾਂ ਵਿਚ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਦਿਵਾਇਆ।ਇਸ ਮੌਕੇ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ , ਬਲਜੀਤ ਸਿੰਘ ਪੂਹਲਾ ,ਅਵਤਾਰ ਸਿੰਘ ਪੂਹਲਾ, ਅਮਰੀਕ ਸਿੰਘ ਸਿਵੀਆਂ, ਕੁਲਵੰਤ ਸ਼ਰਮਾ ਰਾਏਕੇ ਕਲਾਂ ,ਅਜੇਪਾਲ ਸਿੰਘ ਘੁੱਦਾ ,ਕਾਲਾ ਸਿੰਘ ਚੱਠੇਵਾਲਾ, ਕੁਲਵਿੰਦਰ ਸਿੰਘ ਗਿਆਨਾ, ਭੋਲਾ ਸਿੰਘ ਮਾੜੀ ਹਾਜਰ ਸਨ।
ਕਿਸਾਨ ਜਥੇਬੰਦੀ ਦਾ ਵਫ਼ਦ ਡੀਸੀ ਨੂੰ ਮਿਲਿਆ
12 Views