6 Views
ਕਿਸਾਨ ਆਗੂਆਂ ਨੇ ਮੁਲਾਜ਼ਮ ਜੱਥੇਬੰਦੀਆਂ ਨਾਲ ਮਿਲ ਕੇ ਸਾਂਝਾ ਸੰਘਰਸ਼ ਵਿੱਢਣ ਦਾ ਲਿਆ ਅਹਿਦ
ਸੁਖਜਿੰਦਰ ਮਾਨ
ਬਠਿੰਡਾ, 4 ਅਪ੍ਰੈਲ: ਅੱਜ ਬਠਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ,ਪੰਜਾਬ ਰਾਜ ਮਨਿਸਟਰੀਅਲ ਸਟਾਫ਼ ਯੂਨੀਅਨ ਅਤੇ ਪਟਵਾਰ ਰੈਵਨਿਊ ਯੂਨੀਅਨ ਦੀ ਮੀਟਿੰਗ ਹੋਈ ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਜ਼ਿਲ੍ਹਾ ਬਠਿੰਡਾ ਜਨਰਲ ਸਕੱਤਰ ਹਰਜਿੰਦਰ ਸਿੰਘ , P S M S U ਦੇ ਸੂਬਾਈ ਚੇਅਰਮੈਨ ਮੇਘ ਸਿੰਘ ਸਿੱਧੂ ਤੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਰਾਜਬੀਰ ਸਿੰਘ ਮਾਨ ਅਤੇ ਰੈਵੀਨਿਊ ਪਟਵਾਰ ਯੂਨੀਅਨ ਬਠਿੰਡਾ ਦੇ ਪ੍ਰਧਾਨ ਸੁਖਪ੍ਰੀਤ ਸਿੰਘ ਢਿੱਲੋਂ ਸ਼ਾਮਲ ਹੋਏ । ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਸ਼ਿੰਗਾਰਾ ਸਿੰਘ ਮਾਨ ਅਤੇ ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਜੋ ਪਿਛਲੇ ਦਿਨੀਂ ਲੰਬੀ ਵਿੱਚ ਕਿਸਾਨਾਂ ਮਜਦੂਰਾਂ ਤੇ ਲਾਠੀਚਾਰਜ ਕੀਤਾ ਸੀ ਉਸ ਦੇ ਸਿੱਧਾ ਜ਼ਿੰਮੇਵਾਰ ਡੀਸੀ ਮੁਕਤਸਰ ਹਰਪ੍ਰੀਤ ਸੂਦਨ ਜਿਸ ਦਾ ਭਾਵੇਂ ਤਬਾਦਲਾ ਹੋ ਚੁੱਕਾ ਹੈ ਨੇ ਮਹਿਕਮੇ ਦੇ ਮੁਲਾਜ਼ਮਾਂ ਨੂੰ ਉਕਸਾ ਕੇ ਕਿਸਾਨਾਂ ਖ਼ਿਲਾਫ਼ ਭੜਕਾਉਣ ਦੀ ਕੋਸ਼ਿਸ਼ ਕੀਤੀ । ਉਨ੍ਹਾਂ ਦੱਸਿਆ ਕਿ ਮੁਲਾਜ਼ਮ ਇਹ ਚਾਲਾਂ ਸਮਝ ਚੁੱਕੇ ਸਨ । ਅੱਜ ਦੀ ਮੀਟਿੰਗ ਵਿੱਚ ਵਿਚਾਰ ਵਟਾਂਦਰੇ ਤੋਂ ਬਾਅਦ ਫ਼ੈਸਲਾ ਕੀਤਾ ਗਿਆ ਕਿ ਕਿਸਾਨਾਂ ਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸਾਂਝੀਆਂ ਹਨ ਅਤੇ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਸਾਂਝੀ ਲੜਾਈ ਦੀ ਲੋੜ ਹੈ । ਰੋਜ਼ਾਨਾ ਹੀ ਆਪਣੇ ਕੰਮ ਧੰਦਿਆਂ ਲਈ ਕਿਸਾਨਾਂ ਤੇ ਮੁਲਾਜ਼ਮਾਂ ਵੱਲੋਂ ਇਕੱਠੇ ਹੋ ਕੇ ਇੱਕ ਦੂਜੇ ਦੇ ਮਸਲੇ ਹੱਲ ਕੀਤੇ ਜਾਂਦੇ ਹਨ । ਉਨ੍ਹਾਂ ਕਿਹਾ ਕਿ ਅਸਲ ਵਿੱਚ ਪਟਵਾਰੀਆਂ ਦੀਆਂ ਅਸਾਮੀਆਂ ਬਹੁਤ ਵੱਡੀ ਪੱਧਰ ਤੇ ਖਾਲੀ ਪਈਆਂ ਹਨ ਜਿਸ ਕਾਰਨ ਕਿਸਾਨਾਂ ਨੂੰ ਮਾਲ ਮਹਿਕਮੇ ਦੇ ਦਫਤਰਾਂ ਵਿਚ ਆ ਕੇ ਖੱਜਲ ਖੁਆਰ ਹੋਣਾ ਪੈ ਰਿਹਾ ਹੈ । ਜਾਣਕਾਰੀ ਮੁਤਾਬਕ ਪੰਜਾਬ ਵਿੱਚ ਕੁੱਲ 4716 ਪਟਵਾਰੀਆਂ ਦੀਆਂ ਅਸਾਮੀਆਂ ਹਨ ਜਿਨ੍ਹਾਂ ਵਿੱਚੋਂ ਸਿਰਫ਼ 1600 ਪਟਵਾਰੀ ਹੀ ਇੰਨੇ ਵੱਡੇ ਬੋਝ ਦੀ ਜ਼ਿੰਮੇਵਾਰੀ ਨਿਭਾਅ ਰਹੇ ਹਨ । ਦੋਵੇਂ ਜਥੇਬੰਦੀਆਂ ਵੱਲੋਂ ਮੰਗ ਕੀਤੀ ਗਈ ਕਿ ਪਟਵਾਰੀਆਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ । ਮੀਟਿੰਗ ਵਿਚ ਸਾਂਝਾ ਫ਼ੈਸਲਾ ਕੀਤਾ ਗਿਆ ਕਿ ਕਿਸਾਨਾਂ ਮੁਲਾਜ਼ਮਾਂ ਦੀਆਂ ਜੋ ਵੀ ਸਮੱਸਿਆਵਾਂ ਹਨ ਉਨ੍ਹਾਂ ਨੂੰ ਮਿਲ ਬੈਠ ਕੇ ਅਤੇ ਸਰਕਾਰਾਂ ਖ਼ਿਲਾਫ਼ ਸਾਂਝੇ ਸੰਘਰਸ਼ ਕਰਕੇ ਇਸ ਨੂੰ ਹੱਲ ਕੀਤਾ ਜਾਵੇਗਾ।