ਸੁਖਜਿੰਦਰ ਮਾਨ
ਬਠਿੰਡਾ, 04 ਮਾਰਚ: ਕੇਂਦਰ ਸਰਕਾਰ ਵਲੋਂ ਲਗਾਤਾਰ ਸੂਬਾ ਵਿਰੋਧੀ ਲਏ ਜਾ ਰਹੇ ਫੈਸਲਿਆਂ ਦੇ ਵਿਰੋਧ ’ਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋ ਸਥਾਨਕ ਅੰਬੇਦਕਰ ਚੌਕ ਵਿਚ ਮੋਦੀ ਸਰਕਾਰ ਦਾ ਪੁਤਲਾ ਫ਼ੂਕਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੀ ਰਾਸਟਰਪਤੀ ਦੇ ਨਾਮ ਇੱਕ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਰੇਸਮ ਸਿੰਘ ਯਾਤਰੀ ਤੇ ਬਲਦੇਵ ਸਿੰਘ ਸੰਦੋਹਾ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬੀਅਤ ਅਤੇ ਦੇਸ਼ ਦੀ ਕਿਸਾਨੀ ਉੱਪਰ ਆਏ ਦਿਨ ਨਿੱਤ ਨਵੇਂ ਹਮਲੇ ਕਰਨ ਅਤੇ ਆਪਣੀਆਂ ਕੋਝੀਆਂ ਚਾਲਾਂ ਚੱਲਣ ਤੋਂ ਬਾਜ ਨਹੀ ਆ ਰਹੀ ਹੈ ਜਿਸ ਦੀ ਤਾਜ਼ਾ ਮਿਸਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਹਰਿਆਣਾ ਨੂੰ ਬਾਹਰ ਕੱਢਣ ਤੋਂ ਮਿਲਦੀ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋ ਰਾਜਾਂ ਦੇ ਹੱਕਾਂ ਉੱਪਰ ਮਾਰੇ ਗਏ ਇਸ ਡਾਕੇ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋ ਉਲੀਕੇ ਪ੍ਰੋਗਰਾਮ ਤਹਿਤ ਅੱਜ ਕੇਂਦਰ ਵਿਰੁਧ ਨਾਅਰੇਬਾਜ਼ੀ ਵੀ ਕੀਤੀ ਗਈ ਹੈ। ਇਸ ਮੌਕੇ ਆਗੂਆਂ ਨੇ ਰਾਸਟਰਪਤੀ ਕੋਲੋ ਮੰਗ ਕੀਤੀ ਕਿ ਉਹ ਸੰਵਿਧਾਨ ਦੀ ਰਾਖੀ ਕਰਦਿਆਂ ਪੰਜਾਬ ਅਤੇ ਹਰਿਆਣਾ ਦੀ ਭਾਖੜਾ ਬਿਆਸ ਮੈਨੇਜਮੈਂਟ ਵਿੱਚ ਬਣਦੀ ਨੁਮਾਇੰਦਗੀ ਤੁਰੰਤ ਬਹਾਲ ਕੀਤੀ ਜਾਵੇ ਅਤੇ ਕਿਸਾਨਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਐੱਮ.ਐੱਸ.ਪੀ. ‘ਤੇ ਗਾਰੰਟੀ ਕਾਨੂੰਨ ਬਣਾਉਣਾ, ਕਿਸਾਨਾਂ ਉੱਪਰ ਦਰਜ ਮੁਕੱਦਮੇ ਖਤਮ ਕਰਨਾ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਅਤੇ ਸਰਕਾਰੀ ਨੌਕਰੀ ਦੇਣਾ,ਲਖੀਮਪੁਰ ਖੀਰੀ ਦੇ ਦੋਸ਼ੀ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਬਰਖਾਸਤ ਕਰਨਾ ਅਤੇ ਅਸ਼ੀਸ਼ ਮਿਸ਼ਰਾ ਟੈਨੀ ਦੀ ਜਮਾਨਤ ਰੱਦ ਕਰਕੇ ਸਖਤ ਸਜਾ ਦੇਣਾ ਆਦਿ ਰਹਿੰਦੀਆਂ ਮੰਗਾਂ ਵੀ ਪੂਰੀਆਂ ਕਰਵਾਉਣ ਲਈ ਕੇਂਦਰ ਸਰਕਾਰ ਉੱਪਰ ਦਬਾਅ ਬਣਾਉਣ। ਇਸ ਮੌਕੇ ਆਗੂ ਰਣਜੀਤ ਸਿੰਘ, ਮੁਖਤਿਆਰ ਸਿੰਘ, ਅਰਜਨ ਸਿੰਘ ਫੂਲ ,ਅੰਗਰੇਜ ਸਿੰਘ ਕਲਿਆਣ, ਜਵਾਹਰ ਸਿੰਘ ਕਲਿਆਣ, ਭੋਲਾ ਸਿੰਘ ਕੋਟੜਾ, ਜਸਵੰਤ ਸਿੰਘ , ਕੁਲਵੰਤ ਸਿੰਘ, ਬਲਵਿੰਦਰ ਸਿੰਘ ਜੋਧਪੁਰ ਆਦਿ ਆਗੂ ਸਾਮਲ ਸਨ।
ਕਿਸਾਨ ਯੂਨੀਅਨ ਸਿੱਧੂਪੁਰ ਨੇ ਫ਼ੂਕਿਆ ਕੇਂਦਰ ਸਰਕਾਰ ਦਾ ਪੁਤਲਾ
6 Views