ਕਿਹਾ ਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ‘ਚ ਕਿਸਾਨਾਂ ਲਈ ਕੀਤਾ ਜਾਵੇਗਾ ਐਲਾਨ
ਗੰਨਾ ਕਾਸ਼ਤਕਾਰਾਂ ਨੂੰ 14 ਦਿਨਾਂ ਦੇ ਅੰਦਰ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਵਿਸਥਾਰਿਤ ਕਾਰਜਵਿਧੀ ਕੀਤੀ ਜਾਵੇਗੀ ਵਿਕਸਿਤ
ਸਾਰੀਆਂ ਸਹਿਕਾਰੀ ਖੰਡ ਮਿੱਲਾਂ 15 ਨਵੰਬਰ ਤੱਕ ਚਾਲੂ ਕਰਵਾ ਦਿੱਤੀਆਂ ਜਾਣਗੀਆਂ
ਪੰਜਾਬੀ ਖ਼ਬਰਸਾਰ ਬਿਉਰੋ
ਜਲੰਧਰ, 28 ਸਤੰਬਰ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸਤਕਾਰਾਂ ਦੀਆਂ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਵਾਪਸ ਲੈ ਲਿਆ ਹੈ। ਸਥਾਨਕ ਸਰਕਟ ਹਾਊਸ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 3 ਅਕਤੂਬਰ 2022 ਨੂੰ ਵਿਧਾਨ ਸਭਾ ਸੈਸਨ ਦੌਰਾਨ ਅਧਿਕਾਰਤ ਐਲਾਨ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੋਰਨਾਂ ਤੋਂ ਇਲਾਵਾ ਫਸਲ ਦੇ ਭਾਅ ਸਮੇਤ ਗੰਨਾ ਕਾਸਤਕਾਰਾਂ ਦੇ ਮਸਲਿਆਂ ਨੂੰ ਲੈ ਕੇ ਚਿੰਤਤ ਹੈ ਅਤੇ ਮੁੱਖ ਮੰਤਰੀ ਖੁਦ ਗੰਨਾ ਕਾਸ਼ਤਕਾਰਾਂ ਦੀਆਂ ਹੱਕੀ ਮੰਗਾਂ ਬਾਰੇ ਐਲਾਨ ਕਰਨਗੇ। ਸੂਬੇ ਦੇ ਕਿਸਾਨਾਂ ਨੂੰ ਸਭ ਤੋਂ ਪਹਿਲੀ ਤਰਜੀਹ ਦੇਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਇੱਕ ਵਿਸਥਾਰਤ ਕਾਰਜਵਿਧੀ ਵਿਕਸਿਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ, ਜਿੱਥੇ ਗੰਨਾ ਉਤਪਾਦਕਾਂ ਨੂੰ 14 ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਦੀ ਅਦਾਇਗੀ ਕੀਤੀ ਜਾਵੇਗੀ। ਇਸੇ ਤਰ੍ਹਾਂ ਸਾਰੀਆਂ ਖੰਡ ਮਿੱਲਾਂ 15 ਨਵੰਬਰ ਤੋਂ ਪਹਿਲਾਂ ਚਾਲੂ ਕਰਨ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀਆਂ ਫਸਲਾਂ ਸਬੰਧੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਇਹ ਵੀ ਦੱਸਿਆ ਕਿ ਭੋਗਪੁਰ ਸੂਗਰ ਮਿੱਲ ਦਾ ਮੁੱਦਾ ਵੀ ਵਿਚਾਰ ਅਧੀਨ ਹੈ ਅਤੇ ਇਸ ਨੂੰ ਨਿਰਧਾਰਤ ਸਮਾਂ ਸੀਮਾ ਤੱਕ ਚਾਲੂ ਕਰ ਦਿੱਤਾ ਜਾਵੇਗਾ। ਫਗਵਾੜਾ ਸੂਗਰ ਮਿੱਲ ਨੂੰ ਚਾਲੂ ਕਰਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ।
ਪਰਾਲੀ ਸਾੜਨ ਦੇ ਮੁੱਦੇ ‘ਤੇ ਬੋਲਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂਹੰਦ ਨੂੰ ਸਾੜਨ ਦੇ ਰੁਝਾਨ ਨੂੰ ਘੱਟ ਤੋਂ ਘੱਟ ਕਰਨ ਲਈ ਹਰ ਲੋੜੀਂਦੀ ਮਸੀਨਰੀ ਅਤੇ ਸਹੂਲਤਾਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਕਿਉਂਕਿ ਇਹ ਸਾਡੀ ਸਿਹਤ ਲਈ ਬਹੁਤ ਵੱਡਾ ਖਤਰਾ ਹੈ। ਉਨ੍ਹਾਂ ਕਿਸਾਨਾਂ ਨੂੰ ਰਾਜ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਸੂਬਾ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। 150 ਕਰੋੜ ਦੇ ਕਥਿਤ ਖੇਤੀ ਮਸੀਨਰੀ ਘਪਲੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਮੁਕੰਮਲ ਕਰ ਲਈ ਗਈ ਹੈ ਅਤੇ ਜਲਦ ਹੀ ਦੋਸੀ ਵਿਅਕਤੀਆਂ ਿਖਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Share the post "ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੰਗਾਂ ਜਲਦ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸਤਕਾਰਾਂ ਨੇ ਰੋਸ ਪ੍ਰਦਰਸ਼ਨ ਦਾ ਸੱਦਾ ਲਿਆ ਵਾਪਸ"