ਸੁਖਜਿੰਦਰ ਮਾਨ
ਬਠਿੰਡਾ, 28 ਨਵੰਬਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਅਤੇ ਫ਼ਲਸਫ਼ਾ’ ਵਿਸ਼ੇ ‘ਤੇ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋ. ਹਰਬੰਸ ਸਿੰਘ ਅਤੇ ਸਿੱਖ ਵਿਸ਼ਵਕੋਸ਼ ਵਿਭਾਗ ਦੇ ਮੁਖੀ ਪ੍ਰੋ. ਪਰਮਵੀਰ ਸਿੰਘ ਵਿਸ਼ੇਸ਼ ਬੁਲਾਰੇ ਵਜੋਂ ਸ਼ਾਮਲ ਹੋਏ। ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਪ੍ਰੋ. ਪਰਮਵੀਰ ਸਿੰਘ ਨੇ ਆਪਣੇ ਲੈਕਚਰ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ, ਸ਼ਹਾਦਤ ਅਤੇ ਸਿੱਖਿਆਵਾਂ ’ਤੇ ਚਾਨਣਾ ਪਾਇਆ੍ਟ ਉਨ੍ਹਾਂ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਸਾਹਿਬ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ 15 ਰਾਗਾਂ ਵਿੱਚ 59 ਸ਼ਬਦ ਅਤੇ 57 ਸ਼ਲੋਕ ਦੇ ਰੂਪ ਵਿੱਚ ਦਰਜ ਹਨ, ਜੋ ਮਨੁੱਖੀ ਸਭਿਅਤਾ ਨੂੰ ਲਾਲਚ ਤੋਂ ਦੂਰ ਰਹਿਣ, ਸ਼ਾਂਤੀ ਦੇ ਮਾਰਗ ’ਤੇ ਚੱਲਣ, ਨਿਡਰ ਰਹਿਣ, ਪਰਮਾਤਮਾ ਵਿੱਚ ਵਿਸ਼ਵਾਸ ਕਰਨ, ਸੰਜਮ ਰੱਖਣ ਅਤੇ ਮਨੁੱਖਤਾ ਦੀ ਰਾਖੀ ਲਈ ਬਲੀਦਾਨ ਕਰਨ ਲਈ ਹਮੇਸ਼ਾ ਤਿਆਰ ਰਹਿਣ ਲਈ ਪ੍ਰੇਰਨਾ ਦਿੰਦੀ ਹੈ।
ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਗੁਰੂ ਸਾਹਿਬ ਦਾ ਫ਼ਲਸਫ਼ਾ ਅਤੇ ਸਿੱਖਿਆਵਾਂ ਸਦੀਵੀ ਹਨ ਅਤੇ ਇਹ ਸਾਡੇ ਸਮਾਜ ਨੂੰ ਸ਼ਾਂਤੀ ਨਾਲ ਰਹਿਣ ਅਤੇ ਇੱਕ ਦੂਜੇ ਦੀ ਧਾਰਮਿਕ ਆਜ਼ਾਦੀ ਦਾ ਸਤਿਕਾਰ ਕਰਨ ਲਈ ਸੇਧ ਦਿੰਦੀਆਂ ਰਹਿਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਸਾਹਿਬਾਂ ਦੇ ਕਾਰਜ ਅਤੇ ਸਿੱਖਿਆਵਾਂ ਸਾਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਅਤੇ ਇਸ ਸੰਸਾਰ ਨੂੰ ਰਹਿਣ ਲਈ ਇੱਕ ਸਵਰਗ-ਰੂਪੀ ਸਥਾਨ ਬਣਾਉਣ ਲਈ ਹਮੇਸ਼ਾ ਪ੍ਰੇਰਨਾ ਦਿੰਦੀਆਂ ਰਹਿਣਗੀਆਂ।ਪ੍ਰੋਗਰਾਮ ਦੀ ਸ਼ੁਰੂਆਤ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਜ਼ਮੀਰਪਾਲ ਕੌਰ ਦੇ ਸਵਾਗਤੀ ਭਾਸ਼ਣ ਨਾਲ ਹੋਈ। ਪ੍ਰੋਗਰਾਮ ਦੌਰਾਨ ਮੰਚ ਦਾ ਸੰਚਾਲਨ ਡਾ. ਰਮਨਪ੍ਰੀਤ ਕੌਰ ਨੇ ਕੀਤਾ। ਡਾ. ਅਮਨਦੀਪ ਸਿੰਘ ਨੇ ਵਿਦਵਾਨ ਵਕਤਾ ਨਾਲ ਜਾਣ ਪਛਾਣ ਕਰਵਾਈ। ਅੰਤ ਵਿੱਚ ਡਾ. ਲਖਵੀਰ ਲੇਜ਼ੀਆ ਨੇ ਸਭ ਦਾ ਰਸਮੀ ਧੰਨਵਾਦ ਕੀਤਾ। ਇਸ ਪ੍ਰੋਗਰਾਮ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਤੋਂ ਅਧਿਆਪਕ, ਕਰਮਚਾਰੀ ਅਤੇ ਵਿਦਿਆਰਥੀ ਸ਼ਾਮਲ ਹੋਏ।
Share the post "ਕੇਂਦਰੀ ਯੂਨੀਵਰਸਿਟੀ ਵਿਖੇ ’ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਅਤੇ ਫ਼ਲਸਫ਼ਾ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਆਯੋਜਿਤ"