ਸੁਖਜਿੰਦਰ ਮਾਨ
ਬਠਿੰਡਾ, 9 ਜੂਨ: ਕੇਂਦਰ ਸਰਕਾਰ ਨੇ ਸਾਲ 2022-23 ਤੱਕ ਝੋਨੇ ਦੇ ਭਾਅ ’ਚ 100 ਰੁਪਏ ਪ੍ਰਤੀ ਕੁਇੰਟਲ ਅਤੇ ਹੋਰ ਖਰੀਫ ਫਸਲਾਂ ਦੀ ਐੱਮ.ਐੱਸ.ਪੀ ਵਿਚ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਕੇਂਦਰ ਸਰਕਾਰ ਦੀ ਸਖਤ ਨਿੰਦਿਆ ਕਰਦਿਆਂ ਇਸ ਨੂੰ ਮੁੱਢੋਂ ਰੱਦ ਕਰਦੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਮੁੱਖ ਸਕੱਤਰ ਜਰਨਲ ਰਾਮਕਰਨ ਸਿੰਘ ਰਾਮਾਂ ਨੇ ਅੱਜ ਗੱਲਬਾਤ ਦੌਰਾਨ ਕੀਤਾ। ਰਾਮਕਰਨ ਰਾਮਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਭਾਅ ਲਾਗਤ ਖਰਚਿਆਂ ਮੁਤਾਬੁਕ ਨਹੀ ਦਿੱਤਾ, ਸਗੋਂ ਹਰ ਸਾਲ ਸਿਰਫ ਸਿਆਸੀ ਭਾਅ ਦੇ ਕੇ ਕਿਸਾਨਾਂ ਨੂੰ ਕਰਜ਼ੇ ਵੱਲ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖਾਦਾਂ, ਬੀਜ਼ਾਂ, ਮਜ਼ਦੂਰੀ,ਕੀਟਨਾਸ਼ਕ ਦਵਾਈਆਂ, ਡੀਜ਼ਲ ਆਦਿ ਦੀਆਂ ਕੀਮਤਾਂ ਆਏ ਦਿਨ ਵਧ ਰਹੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਫਸਲਾਂ ‘ਤੇ ਹਰ ਸਾਲ ਜਿਆਦਾ ਪੈਸੇ ਖਰਚਨੇ ਪੈਂਦੇ ਹਨ, ਪਰ ਕੇਂਦਰ ਸਰਕਾਰ ਹਰ ਵਾਰ ਫਸਲਾਂ ਦੇ ਨਿਗੂਣੇ ਭਾਅ ਤੈਅ ਕਰ ਦਿੰਦੀ ਹੈ,ਜਿਸ ਨਾਲ ਕਿਸਾਨਾਂ ’ਤੇ ਭਾਰੀ ਆਰਥਿਕ ਬੋਝ ਵੱਧ ਰਿਹਾ ਹੈ ਅਤੇ ਕਿਸਾਨ ਦਿਨੋਂ ਦਿਨ ਕਰਜ਼ਾਈ ਹੁੰਦਾ ਹੋਇਆ ਖੁਦਕੁਸ਼ੀਆਂ ਕਰ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਡਾ. ਰਮੇਸ਼ ਚੰਦ ਦੀ ਅਗਵਾਈ ‘ਚ ਸਮਰਥਨ ਮੁੱਲ ਸੰਬੰਧੀ ਪ੍ਰਣਾਲੀ ਬਾਰੇ ਜਾਂਚ ਕਮੇਟੀ ਦੀ ਰਿਪੋਰਟ ਲਾਗੂ ਕਰਕੇ ਫਸਲਾਂ ਦੇ ਭਾਅ ਡਾਕਟਰ ਸੁਆਮੀਨਾਥਨ ਦੀ ( ਸੀ.ਟੂ ) ਰਿਪੋਰਟ ਮੁਤਾਬਕ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਫਸਲਾਂ ਦੇ ਭਾਅ ਡਾਕਟਰ ਸੁਆਮੀਨਾਥਨ ਦੀ ਸੀ-2 ਰਿਪੋਰਟ ਮੁਤਾਬਕ 50 ਫੀਸਦੀ ਮੁਨਾਫੇ ਅਨੁਸਾਰ ਤੈਅ ਨਹੀ ਕਰਦੀ, ਉਨ੍ਹਾਂ ਚਿਰ ਕਿਸਾਨਾਂ ਦਾ ਕੇਂਦਰ ਸਰਕਾਰ ਖਿਲਾਫ ਸੰਘਰਸ਼ ਜਾਰੀ ਰਹੇਗਾ।
Share the post "ਕੇਂਦਰ ਫਸਲਾਂ ਦੀ ਐੱਮ.ਐੱਸ.ਪੀ ’ਚ ਸੁਆਮੀਨਾਥਨ ਦੀ (ਸੀ.ਟੂ ) ਰਿਪੋਰਟ ਲਾਗੂ ਕਰੇ -ਰਾਮਕਰਨ ਰਾਮਾ"