ਅਗਾਊਂ ਤਿਆਰੀਆਂ ਸਬੰਧੀ ਕੀਤੀ ਸਮੀਖਿਆ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 31 ਅਗਸਤ : ਸੂਬਾ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਤਹਿਤ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਤੇ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ 1 ਤੋਂ 6 ਸਤੰਬਰ ਤੱਕ ਤੇ ਜ਼ਿਲ੍ਹਾ ਪੱਧਰੀ ਖੇਡਾਂ 12 ਤੋਂ 22 ਸਤੰਬਰ ਤੱਕ ਹੋ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਖੇਡਾਂ ਦੀਆਂ ਅਗਾਊਂ ਤਿਆਰੀਆਂ ਸਬੰਧੀ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਬਲਾਕਾਂ ਨਾਲ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਕਿਹਾ ਕਿ ਖਿਡਾਰੀਆਂ ਲਈ ਪੀਣ ਵਾਲੇ ਪਾਣੀ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਸਾਰੇ ਬਲਾਕਾਂ ਵਿੱਚ ਖੇਡਾਂ ਵਾਲੇ ਸਥਾਨਾਂ ਤੇ ਮੈਡੀਕਲ ਟੀਮਾਂ ਦਾ ਖਾਸ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਖੇਡਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਿਆ ਜਾ ਸਕੇ। ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅੱਗੇ ਹੋਰ ਦੱਸਿਆ ਕਿ ਬਲਾਕ ਪੱਧਰੀ ਇਹ ਖੇਡਾਂ ਬਠਿੰਡਾ, ਮੌੜ, ਭਗਤਾ ਭਾਈਕਾ, ਨਥਾਣਾ ਅਤੇ ਰਾਮਪੁਰਾ ਵਿਖੇ 1 ਤੋਂ 3 ਸਤੰਬਰ ਨੂੰ ਅਤੇ ਬਲਾਕ ਤਲਵੰਡੀ ਸਾਬੋ, ਗੋਨਿਆਣਾ, ਫੂਲ ਤੇ ਸੰਗਤ ਵਿਖੇ 4 ਤੋਂ 6 ਸਤੰਬਰ ਨੂੰ ਨਿਰਧਾਰਿਤ ਕੀਤੇ ਗਏ ਸਥਾਨਾਂ ਤੇ ਹੋਣਗੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਕਮਿਸ਼ਨਰ ਨਗਰ ਨਿਗਮ ਮੈਡਮ ਪਲਵੀ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਤਲਵੰਡੀ ਸਾਬੋ ਕੰਵਰਜੀਤ ਸਿੰਘ, ਐਸਡੀਐਮ ਮੌੜ ਸ਼੍ਰੀ ਵਰਿੰਦਰ ਸਿੰਘ, ਐਸਡੀਐਮ ਰਾਮਪੁਰਾ ਸ਼੍ਰੀ ਓਮ ਪ੍ਰਕਾਸ਼, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਅ ਅਫ਼ਸਰ ਸ. ਇਕਬਾਲ ਸਿੰਘ ਬੁੱਟਰ, ਜ਼ਿਲ੍ਹਾ ਖੇਡ ਅਫ਼ਸਰ ਸ. ਰੁਪਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਬਲਾਕਾਂ ਨਾਲ ਸਬੰਧਤ ਬੀਡੀਪੀਓਜ਼ ਆਦਿ ਹਾਜ਼ਰ ਸਨ।
Share the post "“ਖੇਡਾਂ ਵਤਨ ਪੰਜਾਬ ਦੀਆਂ“ ਦੌਰਾਨ ਖਿਡਾਰੀਆਂ ਨੂੰ ਨਹੀਂ ਆਉਣ ਦਿੱਤੀ ਜਾਵੇ ਕੋਈ ਸਮੱਸਿਆ: ਡੀਸੀ"