ਪੰਜਾਬ ਪੁਲਿਸ ਵੱਲੋਂ ਐਫ.ਆਈ.ਆਰ. ਦਰਜ , ਜ਼ਿੰਮੇਵਾਰ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ
ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ, 30 ਅਪ੍ਰੈਲ:ਲੁਧਿਆਣਾ ਵਿੱਚ ਗਿਆਸਪੁਰਾ ਗੈਸ ਲੀਕ ਘਟਨਾ ਦਾ ਨੋਟਿਸ ਲੈਂਦਿਆਂ, ਵਿਸ਼ੇਸ਼ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਪੂਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਲਾਕੇ ਦਾ ਦੌਰਾ ਕੀਤਾ।ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ, ਜਿਨ੍ਹਾਂ ਨਾਲ ਡਿਪਟੀ ਕਮਿਸ਼ਨਰ (ਡੀ.ਸੀ.) ਲੁਧਿਆਣਾ ਸੁਰਭੀ ਮਲਿਕ, ਪੁਲਿਸ ਕਮਿਸ਼ਨਰ (ਸੀ.ਪੀ.) ਲੁਧਿਆਣਾ ਮਨਦੀਪ ਸਿੰਘ ਸਿੱਧੂ ਅਤੇ ਨਗਰ ਨਿਗਮ ਕਮਿਸ਼ਨਰ ਸ਼ੀਨਾ ਅਗਰਵਾਲ ਵੀ ਮੌਜੂਦ ਸਨ, ਨੇ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਇਸ ਘਟਨਾ ਨੂੰ ਦਿਲ ਦਹਿਲਾ ਦੇਣ ਵਾਲੀ ਅਤੇ ਮੰਦਭਾਗੀ ਦੱਸਦਿਆਂ ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਦੋਸ਼ੀ ਦੀ ਭਾਲ ਲਈ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਕੀਮਤ ’ਤੇ ਬਰਕਰਾਰ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਂਚ ਲਈ ਮੈਜਿਸਟਰੇਟ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਮੁੱਖ ਇੰਜਨੀਅਰ ਵੱਲੋਂ ਪਹਿਲਾਂ ਹੀ ਮੌਕੇ ਤੋਂ ਨਮੂਨੇ ਲੈ ਲਏ ਗਏ ਹਨ।ਉਨ੍ਹਾਂ ਕਿਹਾ ਕਿ ਐਨ.ਡੀ.ਆਰ.ਐਫ. ਦੀ ਟੀਮ ਨੂੰ ਬੁਲਾਇਆ ਗਿਆ ਹੈ ਅਤੇ ਨਿਯਮਤ ਅੰਤਰਾਲਾਂ ’ਤੇ ਗੈਸ ਦੇ ਪੱਧਰਾਂ ਦੀ ਜਾਂਚ ਕੀਤੀ ਜਾ ਰਹੀ ਹੈ।ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਸਾਹਨੇਵਾਲ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 304 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
Share the post "ਗਿਆਸਪੁਰਾ ਗੈਸ ਲੀਕ: ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ ਵੱਲੋਂ ਲੁਧਿਆਣਾ ‘ਚ ਸਥਿਤੀ ਦਾ ਜਾਇਜ਼ਾ"