4 Views
ਸੁਖਜਿੰਦਰ ਮਾਨ
ਚੰਡੀਗੜ੍ਹ, 4 ਅਪਰੈਲ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਤੀਹ ਮਾਰਚ ਨੂੰ ਚੰਡੀਗੜ੍ਹ ‘ਚ ਪਈ ਫੇਰੀ ਤੋਂ ਬਾਅਦ ਚੰਡੀਗੜ੍ਹ ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਹੀ ਸਿਆਸੀ ਬਿਆਨਬਾਜ਼ੀ ਦੌਰਾਨ ਹੁਣ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਆਪਣਾ ਪੱਖ ਰੱਖਿਆ ਹੈ ਅੱਜ ਜਾਰੀ ਇਕ ਟਵੀਟ ਵਿੱਚ ਸ੍ਰੀ ਸਿੱਧੂ ਨੇ ਕੇਂਦਰ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ “ਚੰਡੀਗੜ੍ਹ ਤਾਂ ਇੱਕ ਬਹਾਨਾ, ਪੰਜਾਬ ਦੇ ਦਰਿਆਈ ਪਾਣੀਆਂ ਤੇ ਨਿਸ਼ਾਨਾ ਹੈ “। ਸ਼ਾਇਰਾਨਾ ਅੰਦਾਜ਼ ਵਿਚ ਨਵਜੋਤ ਸਿੰਘ ਸਿੱਧੂ ਨੇ ਲਿਖਿਆ ਹੈ ਕਹੀਂ ਪੇ ਨਿਗਾਹੇਂ,
ਕਹੀਂ ਪੇ ਨਿਸ਼ਾਨਾ। ਉਨ੍ਹਾਂ ਇਹ ਵੀ ਲਿਖਿਆ ਹੈ ਕਿ ਪੰਜਾਬ ਦੇ ਸਤਾਈ ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਚੰਡੀਗਡ਼੍ਹ ਪੰਜਾਬ ਦਾ ਸੀ ਅਤੇ ਪੰਜਾਬ ਦਾ ਰਹੇਗਾ। ਗੌਰਤਲਬ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਚੰਡੀਗੜ੍ਹ ਫੇਰੀ ਦੌਰਾਨ ਐਲਾਨ ਕੀਤਾ ਗਿਆ ਸੀ ਕਿ ਚੰਡੀਗਡ਼੍ਹ ਛੁੱਟੀ ਅਧੀਨ ਕੰਮ ਕਰਦੇ ਮੁਲਾਜ਼ਮਾਂ ਲਈ ਕੇਂਦਰੀ ਪੇਅ ਸਕੇਲ ਲਾਗੂ ਕੀਤਾ ਜਾਵੇਗਾ। ਜਿਸ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਇਸ ਸਬੰਧ ਵਿੱਚ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਸੀ। ਦੱਸਣਾ ਬਣਦਾ ਹੈ ਇਸ ਤੋਂ ਪਹਿਲਾਂ ਚੰਡੀਗੜ੍ਹ ਯੂ ਟੀ ਦੇ ਮੁਲਾਜ਼ਮਾਂ ਉਪਰ ਪੰਜਾਬ ਦਾ ਪੇ ਸਕੇਲ ਲਾਗੂ ਹੁੰਦਾ ਸੀ। ਪੰਜਾਬ ਦੀਆਂ ਵੱਖ ਵੱਖ ਪਾਰਟੀਆਂ ਨੇ ਨੇ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕਰਦਿਆਂ ਚੰਡੀਗੜ੍ਹ ‘ਤੇ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਸੀ। ਗੱਲ ਇੱਥੇ ਹੀ ਨਹੀਂ ਰੁਕੀ ਸੂਬੇ ਦੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਮੁੱਦੇ ‘ਤੇ ਗੰਭੀਰਤਾ ਦਿਖਾਉਂਦਿਆਂ ਇਕ ਰੋਜ਼ਾ ਵਿਸ਼ੇਸ਼ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਸੱਦਿਆ ਸੀ, ਜਿਸ ਵਿੱਚ ਅਕਾਲੀ ਭਾਜਪਾ ਨੂੰ ਛੱਡ ਸਮੂਹ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਕੇਂਦਰ ਸਰਕਾਰ ਕੋਲ ਚੰਡੀਗੜ੍ਹ ਪੰਜਾਬ ਨੂੰ ਤੁਰੰਤ ਦੇਣ ਦੀ ਮੰਗ ਕੀਤੀ ਸੀ। ਉਧਰ ਦੂਜੇ ਪਾਸੇ ਹਰਿਆਣਾ ਵਿੱਚ ਵੀ ਇਸ ਮੁੱਦੇ ‘ਤੇ ਸਿਆਸੀ ਘਮਾਸਾਨ ਮਚ ਗਿਆ ਸੀ ਜਿੱਥੇ ਕਾਂਗਰਸ ਪਾਰਟੀ ਵੱਲੋਂ ਇਸ ਮਾਮਲੇ ਵਿੱਚ ਕੇਜਰੀਵਾਲ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ ਹੈ ਉਥੇ ਬੀਤੇ ਕੱਲ ਹਰਿਆਣਾ ਵਜ਼ਾਰਤ ਦੀ ਵਿਸ਼ੇਸ਼ ਮੀਟਿੰਗ ਬੁਲਾਉਂਦਿਆਂ ਮੁੱਖਮੰਤਰੀ ਮਨੋਹਰ ਲਾਲ ਖੱਟਰ ਨੇ ਇਸ ਮੁੱਦੇ ‘ਤੇ ਭਲਕੇ ਪੰਜ ਅਪ੍ਰੈਲ ਨੂੰ ਹਰਿਆਣਾ ਵਿਧਾਨ ਸਭਾ ਸੈਸ਼ਨ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਸੱਦ ਲਿਆ ਹੈ।
Share the post "ਚੰਡੀਗੜ੍ਹ ਦੇ ਮੁੱਦੇ ‘ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਕੁੱਦੇ"