ਸੁਖਜਿੰਦਰ ਮਾਨ
ਬਠਿੰਡਾ, 14 ਮਾਰਚ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਐਡਵਾਇਜ਼ਰੀ ਕਮੇਟੀ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਹਦਾਇਤ ਕੀਤੀ ਕਿ ਛੋਟੇ ਬੱਚਿਆਂ, ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ, ਬਜ਼ੁਰਗਾਂ ਨੂੰ ਐਨਰਜੀ ਡਰਿੰਕਸ ਦੀ ਵਿਕਰੀ ਸਖ਼ਤੀ ਨਾਲ ਰੋਕਣਾ ਯਕੀਨੀ ਬਣਾਉਣ। ਇਸ ਦੌਰਾਨ ਜ਼ਿਲ੍ਹਾ ਸਿਹਤ ਅਫ਼ਸਰ ਨੇ ਪਿਛਲੇ ਮਹੀਨੇ ਦੀਆਂ ਫੂਡ ਬਰਾਂਚ ਦੀਆਂ ਰਿਪੋਰਟਾਂ ਡਿਪਟੀ ਕਮਿਸ਼ਨਰ ਨੂੰ ਪੇਸ਼ ਕੀਤੀ ਗਈਆਂ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਅਫ਼ਸਰ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਵੱਧ ਤੋਂ ਵੱਧ ਫੂਡ ਚੈਕਿੰਗ ਕੀਤੀ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਸਾਰੇ ਸਕੂਲਾਂ ਵਿੱਚ ਐਨਰਜੀ ਡਰਿੰਕਸ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਜਾਵੇ ਅਤੇ ਬੱਚਿਆਂ ਨੂੰ ਇਨ੍ਹਾਂ ਦੇ ਹੋਣ ਵਾਲੇ ਨੁਕਸਾਨਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਇਸ ਸਬੰਧੀ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਗਾਏ ਜਾਣ।ਇਸ ਮੌਕੇ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਐਨਰਜੀ ਡਰਿੰਕਸ ਵਿੱਚ ਕੈਫੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਸਿਹਤ ਲਈ ਬਹੁਤ ਹਾਨੀਕਾਰਕ ਹੈ। ਇਸ ਨਾਲ ਦਿਲ ਦੀ ਧੜਕਣ ਤੇਜ਼ ਹੁੰਦੀ ਹੈ ਜੋ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਖਤਰਨਾਕ ਸਾਬਿਤ ਹੋ ਸਕਦੀ ਹੈ। ਇਸ ਐਨਰਜੀ ਡਰਿੰਕਸ ਨੂੰ ਲਗਾਤਾਰ ਪੀਣ ਨਾਲ ਆਦਤ ਬਣ ਸਕਦੀ ਹੈ ਜੋ ਕਿ ਸਿਹਤ ਲਈ ਬਹੁਤ ਹਾਨੀਕਾਰਕ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪਲਵੀ ਚੌਧਰੀ, ਕਮਿਸ਼ਨਰ ਨਗਰ ਨਿਗਮ ਰਾਹੁਲ, ਜ਼ਿਲ੍ਹਾ ਸਿਹਤ ਅਫਸਰ ਡਾ. ਊਸ਼ਾ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼ਿਵਪਾਲ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੇਵਾ ਸਿੰਘ ਸਿੱਧੂ ਆਦਿ ਹਾਜ਼ਰ ਸਨ।
Share the post "ਛੋਟੇ ਬੱਚਿਆਂ, ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ, ਬਜ਼ੁਰਗਾਂ ਨੂੰ ਨਾ ਵੇਚੇ ਜਾਣ ਐਨਰਜੀ ਡਰਿੰਕਸ : ਸ਼ੌਕਤ ਅਹਿਮਦ ਪਰੇ"