ਪ੍ਰਸ਼ਾਸਨ ਨੇ ਗਣਤੰਤਰਾ ਦਿਵਸ ਮੌਕੇ ਠੇਕਾ ਮੁਲਾਜ਼ਮਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਦਿੱਤਾ ਭਰੋਸਾ
ਸੁਖਜਿੰਦਰ ਮਾਨ
ਬਠਿੰਡਾ,25 ਜਨਵਰੀ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਨੇੜੇ ਵੱਡੀ ਗਿਣਤੀ ਵਿੱਚ ਇਕੱਤਰ ਹੋਣ ਉਪਰੰਤ ਸ਼ਹਿਰ ਵਿੱਚ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਜਿਸਤੋਂ ਬਾਅਦ ਹਰਕਤ ਵਿਚ ਆਏ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਦੇਖਦਿਆਂ ਠੇਕਾ ਆਗੂਆਂ ਨੂੰ ਭਲਕੇ 11 ਵਜੇਂ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦਿੱਤਾ, ਜਿਸਤੋਂ ਬਾਅਦ ਠੇਕਾ ਮੁਲਾਜਮਾਂ ਨੇ ਆਪਣਾ ਰੋਸ਼ ਧਰਨਾ ਖ਼ਤਮ ਕਰ ਦਿੱਤਾ। ਇਸ ਸਮੇਂ ਹਾਜ਼ਿਰ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਜਗਸੀਰ ਸਿੰਘ ਭੰਗੂ,ਰਾਜੇਸ਼ ਕੁਮਾਰ ਮੌੜ,ਜਸਵੀਰ ਸਿੰਘ,ਸ਼ੇਰੇ ਆਲਮ ਆਦਿ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦੀ ਆਪ ਸਰਕਾਰ ਪਿਛਲੀਆਂ ਸਰਕਾਰਾਂ ਤਰਾਂ ਨਵੀਆਂ-ਨਵੀਆਂ ਕਮੇਟੀਆਂ ਦਾ ਗਠਨ ਕਰਕੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਮਸਲੇ ਨੂੰ ਲੈਕੇ ਧੋਖੇ ਭਰਿਆ ਦੰਭ ਕਰਕੇ ਸਮਾਂ ਲੰਘਾ ਰਹੀ ਹੈ,ਦੂਜੇ ਪਾਸੇ ਡੀ.ਸੀ.ਬਰਨਾਲਾ,ਵੇਰਕਾ ਮਿਲਕ ਪਲਾਂਟਾਂ,ਸਿਹਤ ਵਿਭਾਗ,ਪੀ.ਐੱਸ.ਪੀ.ਸੀ.ਐੱਲ. ਆਦਿ ਵਿਭਾਗਾਂ ਵਿੱਚ ਬਾਹਰੋਂ ਨਵੀਂ ਸਿੱਧੀ ਭਰਤੀ ਕਰਕੇ ਉਕਤ ਵਿਭਾਗਾਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕਰ ਰਹੀ ਹੈ ਅਤੇ 21 ਦਸੰਬਰ ਨੂੰ ਸਬ-ਕਮੇਟੀ ਦੀ ਮੋਰਚੇ ਦੇ ਆਗੂਆਂ ਨਾਲ਼ ਹੋਈ ਮੀਟਿੰਗ ਵਿੱਚ ਹੋਏ ਫੈਸਲਿਆਂ ਤੋਂ ਭੱਜ ਰਹੀ ਹੈ। ਜਿਸ ਦੇ ਰੋਸ਼ ਵਜੋਂ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਬਠਿੰਡਾ ਫੇਰੀ ਮੌਕੇ ਸ਼ਹਿਰ ਵਿੱਚ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਹਾਜ਼ਿਰ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਵਿੱਚ ਬਾਹਰੋਂ ਸਿੱਧੀ ਭਰਤੀ ਕਰਨ ਤੋਂ ਪਹਿਲਾਂ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ਤੇ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ,ਲੇਬਰ ਐਕਟ 1948 ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 25 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਨੌਕਰੀ ਤੇ ਬਹਾਲ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਠੇਕੇਦਾਰ ਅਤੇ ਕੰਪਨੀਆਂ ਨੂੰ ਬਾਹਰ ਕੀਤਾ ਜਾਵੇ ਅਤੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ।
Share the post "ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਆਮਦ ਮੌਕੇ ਸ਼ਹਿਰ ਵਿੱਚ ਕੀਤਾ ਰੋਸ਼ ਪ੍ਰਦਰਸ਼ਨ"