ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ ਆਪ ਸਰਕਾਰ:-ਮੋਰਚਾ ਆਗੂ
ਪੰਜਾਬੀ ਖ਼ਬਰਸਾਰ ਬਿਉਰੋ
ਅਬੋਹਰ,13 ਅਪ੍ਰੈਲ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਆਮਦ ਮੌਕੇ ਦਾਣਾ ਮੰਡੀ ਦੇ ਦੋ ਨੰਬਰ ਗੇਟ ਤੇ ਵੱਡੀ ਗਿਣਤੀ ਵਿੱਚ ਇਕੱਤਰ ਹੋਣ ਉਪਰੰਤ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਰੋਸ਼ ਪ੍ਰਦਰਸ਼ਨ ਕੀਤਾ। ਇਸ ਸਮੇਂ ਹਾਜ਼ਿਰ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਜਗਸੀਰ ਸਿੰਘ ਭੰਗੂ,ਖ਼ੁਸਦੀਪ ਸਿੰਘ,ਜਸਵੀਰ ਸਿੰਘ ਜੱਸੀ ਆਦਿ ਆਗੂਆਂ ਨੇ ਕਿਹਾ ਕਿ ਅੱਜ ਜਦੋਂ ਇੱਕ ਪਾਸੇ ਸਰਕਾਰੀ ਥਰਮਲ ਪਲਾਂਟਾਂ,ਜਲ ਸਪਲਾਈ ਅਤੇ ਸੈਨੀਟੇਸ਼ਨ,ਸਮੁੱਚੇ ਪਾਵਰਕਾਮ ਅਤੇ ਟਰਾਂਸਕੋ,ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ,ਸਿਹਤ ਵਿਭਾਗ,ਪੀ.ਡਬਲਯੂ.ਡੀ.ਇਲੈੱਕਟਰੀਕਲ ਵਿੰਗ ਆਦਿ ਸਮੇਤ ਸਮੂਹ ਸਰਕਾਰੀ ਅਦਾਰਿਆਂ ਵਿੱਚ ਆਊਟਸੋਰਸ਼ਡ ਠੇਕਾ ਪ੍ਰਣਾਲੀ ਤਹਿਤ ਵੱਡੀ ਗਿਣਤੀ ਵਿੱਚ ਠੇਕਾ ਮੁਲਾਜ਼ਮ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਹਨ ਅਤੇ ਪਿਛਲੇ ਲੰਬੇ ਸਮੇਂ ਤੋਂ ਆਪਣੇ-ਆਪਣੇ ਵਿਭਾਗਾਂ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਮੋਰਚੇ ਦੇ ਬੈਨਰ ਹੇਠ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ,ਪਰ ਪੰਜਾਬ ਦੀ ਆਪ ਸਰਕਾਰ ਉਕਤ ਸਮੂਹ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਪਾਵਰਕਾਮ ਸਮੇਤ ਸਮੂਹ ਸਰਕਾਰੀ ਵਿਭਾਗਾਂ ਬਾਹਰੋਂ ਨਵੀਂ ਸਿੱਧੀ ਭਰਤੀ ਕਰ ਰਹੀ ਹੈ। ਇਸ ਸਮੇਂ ਹਾਜ਼ਿਰ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਵਿੱਚ ਬਾਹਰੋਂ ਸਿੱਧੀ ਭਰਤੀ ਕਰਨ ਤੋਂ ਪਹਿਲਾਂ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ,ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਅਣ-ਸਿੱਖਿਅਤ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 25 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਵਿਭਾਗਾਂ ਵਿੱਚੋਂ ਬਾਹਰ ਕੀਤਾ ਜਾਵੇ,ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਦ ਤੱਕ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਨਹੀਂ ਕੀਤਾ ਜਾਂਦਾ ਤਦ ਤੱਕ ਸਮੁੱਚੇ ਪੰਜਾਬ ਵਿੱਚ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ਼ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।
Share the post "ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਆਮਦ ਮੌਕੇ ਸ਼ਹਿਰ ਵਿੱਚ ਕੀਤਾ ਰੋਸ਼ ਪ੍ਰਦਰਸ਼ਨ"