30 ਸਤੰਬਰ ਤੱਕ ਮੰਗਾਂ ਦਾ ਹੱਲ ਨਾ ਕਰਨ ਕੀਤਾ ਤਾਂ ਕਰਾਂਗੇ ਤਿੱਖਾ ਸੰਘਰਸ਼ :-ਮੋਰਚਾ ਆਗੂ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 27 ਸਤੰਬਰ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਬਲਿਹਾਰ ਸਿੰਘ,ਸ਼ੇਰ ਸਿੰਘ ਲੌਂਗੋਵਾਲ,ਰਮਨਪ੍ਰੀਤ ਕੌਰ ਮਾਨ,ਜਸਪ੍ਰੀਤ ਸਿੰਘ ਗਗਨ,ਸਿਮਰਨਜੀਤ ਸਿੰਘ ਨੀਲੋਂ,ਸੁਰਿੰਦਰ ਕੁਮਾਰ,ਪਵਨਦੀਪ ਸਿੰਘ ਆਦਿ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਅਤੇ ਹੋਰ ਹੱਕੀ ਮੰਗਾਂ ਨੂੰ ਲੈਕੇ ਮੁੱਖ ਮੰਤਰੀ ਦੇ ਚੋਣ ਹਲਕੇ ਧੂਰੀ ਵਿੱਚ 13 ਸਤੰਬਰ ਨੂੰ ਸਟੇਟ ਹਾਈਵੇ ਨੂੰ ਜਾਮ ਕਰਨ ਦੇ ਸੱਦੇ ਉਪਰੰਤ ਵਿੱਤ ਮੰਤਰੀ ਪੰਜਾਬ ਸਰਕਾਰ ਹਰਪਾਲ ਸਿੰਘ ਚੀਮਾ ਅਤੇ ਵਿਭਾਗਾਂ ਦੇ ਅਧਿਕਾਰੀਆਂ ਰਜਤ ਅਗਰਵਾਲ ਸਕੱਤਰ ਪ੍ਰਸੋਨਲ,ਮੋਹਿਤ ਤਿਵਾੜੀ ਵਿਸੇਸ ਸਕੱਤਰ ਵਿੱਤ,ਵਿਪੁਲ ਉਜਵਲ ਐੱਚ.ਓ.ਡੀ.ਜਲ ਸਪਲਾਈ ਅਤੇ ਸੈਨੀਟੇਸ਼ਨ ਆਦਿ ਵੱਲੋੰ ਮੋਰਚੇ ਦੇ ਸੂਬਾਈ ਆਗੂਆਂ ਨਾਲ਼ 12 ਸਤੰਬਰ ਨੂੰ ਕੀਤੀ ਪੈਨਲ ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਭਾਗਾਂ ਦੇ ਅਧਿਕਾਰੀਆਂ ਨੇ ਠੇਕਾ ਮੁਲਾਜ਼ਮ ਆਗੂਆਂ ਨਾਲ਼ ਸਮੂਹ ਮੰਗਾਂ ਤੇ ਸਹਿਮਤੀ ਪ੍ਰਗਟਾਉਂਦੇ ਹੋਏ ਮੀਟਿੰਗ ਵਿੱਚ ਹੋਈਆਂ ਕੁੱਲ ਸਹਿਮਤੀਆਂ ਦਾ ਪਰਸੀਡਿੰਗ ਪੱਤਰ 15 ਸਤੰਬਰ ਤੱਕ ਆਗੂਆਂ ਨੂੰ ਦੇਣ ਅਤੇ 30 ਸਤੰਬਰ ਤੱਕ ਆਗੂਆਂ ਨਾਲ ਇੱਕ ਵਾਰ ਫ਼ਿਰ ਮੀਟਿੰਗ ਕਰਨ ਸਮੇਤ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਨਾਲ ਜਲਦ ਮੀਟਿੰਗ ਕਰਵਾਉਣ ਦਾ ਭਰੋਸ਼ਾ ਵੀ ਦਿੱਤਾ ਗਿਆ ਸੀ ਪਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਭਾਗਾਂ ਦੇ ਅਧਿਕਾਰੀਆਂ ਵੱਲੋੰ ਨਾ ਹੀ ਤਾਂ 15 ਸਤੰਬਰ ਤੱਕ ਮੀਟਿੰਗ ਵਿੱਚ ਹੋਈਆਂ ਸਹਿਮਤੀਆਂ ਦਾ ਪਰਸੀਡਿੰਗ ਪੱਤਰ ਜਾਰੀ ਕੀਤਾ ਗਿਆ ਹੈ ਅਤੇ ਨਾ ਹੀ ਮੋਰਚੇ ਦੇ ਆਗੂਆਂ ਨੂੰ ਦੁਬਾਰਾ ਮੀਟਿੰਗ ਕਰਨ ਦਾ ਕੋਈ ਸੱਦਾ-ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਪੰਜਾਬ ਸਰਕਾਰ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਦੇ ਮਸਲੇ ਨੂੰ ਲੈਕੇ ਸੁਹਿਰਦ ਨਹੀਂ ਹੈ,ਆਗੂਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਚੋਣਾਂ ਵਾਲੇ ਸੂਬਿਆਂ ਵਿੱਚ ਚੋਣ ਰੈਲੀਆਂ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਛੱਤੀ ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਆਊਟਸੋਰਸ਼ਡ-ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਦਾ ਪ੍ਰਚਾਰ ਕਰ ਰਹੇ ਹਨ, ਪਰ ਦੂਸਰੇ ਪਾਸੇ ਸਮੂਹ ਸਰਕਾਰੀ ਵਿਭਾਗਾਂ ਵਿੱਚ ਜ਼ਮੀਨੀ ਪੱਧਰ ਤੇ ਅਜਿਹਾ ਕੁੱਝ ਵੀ ਨਜ਼ਰ ਨਹੀਂ ਆ ਰਿਹਾ ਅਤੇ ਪੰਜਾਬ ਸਰਕਾਰ ਵਾਰ-ਵਾਰ ਠੇਕਾ ਮੁਲਾਜ਼ਮ ਆਗੂਆਂ ਨਾਲ ਮੀਟਿੰਗਾਂ ਕਰਨ ਤੋਂ ਵੀ ਭੱਜ ਰਹੀ ਹੈ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ 30 ਸਤੰਬਰ ਤੱਕ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮ “ਮੋਰਚੇ“ ਦੇ ਬੈਨਰ ਹੇਠ ਪਰਿਵਾਰਾਂ ਅਤੇ ਬੱਚਿਆਂ ਸਮੇਤ ਸਮੁੱਚੇ ਪੰਜਾਬ ਵਿੱਚ 05 ਅਕਤੂਬਰ ਨੂੰ ਦੁਸਹਿਰੇ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਦੇ ਆਦਮਕੱਦ ਪੁਤਲੇ ਫੂਕਣਗੇ ਅਤੇ 07 ਅਕਤੂਬਰ ਨੂੰ ਧੂਰੀ ਵਿਖੇ ਸਟੇਟ ਹਾਈਵੇ ਨੂੰ ਜਾਮ ਕੀਤਾ ਜਾਵੇਗਾ,ਆਗੂਆਂ ਨੇ ਸਮੂਹ ਸਰਕਾਰੀ ਵਿਭਾਗਾਂ ਦੇ ਹਰ ਵਰਗ ਦੇ ਠੇਕਾ ਮੁਲਾਜ਼ਮਾਂ ਅਤੇ ਸਮੂਹ ਭਰਾਤਰੀ ਜਥੇਬੰਦੀਆਂ ਨੂੰ ਨਿੱਜੀਕਰਨ ਦੇ ਹੱਲੇ ਖ਼ਿਲਾਫ਼ ਇਹਨਾਂ ਸਾਂਝੇ ਸੰਘਰਸ਼ਾਂ ਵਿੱਚ ਪੂਰਨ ਸਹਿਯੋਗ ਦੇਣ ਦੀ ਪੁਰਜ਼ੋਰ ਅਪੀਲ ਕੀਤੀ।
Share the post "ਠੇਕਾ ਮੁਲਾਜ਼ਮਾਂ ਨਾਲ ਪੰਜਾਬ ਸਰਕਾਰ ਦੀ ਇੱਕ ਹੋਰ ਵਾਅਦਾ ਖਿਲਾਫ਼ੀ :-ਮੋਰਚਾ ਆਗੂ"