ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼
ਸੁਖਜਿੰਦਰ ਮਾਨ
ਬਠਿੰਡਾ, 7 ਜੁਲਾਈ: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਖੇਤੀ ਉਤਪਾਦਨ ਨੂੰ ਹੁਲਾਰਾ ਅਤੇ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਖੇਤੀਬਾੜੀ ਵਿਭਾਗ ਵਲੋਂ ਹੁਣ ਤੱਕ ਕਿਸਾਨਾਂ ਦੀ ਭਲਾਈ ਲਈ ਕੀਤੇ ਗਏ ਕਾਰਜਾਂ ਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਮੁੱਖ ਖੇਤੀਬਾੜੀ ਅਫ਼ਸਰ ਸ. ਪਾਖਰ ਸਿੰਘ ਨੇ ਖੇਤੀਬਾੜੀ ਵਿਭਾਗ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੱਸਦਿਆਂ ਕਿਹਾ ਕਿ ਬਲਾਕ ਪੱਧਰ ਤੇ ਪੋਸਟ ਸਰਵੇਲੈਂਸ ਕਰਨ ਲਈ 2 ਜ਼ਿਲ੍ਹਾ 7 ਬਲਾਕ ਪੱਧਰ ਅਤੇ 45 ਸਰਕਲਵਾਈਜ ਕੁੱਲ 54 ਟੀਮਾਂ ਦਾ ਗਠਨ ਕੀਤਾ ਗਿਆ।
ਮੁੱਖ ਖੇਤੀਬਾੜੀ ਅਫ਼ਸਰ ਨੇ ਅੱਗੇ ਦੱਸਿਆ ਕਿ ਗਠਤ ਕੀਤੀਆਂ 7 ਟੀਮਾਂ ਵੱਲੋਂ ਖੇਤਰੀ ਖੋਜ ਕੇਂਦਰ, ਪੀ.ਏ.ਯੂ. ਦੇ ਮਾਹਿਰਾਂ ਨਾਲ ਮਿਲਕੇ ਹਰੇਕ ਮੰਗਲਵਾਰ ਤੇ ਵੀਰਵਾਰ ਨੂੰ ਨਰਮੇ ਦੀ ਫਸਲ ਦਾ ਨਿਰੀਖਣ ਕੀਤਾ ਜਾਂਦਾ ਹੈ ਅਤੇ ਨਿਰੀਖਣ ਦੇ ਆਧਾਰ ਤੇ ਹੀ ਕਿਸਾਨਾਂ ਨੂੰ ਸਮੇਂ-ਸਮੇਂ ਤੇ ਐਡਵਾਈਜਰੀ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪੋਸਟ ਸਰਵੇਲੈਂਸ ਦੀ ਰਿਪੋਰਟਾਂ ਅਨੁਸਾਰ ਇਸ ਸਾਲ ਨਰਮੇ ਕਪਾਹ ਦੀ ਫਸਲ ਤੇ ਰਸ ਚੂਸਕ ਕੀੜੇ-ਮਕੌੜਿਆਂ ਦਾ ਹਮਲਾ ਆਰਥਿਕ ਕਗਾਰ ਤੋਂ ਘੱਟ ਰਿਹਾ। ਕਿਸਾਨਾਂ ਨੂੰ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਨੁਕੜ ਮੀਟਿੰਗਾਂ ਰਾਹੀਂ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਵੱਲੋ ਕਿਸਾਨਾਂ ਨੂੰ ਗੁਲਾਬੀ ਸੁੰਡੀ ਕੀੜੇ ਮਕੌੜਿਆਂ ਦੇ ਹਮਲੇ ਕਾਰਨ ਨੁਕਸਾਨ ਵਾਲੇ ਖੇਤਾਂ ਵਿੱਚ ਪੀ.ਏ.ਯੂ ਦੀ ਸਿਫਾਰਸਾ ਮੁਤਾਬਿਕ ਸਪਰੇਅ ਕਰਨ ਦੀ ਸਲਾਹ ਵੀ ਦਿੱਤੀ ਜਾ ਰਹੀ ਹੈ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਬਾਗਬਾਨੀ ਵਿਭਾਗ ਦੁਆਰਾ ਪਿਛਲੇ ਮਹੀਨੇ ਦੌਰਾਨ ਕੀਤੇ ਗਏ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਬਾਗਬਾਨੀ ਵਿਭਾਗ ਨੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਕੌਮੀ ਬਾਗਬਾਨੀ ਮਿਸ਼ਨ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿੰਨੂ, ਅਮਰੂਦ, ਬੇਰ ਅਤੇ ਅੰਗੂਰ ਆਦਿ ਦੇ ਨਵੇਂ ਬਾਗ ਲਗਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਇਸ ਸਕੀਮ ਤਹਿਤ ਨਵੇਂ ਬਾਗ ਲਗਾਉਣ ਲਈ ਕੁੱਲ ਲਾਗਤ ਦੀ 50 ਫ਼ੀਸਦੀ ਸਬਸਿਡੀ ਤਿੰਨ ਕਿਸ਼ਤਾਂ ਵਿੱਚ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਂਦੀ ਹੈ।
ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਇਸ ਸਕੀਮ ਤਹਿਤ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਸ਼ਹਿਦ ਦੀਆਂ ਮੱਖੀਆਂ ਪਾਲਣ ਦਾ ਸਹਾਇਕ ਧੰਦਾ ਅਪਣਾਉਣ ਲਈ ਵੀ ਪ੍ਰੇਰਿਆ ਜਾ ਰਿਹਾ ਹੈ, ਜਿਸ ਨਾਲ ਉਹ ਖੇਤੀ ਤੋਂ ਇਲਾਵਾ ਆਪਣੀ ਆਮਦਨ ਵਿੱਚ ਹੋਰ ਵਾਧਾ ਕਰ ਸਕਦੇ ਹਨ। ਇਸ ਧੰਦੇ ਨੂੰ ਅਪਣਾਉਣ ਲਈ ਵੀ ਬਾਗਬਾਨੀ ਵਿਭਾਗ ਵਲੋਂ ਕੁੱਲ ਲਾਗਤ ਦਾ 40 ਫ਼ੀਸਦੀ ਵਿੱਤੀ ਸਹਾਇਤਾ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ 30840 ਬਕਸੇ ਸਬਸਿਡੀ ਦਿੱਤੀ ਜਾ ਚੁੱਕੀ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਲੇਬਰ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅਧੀਨ ਪੈਂਦੇ ਵੱਖ-ਵੱਖ ਢਾਬਿਆਂ ਦੀ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ, ਜੇਕਰ ਕੋਈ ਵੀ ਢਾਂਬੇ ਦਾ ਮਾਲਕ ਚਾਇਲਡ ਲੇਬਰ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦਾ ਤੁੰਰਤ ਚਲਾਣ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵਣ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਨੂੰ ਹਰ ਭਰਾ ਰੱਖਣ ਦੇ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਆਦੇਸ਼ ਵੀ ਦਿੱਤੇ। ਬੈਠਕ ਦੌਰਾਨ ਉਨ੍ਹਾਂ ਸਹਿਕਾਰੀ ਸਭਾਵਾਂ ਵਲੋਂ ਖੇਤੀਬਾੜੀ ਨਾਲ ਸਬੰਧਤ ਕੀਤੇ ਜਾ ਰਹੇ ਕਾਰਜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਵਿਭਾਗ ਕੋਲੋਂ ਪਿੰਡਾਂ ਚ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਨਵੇਂ ਜਲ ਘਰਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਚੱਲ ਰਹੇ ਕਾਰਜਾਂ ਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਵੀ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਜ਼ਿਲ੍ਹਾ ਵਣ ਅਫ਼ਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਖੇਤੀ ਉਤਪਾਦਨ ਨੂੰ ਹੁਲਾਰਾ ਦੇਣ ਲਈ ਕੀਤੀ ਬੈਠਕ
4 Views