ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼
ਰਿਹਰਸਲ ਦੌਰਾਨ ਸਕੂਲੀ ਬੱਚਿਆਂ ਨੇ ਪੇਸ਼ ਕੀਤਾ ਪੀਟੀ ਸ਼ੋਅ ਤੇ ਸੱਭਿਆਚਾਰਕ ਪ੍ਰੋਗਰਾਮ
ਸੁਖਜਿੰਦਰ ਮਾਨ
ਬਠਿੰਡਾ, 20 ਜਨਵਰੀ : ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਗਾਮੀ ਗਣਤੰਤਰਤਾ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਝੰਡਾ ਲਹਿਰਾਏ ਜਾਣ ਦੀ ਰਸਮ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪ੍ਰਬੰਧਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀਆਂ ਗਈਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ। ਉਨ੍ਹਾਂ ਦਫ਼ਤਰ ਕਮਿਸ਼ਨਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਖੇਡ ਸਟੇਡੀਅਮ ਦੇ ਅੰਦਰ-ਬਾਹਰ ਤੋਂ ਇਲਾਵਾ ਪਖ਼ਾਨਿਆਂ ਦੀ ਸਾਫ਼-ਸਫ਼ਾਈ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪੀਣ ਵਾਲੇ ਸਾਫ਼ ਪਾਣੀ, ਵੀਆਈਪੀ ਅਤੇ ਵੀਵੀਆਈਪੀ ਸਟਿੰਗਪਲਾਨ, ਬੈਰੀਕੇਡਿੰਗ, ਸਟੇਜ ਅਤੇ ਸਟੇਡੀਅਮ ਦੀ ਸਜਾਵਟ ਤੋਂ ਇਲਾਵਾ ਨਿਰਵਿਘਨ ਬਿਜਲੀ ਆਦਿ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ। ਗਣਤੰਤਰਤਾ ਦਿਵਸ ਸਮਾਗਮ ਦੇ ਮੱਦੇਨਜ਼ਰ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆ ਵਲੋਂ ਰਹਿਰਸਲ ਦੌਰਾਨ ਪੀਟੀ ਸ਼ੋਅ, ਸੱਭਿਆਚਾਰਕ ਤੇ ਦੇਸ਼ ਭਗਤੀ ਨੂੰ ਦਰਸਾਉਂਦੀਆਂ ਆਈਟਮਾਂ ਆਦਿ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪਲਵੀ ਚੌਂਧਰੀ, ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਸਿਖਲਾਈ ਅਧੀਨ ਆਈ.ਏ.ਐਸ. ਅਧਿਕਾਰੀ ਮੈਡਮ ਮਾਨਸੀ, ਆਰਟੀਏ ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ ਜਨਰਲ ਸਾਰੰਗਪ੍ਰੀਤ ਸਿੰਘ ਔਜਲਾ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਇੰਦਰਜੀਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ, ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਹਾਜ਼ਰ ਸਨ।
Share the post "ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਤਿਆਰੀਆਂ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ"