ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਅਕਤੂਬਰ: ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਕੌਮੀ ਬੁਲਾਰੇ ਮਨੀਸ਼ ਤਿਵਾੜੀ ਨੇ ਦੁਧਾਰੂ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਦੀ ਬਿਮਾਰੀ ਕਾਰਨ ਡੇਅਰੀ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਸਰਵੇਖਣ ਕਰਵਾਉਣ ਦੀ ਮੰਗ ਕੀਤੀ ਹੈ।ਤਿਵਾੜੀ ਨੇ ‘ਚਾਈਨੀਜ਼ ਵਾਇਰਸ’ ਕਾਰਨ ਝੋਨੇ ਦੀ ਫਸਲ ਨੂੰ ਹੋਏ ਨੁਕਸਾਨ ਦੇ ਵੀ ਵੱਖਰੇ ਸਰਵੇਖਣ ਦੀ ਮੰਗ ਕੀਤੀ ਹੈ, ਜਿਸ ਕਾਰਨ ਝੋਨੇ ਦੀ ਫਸਲ ਦਾ ਵਿਕਾਸ ਪ੍ਰਭਾਵਿਤ ਹੋਇਆ ਹੈ ਅਤੇ ਪੰਜਾਬ ਦੀ ਪੈਦਾਵਾਰ ਨੂੰ ਭਾਰੀ ਨੁਕਸਾਨ ਹੋਇਆ ਹੈ।
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਲਿਖੇ ਪੱਤਰ ਵਿੱਚ ਤਿਵਾੜੀ ਨੇ ਕਿਸਾਨਾਂ ‘ਤੇ ਦੋਹਰੇ ਪ੍ਰਭਾਵ ਵੱਲ ਧਿਆਨ ਦਿਵਾਇਆ। ਇਸ ਲੜੀ ਹੇਠ, ਲੰਪੀ ਸਕਿਨ ਦੀ ਬਿਮਾਰੀ ਨੇ ਸੂਬੇ ਭਰ ਵਿੱਚ ਅਣਗਿਣਤ ਜਾਨਵਰਾਂ ਦੀਆਂ ਮੌਤਾਂ ਹੋਈਆਂ ਹਨ ਅਤੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਦੀ ਆਮਦਨੀ ‘ਤੇ ਇਸ ਦੇ ਪ੍ਰਭਾਵ ਕਾਰਨ ਪਸ਼ੂ ਧਨ ਨੂੰ ਤਬਾਹ ਹੋ ਗਿਆ ਹੈ। ਜਦਕਿ ਝੋਨੇ ਦੀ ਫਸਲ ਚਾਈਨੀਜ਼ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।ਉਨ੍ਹਾਂ ਕਿਹਾ ਕਿ ਲੰਪੀ ਸਕਿਨ ਦੀ ਬਿਮਾਰੀ ਸਿਰਫ਼ ਪੰਜਾਬ ਤੱਕ ਹੀ ਸੀਮਤ ਨਾ ਹੋ ਕੇ ਇਸ ਨੇ ਦੇਸ਼ ਦੇ 7 ਤੋਂ 8 ਸੂਬਿਆਂ ਨੂੰ ਪ੍ਰਭਾਵਿਤ ਕੀਤਾ ਹੈ। ਇਸ ਕਾਰਨ ਲੰਪੀ ਸਕਿਨ ਦੀ ਬਿਮਾਰੀ ਨਾਲ ਹੋਣ ਵਾਲੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਇੱਕ ਵਿਸਤ੍ਰਿਤ ਸਰਵੇਖਣ ਦੀ ਲੋੜ ਹੈ, ਕਿਉਂਕਿ ਡੇਅਰੀ ਫਾਰਮਿੰਗ ਦੇ ਧੰਦੇ ਨਾਲ ਜੁੜੇ ਜ਼ਿਆਦਾਤਰ ਲੋਕ ਛੋਟੇ ਅਤੇ ਦਰਮਿਆਨੇ ਕਿਸਾਨ ਹਨ, ਜੋ ਆਪਣੀ ਥੋੜ੍ਹੀ ਜਿਹੀ ਆਮਦਨ ਕਮਾਉਣ ਲਈ ਮੁਸ਼ਕਿਲ ਨਾਲ ਪਸ਼ੂ ਪਾਲਦੇ ਹਨ।ਸਾਬਕਾ ਕੇਂਦਰੀ ਮੰਤਰੀ ਨੇ ਜ਼ਿਕਰ ਕੀਤਾ ਕਿ ਸਮਾਜ ਦੇ ਇਸ ਵਰਗ ਨੂੰ ਸਰਕਾਰ ਦੇ ਦਖਲ ਅਤੇ ਸਹਿਯੋਗ ਦੀ ਲੋੜ ਹੈ, ਅਜਿਹੇ ਹਾਲਾਤਾਂ ਵਿੱਚ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰਾਂ ਦੀ ਮਦਦ ਨਾਲ ਇਸ ਸਬੰਧੀ ਵਿਸਥਾਰਤ ਸਰਵੇਖਣ ਕਰਵਾਇਆ ਜਾਵੇ ਤਾਂ ਉਚਿਤ ਹੋਵੇਗਾ, ਤਾਂ ਜੋ ਨੁਕਸਾਨ ਦਾ ਅਨੁਮਾਨ ਲਗਾਇਆ ਜਾ ਸਕੇ ਅਤੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਉਚਿਤ ਮੁਆਵਜ਼ਾ ਦਿੱਤਾ ਜਾ ਸਕੇ।
ਇਸੇ ਤਰ੍ਹਾਂ ਪੰਜਾਬ ਵਿੱਚ ਝੋਨੇ ਦੀ ਫ਼ਸਲ ਦੇ ਵਿਕਾਸ ਨਾਲ ਹੋਏ ਨੁਕਸਾਨ ਦਾ ਜ਼ਿਕਰ ਕਰਦਿਆਂ ਤਿਵਾੜੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਚਾਈਨੀਜ਼ ਵਾਇਰਸ ਕਾਰਨ ਇੱਕ ਹੋਰ ਆਫ਼ਤ ਦਾ ਸਾਹਮਣਾ ਕਰਨਾ ਪਿਆ ਹੈ। ਇਸ ਬਿਮਾਰੀ ਨੇ ਝੋਨੇ ਦੀ ਫਸਲ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਇਸ ਵਾਰ ਝੋਨੇ ਦੀ ਪੈਦਾਵਾਰ ਪਿਛਲੇ ਸਾਲਾਂ ਦੇ ਮੁਕਾਬਲੇ ਘੱਟ ਹੋਣ ਦੀ ਸ਼ੰਕਾ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਾਤਾਂ ਵਿੱਚ ਅੱਜ ਇੱਕ ਵਾਰ ਫਿਰ ਕਿਸਾਨਾਂ ਦੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਦੀ ਸ਼ੰਕਾ ਹੈ। ਇਸ ਮਾਮਲੇ ਵਿੱਚ ਸਰਕਾਰ ਦਾ ਰਵੱਈਆ ਮਤਰੇਈ ਮਾਂ ਵਾਲਾ ਹੈ, ਜੋ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ । ਉਨ੍ਹਾਂ ਨੇ ਉਨ੍ਹਾਂ ਸਾਰੇ ਖੇਤਰਾਂ ਵਿੱਚ ਵਿਸਥਾਰਪੂਰਵਕ ਸਰਵੇਖਣ ਕਰਨ ਦੀ ਮੰਗ ਕੀਤੀ ਹੈ ਜਿੱਥੇ ਚਾਈਨੀਜ਼ ਵਾਇਰਸ ਕਾਰਨ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ, ਜਿਸ ਨੇ ਖਾਸ ਤੌਰ ਤੇ ਇਕ ਕਿਸਮ ਦੇ ਬੀਜ ਤੇ ਅਸਰ ਪਾਇਆ ਹੈ। ਜਿਸ ਲਈ ਮੁਆਵਜ਼ੇ ਦਾ ਮੁਲਾਂਕਣ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਫਸਲ ਦੀ ਖਰੀਦ ਸਮੇਂ ਹੀ ਮੁਆਵਜ਼ਾ ਦਿੱਤਾ ਜਾਵੇ।ਤਿਵਾੜੀ ਨੇ ਕਿਹਾ ਕਿ ਖਰੀਦ ਕੁਝ ਦਿਨ ਹੋਰ ਚੱਲਣ ਵਾਲੀ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਇਸ ਦਾ ਸਰਵੇ ਕਰਵਾਇਆ ਜਾਵੇ ਅਤੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
Share the post "ਤਿਵਾੜੀ ਨੇ ਤੋਮਰ ਨੂੰ ਲਿਖੀ ਚਿੱਠੀ; ਲੰਪੀ ਸਕਿਨ ਦੀ ਬਿਮਾਰੀ ਕਾਰਨ ਕੇਂਦਰੀ ਸਰਵੇਖਣ ਕਰਵਾਉਣ ਦੀ ਮੰਗ"