ਸੁਖਜਿੰਦਰ ਮਾਨ
ਬਠਿੰਡਾ,2 ਅਪ੍ਰੈਲ: ਤੇਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਬੇਤਹਾਸ਼ੇ ਵਾਧੇ ਵਿਰੁੱਧ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਭਲਕੇ 3 ਅਪ੍ਰੈਲ ਨੂੰ ਧਰਨਾ ਅਤੇ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਅੱਜ ਇਥੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਅਰੁਣ ਵਧਾਵਨ ਨੇ ਦੱਸਿਆ ਕਿ ਮਹਿੰਗਾਈ ਨੂੰ ਖ਼ਤਮ ਕਰਨ ਦਾ ਨਾਅਰਾ ਦੇ ਕੇ ਸੱਤਾ ਵਿੱਚ ਆਈ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਗਾਤਾਰ ਜ਼ਰੂਰੀ ਵਸਤਾਂ ਦੇ ਭਾਅ ਵਿੱਚ ਵਾਧਾ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲਾਹਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਵਿਚ ਚਾਰ ਸੌ ਦਾ ਮਿਲਣ ਵਾਲਾ ਗੈਸ ਸਿਲੰਡਰ ਅੱਜ ਇੱਕ ਹਜਾਰ ਰੁਪਏ ਦੀ ਕੀਮਤ ਵਿੱਚ ਮਿਲ ਰਿਹਾ ਹੈ। ਇਸੇ ਤਰ੍ਹਾਂ ਤੇਲ ਅਤੇ ਸੀਐਨਜੀ ਗੈਸ ਦੀਆਂ ਕੀਮਤਾਂ ਵੀ ਆਸਮਾਨ ਨੂੰ ਛੂਹ ਰਹੀਆਂ ਹਨ। ਲਗਾਤਾਰ ਮਹਿੰਗਾਈ ਵਧਣ ਕਾਰਨ ਆਮ ਲੋਕਾਂ ਦਾ ਜੀਣਾ ਮੁਹਾਲ ਹੋ ਗਿਆ ਹੈ। ਸ੍ਰੀ ਵਧਾਵਨ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਇਸ ਮੁੱਦੇ ‘ਤੇ ਮੋਦੀ ਸਰਕਾਰ ਨੂੰ ਜਗਾਉਣ ਦੇ ਲਈ ਤਿੱਨ ਅਪਰੈਲ ਨੂੰ ਸਥਾਨਕ ਸ਼ਹਿਰ ਦੇ ਫਾਇਰ ਬ੍ਰਿਗੇਡ ਚੌਕ ਕੋਲ ਰੋਸ ਧਰਨਾ ਅਤੇ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਸ਼ਹਿਰ ਦੇ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਇਸ ਧਰਨੇ ਅਤੇ ਮਾਰਚ ਵਿੱਚ ਪੁੱਜਣ ਦੀ ਅਪੀਲ ਕੀਤੀ।