ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ , 22 ਅਗਸਤ: ਤਿੰਨ ਖੇਤੀ ਬਿੱਲਾਂ ਦੀ ਵਾਪਸੀ ਨੂੰ ਲੈ ਕੇ ਸਾਲ 2020 ਵਿਚ ਸ਼ੁਰੂ ਹੋਏ ਕਿਸਾਨ ਮੋਰਚੇ ਨੂੰ ਬੇਸੱਕ ਪਿਛਲੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਵਸ ਮੌਕੇ ਵਾਪਸ ਲੈ ਲਿਆ ਸੀ ਪ੍ਰੰਤੂ ਇਸ ਮੌਰਚੇ ਦੌਰਾਨ ਬਕਾਇਆ ਰਹਿ ਗਈਆਂ ਕਿਸਾਨ ਮੰਗਾਂ ਨੂੰ ਲੈ ਕੇ ਹੁਣ ਤੱਕ ਸਰਕਾਰ ਵਲੋਂ ਕੋਈ ਕਾਰਵਾਈ ਨਾ ਕਰਨ ਦੇ ਚੱਲਦੇ ਹੁਣ ਸੰਯੁਕਤ ਕਿਸਾਨ ਮੋਰਚੇ ਨੈ ਮੁੜ ਸੰਘਰਸ਼ ਵਿੱਢਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿਚ ਸੋਮਵਾਰ ਨੂੰ ਮੋਰਚੇ ਵੱਲੋਂ ਦਿੱਲੀ ਦੇ ਜੰਤਰ-ਮੰਤਰ ’ਤੇ ਸੱਦੀ ਮਹਾਂਪੰਚਾਇਤ ਵਿਚ ਦੇਸ ਦੇ ਵੱਖ ਵੱਖ ਕੋਨਿਆਂ ਤੋਂ ਹਜ਼ਾਰਾਂ ਕਿਸਾਨ ਪੁੱਜੇ ਹੋਏ ਸਨ। ਇਸ ਦੌਰਾਨ ਦਿੱਲੀ ਪੁਲਿਸ ਵਲੋਂ ਵੀ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਇਸ ਮਹਾਪੰਚਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਕਿਸਾਨ ਸੰਘਰਸ ਕਮੇਟੀ ਪੰਜਾਬ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਸਮੇਤ ਹਰਿਆਣਾ ਤੇ ਉੁੱਤਰ ਪ੍ਰਦੇਸ ਤੋਂ ਇਲਾਵਾ ਦੇਸ ਦੇ ਹੋਰਨਾਂ ਥਾਵਾਂ ਤੋਂ ਕਿਸਾਨ ਪੁੱਜੇ ਹੋਏ ਸਨ। ਇਸ ਮਹਾਂਪੰਚਾਇਤ ਦੌਰਾਨ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਬਿਜਲੀ ਸੋਧ ਬਿੱਲ 2022 ਨੂੰ ਰੱਦ ਕਰਨ ਸਮੇਤ ਹੋਰਨਾਂ ਬਕਾਇਆ ਮੰਗਾਂ ਨੂੰ ਪੂਰਾ ਕਰਵਾਉਣ ਲਈ ਰਣਨੀਤੀ ਤਿਆਰ ਕੀਤੀ ਗਈ।
Share the post "ਦਿੱਲੀ ਦੇ ਜੰਤਰ-ਮੰਤਰ ’ਤੇ ਮੁੜ ਜੁੜੇ ਹਜ਼ਾਰਾਂ ਕਿਸਾਨ, ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਹੋਈ ਮਹਾਂਪੰਚਾਇਤ"