ਸੁਖਜਿੰਦਰ ਮਾਨ
ਬਠਿੰਡਾ, 15 ਮਈ : ਪਿਛਲੇ ਲੰਮੇ ਸਮੇਂ ਤੋਂ ਸਾਲ 2021 ਵਿਚ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੇ ਮੁਆਵਜਾ ਲੈਣ ਲਈ ਸੰਘਰਸ ਕਰਦੇ ਆ ਰਹੇ ਮਜਦੂਰਾਂ ਵਲੋਂ ਅੱਜ ਮਜਦੂਰ ਮੁਕਤੀ ਮੋਰਚਾ ਦੇ ਝੰਡੇ ਹੇਠ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ। ਇਸ ਮੌਕੇ ਮਜਦੂਰਾਂ ਨੇ ਪੰਜਾਬ ਸਰਕਾਰ ਵਿਰੁਧ ਰੋਹ ਭਰਪੂਰ ਨਾਅਰੇਬਾਜ਼ੀ ਵੀ ਕੀਤੀ। ਇਸਤੋਂ ਇਲਾਵਾ ਇਸ ਮੌਕੇ ਰੋਸ਼ ਪ੍ਰਦਰਸ਼ਨ ਵੀ ਕੀਤਾ ਗਿਆ। ਉਧਰ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਿੱਠੂ ਸਿੰਘ, ਜਰਨਲ ਸਕੱਤਰ ਪ੍ਰਕਾਸ਼ ਸਿੰਘ ਨੰਦਗੜ੍ਹ ਤੇ ਮੱਖਣ ਸਿੰਘ, ਮਹਿਲਾ ਮੋਰਚਾ ਦੇ ਪ੍ਰਧਾਨ ਦਰਸ਼ਨਾ ਆਦਿ ਨੇ ਦੋਸ਼ ਲਗਾਇਆ ਕਿ ਦੋ ਸਾਲ ਪਹਿਲਾਂ ਨਰਮੇ ਦੇ ਖ਼ਰਾਬੇ ਵਜੋਂ ਹਾਲੇ ਤੱਕ ਬਹੁਤ ਸਾਰੇ ਮਜਦੂਰਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ। ਜਦੋਂਕਿ ਹੁਣ ਸਰਕਾਰ ਨੇ ਕਣਕ ਦੇ ਖ਼ਰਾਬੇ ਲਈ ਮਜਦੂਰਾਂ ਨੂੰ ਵੀ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ ਪ੍ਰੰਤੂ ਹਾਲੇ ਤੱਕ ਕੋਈ ਪਹਿਲਕਦਮੀ ਨਹੀਂ ਕੀਤੀ ਗਈ। ਇਸਤੋਂ ਇਲਾਵਾ ਜ਼ਿਲ੍ਹੇ ਦੇ ਫ਼ੂਲ ਬਲਾਕ ਨਾਲ ਸਬੰਧਤ 22 ਪਿੰਡਾਂ ਦੇ ਪਰਿਵਾਰਾਂ ਨੂੰ ਆਟਾ ਦਾਲ ਸਕੀਮ ਤਹਿਤ ਰਾਸ਼ਨ ਨਹੀਂ ਦਿੱਤਾ ਜਾ ਰਿਹਾ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਵਧ ਰਹੀ ਮਹਿੰਗਾਈ ਨੂੰ ਦੇਖਦਿਆਂ ਮਜਦੂਰਾਂ ਦੀ ਦਿਹਾੜੀ 700 ਰੁਪਏ ਕੀਤੀ ਜਾਵੇ ਅਤੇ ਨਰੇਗਾ ਦੇ ਕੰਮ ਨੂੰ ਸਾਲ ਵਿਚ 200 ਦਿਨਾਂ ਦੀ ਬਜਾਏ ਸਾਰਾ ਸਾਲ ਦਿੱਤਾ ਜਾਵੇ।
Share the post "ਨਰਮੇ ਦੇ ਖਰਾਬੇ ਦਾ ਮੁਆਵਜਾ ਲੈਣ ਲਈ ਮਜਦੂਰਾਂ ਨੇ ਡੀਸੀ ਦਫ਼ਤਰ ਅੱਗੇ ਲਗਾਇਆ ਧਰਨਾ"