6 Views
ਯੂਥ ਪ੍ਰਧਾਨ ਬਰਿੰਦਰ ਢਿੱਲੋਂ ਨੇ ਨਵਜੋਤ ਸਿੱਧੂ ‘ਤੇ ਕੱਸਿਆ ਤੰਜ ਕਿਹਾ ‘ਠੋਕੀ ਚਲ ਪਾਰਟੀ’
ਦਫ਼ਤਰ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਾਂਗਰਸ ਪਾਰਟੀ ਨੂੰ ਮੀਟਿੰਗ ਬਾਰੇ ਨਹੀਂ ਹੈ ਕੋਈ ਜਾਣਕਾਰੀ
ਸੁਖਜਿੰਦਰ ਮਾਨ
ਚੰਡੀਗੜ੍ਹ, 9 ਮਈ: ਸੋਮਵਾਰ ਸ਼ਾਮ ਨੂੰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਹੋਣ ਵਾਲੀ ਮੀਟਿੰਗ ਨੂੰ ਲੈ ਕੇ ਕਾਂਗਰਸੀਆਂ ਨੇ ਸਵਾਲ ਚੁੱਕੇ ਹਨ। ਇਹ ਮੀਟਿੰਗ ਉਸ ਸਮੇਂ ਹੋਣ ਜਾ ਰਹੀ ਹੈ ਜਦੋਂ ਕਾਂਗਰਸ ਹਾਈ ਕਮਾਂਡ ਨਵਜੋਤ ਸਿੰਘ ਸਿੱਧੂ ਵਿਰੁੱਧ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਲੈ ਕੇ ਕਾਰਵਾਈ ਕਰਨ ਦੇ ਰੌਂਅ ਚ ਹੈ। ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਸਿੱਧੂ ਵੱਲੋਂ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਨਾਲ ਮੁੱਖ ਮੰਤਰੀ ਉੱਪਰ ਵੀ ਸਿਆਸੀ ਹਮਲੇ ਕੀਤੇ ਜਾ ਰਹੇ ਹਨ ਪ੍ਰੰਤੂ ਉਨ੍ਹਾਂ ਦੇ ਸਿਆਸੀ ਵਿਰੋਧੀਆਂ ਵੱਲੋਂ ਇਸ ਮੀਟਿੰਗ ਦਾ ਸਿਆਸੀ ਮਤਲਬ ਕੱਢਿਆ ਜਾ ਰਿਹਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਨੇ ਨਵਜੋਤ ਸਿੰਘ ਸਿੱਧੂ ਤੋਂ ਅਸਤੀਫ਼ਾ ਲੈ ਲਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਪਾਰਟੀ ਦੇ ਬਰਾਬਰ ਆਪਣੀਆਂ ਸਿਆਸੀ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਤੇ ਇਕ ਵੱਡਾ ਗਰੁੱਪ ਵੀ ਉਨ੍ਹਾਂ ਨਾਲ ਜੁੜ ਗਿਆ ਹੈ। ਅਜਿਹੀ ਹਾਲਤ ਵਿੱਚ ਸਿੱਧੂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਕਰਨੀ ਜ਼ਰੂਰ ਚਰਚਾ ਦਾ ਵਿਸ਼ਾ ਬਣ ਜਾਂਦੀ ਹੈ। ਗੌਰਤਲਬ ਹੈ ਕਿ ਬੀਤੇ ਕੱਲ ਖੁਦ ਨਵਜੋਤ ਸਿੰਘ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੋਮਵਾਰ ਨੂੰ ਸ਼ਾਮ ਸਵਾ ਪੰਜ ਵਜੇ ਹੋਣ ਵਾਲੀ ਮੀਟਿੰਗ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਇਸ ਟਵੀਟ ਵਿੱਚ ਦਾਅਵਾ ਕੀਤਾ ਸੀ ਕਿ ਉਹ ਪੰਜਾਬ ਦੀ ਆਰਥਿਕ ਸਥਿਤੀ ਸਬੰਧੀ ਮੁੱਖ ਮੰਤਰੀ ਨਾਲ ਵਿਚਾਰ ਵਟਾਂਦਰਾ ਕਰਨਗੇ। ਉਂਜ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਕਿ ਇਸ ਮੀਟਿੰਗ ਦਾ ਸੱਦਾ ਪੱਤਰ ਮੁੱਖ ਮੰਤਰੀ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਦਿੱਤਾ ਗਿਆ ਸੀ ਜਾਂ ਖ਼ੁਦ ਨਵਜੋਤ ਸਿੰਘ ਸਿੱਧੂ ਵੱਲੋਂ ਉਨ੍ਹਾਂ ਕੋਲੋਂ ਮੀਟਿੰਗ ਲਈ ਸਮਾਂ ਲਿਆ ਗਿਆ ਹੈ। ਉਧਰ ਪੰਜਾਬ ਕਾਂਗਰਸ ਦੇ ਦਫ਼ਤਰ ਇੰਚਾਰਜ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਵੀ ਇਸ ਮੀਟਿੰਗ ‘ਤੇ ਹੈਰਾਨਗੀ ਜ਼ਾਹਰ ਕਰਦਿਆਂ ਕਿਹਾ ਹੈ ਕਿ ਪਾਰਟੀ ਨੂੰ ਆਪਣੇ ਸਾਬਕਾ ਪ੍ਰਧਾਨ ਅਤੇ ਮੁੱਖ ਮੰਤਰੀ ਵਿਚਕਾਰ ਹੋਣ ਵਾਲੀ ਮੀਟਿੰਗ ਬਾਰੇ ਕੋਈ ਜਾਣਕਾਰੀ ਨਹੀਂ ਹੈ। ਜਦੋਂ ਕਿ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਅਸਿੱਧੇ ਢੰਗ ਨਾਲ ਨਵਜੋਤ ਸਿੰਘ ਸਿੱਧੂ ‘ਤੇ ਸਿਆਸੀ ਹਮਲਾ ਕਰਦਿਆਂ ਇਕ ਟਵੀਟ ਜਾਰੀ ਕਰਕੇ ਕਿਹਾ “ਠੋਕੀ ਚਲੋ ਪਾਰਟੀ “। ਉਨ੍ਹਾਂ ਨਵਜੋਤ ਸਿੰਘ ਸਿੱਧੂ ਵੱਲੋਂ ਚੋਣਾਂ ਤੋਂ ਪਹਿਲਾਂ 75:25 ਦੇ ਮੁੱਦੇ ਨੂੰ ਚੁੱਕਦਿਆਂ ਦਾਅਵਾ ਕੀਤਾ ਹੈ ਹਾਲੇ ਵੀ ਇਸ ਸਰਕਾਰ ਵਿੱਚ 75:25 ਚੱਲ ਰਿਹਾ ਹੈ। ਉਨ੍ਹਾਂ ਚੋਣਾਂ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਵੱਲੋਂ ਭਗਵੰਤ ਮਾਨ ਨਾਲ ਕੀਤੀ ਮੀਟਿੰਗ ਦਾ ਮੁੱਦਾ ਵੀ ਮੁੜ ਚੁੱਕਿਆ ਹੈ।
Share the post "ਨਵਜੋਤ ਸਿੱਧੂ ਤੇ ਭਗਵੰਤ ਮਾਨ ਵਿਚਕਾਰ ਹੋਣ ਵਾਲੀ ਮੀਟਿੰਗ ਨੂੰ ਲੈ ਕੇ ਕਾਂਗਰਸੀਆਂ ਨੇ ਚੁੱਕੇ ਸਵਾਲ"