ਬੇਰੋਜ਼ਗਾਰੀ ਨੂੰ ਨਕੇਲ ਪਾਉਣ ਲਈ ਸੂਬਾ ਸਰਕਾਰ ਵਲੋਂ ਹਰ ਤਰ੍ਹਾਂ ਦੇ ਉਪਰਾਲੇ ਜਾਰੀ : ਅਮਿਤ ਰਤਨ ਕੋਟਫੱਤਾ
ਸਵੈ-ਰੋਜ਼ਗਾਰ ਨੂੰ ਪ੍ਰਫੁੱਲਤ ਕਰਨ ਤੇ ਧਰਤੀ ਹੇਠ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਇੱਕ ਰੋਜ਼ਾ ਸਮਾਗਮ ਆਯੋਜਿਤ
ਸੁਖਜਿੰਦਰ ਮਾਨ
ਬਠਿੰਡਾ, 9 ਜੂਨ: ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ ਨੰਦਗੜ੍ਹ ਵਲੋਂ ਕਿ੍ਰਸ਼ੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ ਸਵੈ-ਰੋਜ਼ਗਾਰ ਨੂੰ ਪ੍ਰਫੁੱਲਤ ਕਰਨ ਅਤੇ ਧਰਤੀ ਹੇਠ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਤੇ ਡੀ.ਐਸ.ਆਰ ਨੂੰ ਉਤਸ਼ਾਹਿਤ ਕਰਨ ਲਈ ਇੱਕ ਰੋਜ਼ਾ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਬਠਿੰਡਾ (ਦਿਹਾਤੀ) ਦੇ ਵਿਧਾਇਕ ਸ਼੍ਰੀ ਅਮਿਤ ਰਤਨ ਕੋਟਫੱਤਾ ਨੇ ਕੀਤੀ ਜਦੋਂਕਿ ਵਿਧਾਇਕ (ਹਲਕਾ ਲੰਬੀ) ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।
ਇਸ ਮੌਕੇ ਵਿਧਾਇਕ ਸ. ਖੁੱਡੀਆਂ ਨੇ ਹਾਜ਼ਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਪਾਣੀ ਨੂੰ ਬਚਾਉਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ। ਉਨ੍ਹਾਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜ਼ੋਰ ਦਿੰਦਿਆਂ ਇਹ ਵੀ ਦੱਸਿਆ ਕਿ ਸਿੱਧੀ ਬਿਜਾਈ ਲਈ ਪੋਰਟਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਰਾਸ਼ੀ ਵੀ ਸਹਾਇਤਾ ਵਜੋਂ ਦਿੱਤੀ ਜਾ ਰਹੀ ਹੈ।
ਸਮਾਗਮ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਹ ਵੀ ਦੱਸਿਆ ਕਿ ਇਸ ਪੋਰਟਲ ਤੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਕਿਸਾਨ ਆਪਣਾ ਆਧਾਰ ਕਾਰਡ ਨੰਬਰ ਦੇ ਕਿ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਮੌਕੇ ਉਨ੍ਹਾਂ ਸਿੱਧੀ ਬਿਜਾਈ ਨਾਲ ਆਮ ਝੋਨੇ ਨਾਲੋਂ ਲੱਗਭਗ 20 ਫੀਸਦੀ ਤੱਕ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਲੱਗਭਗ 10-20 ਫੀਸਦੀ ਪਾਣੀ ਵੀ ਧਰਤੀ ਵਿੱਚ ਰੀਚਾਰਜ ਹੁੰਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਆਮ ਝੋਨੇ ਨਾਲੋਂ ਖਰਚਾ ਵੀ ਘੱਟ ਹੁੰਦਾ ਹੈ।
ਸਮਾਗਮ ਦੌਰਾਨ ਬਠਿੰਡਾ ਦਿਹਾਤੀ ਦੇ ਵਿਧਾਇਕ ਸ਼੍ਰੀ ਅਮਿਤ ਰਤਨ ਕੋਟਫੱਤਾ ਨੇ ਵਿਦਿਆਰਥੀਆਂ ਦੇ ਰੂਹ-ਬ-ਰੂਹ ਹੁੰਦਿਆਂ ਕਿਹਾ ਕਿ ਬੇਰੋਜ਼ਗਾਰੀ ਨੂੰ ਨਕੇਲ ਪਾਉਣ ਲਈ ਸੂਬਾ ਸਰਕਾਰ ਵਲੋਂ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸ਼੍ਰੀ ਕੋਟਫੱਤਾ ਨੇ ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ, ਨੰਦਗੜ੍ਹ ਵਲੋਂ ਕਿ੍ਰਸ਼ੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਇੱਕ ਰੋਜ਼ਾ ਸੈਮੀਨਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹੋ-ਜਿਹੇ ਸਮਾਗਮ ਭਵਿੱਖ ਵਿੱਚ ਕਰਵਾਉਂਦੇ ਰਹਾਂਗਾ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਤਕਨੀਕੀ ਮਾਹਿਰਾਂ ਵਲੋਂ ਸੂਬਾ ਸਰਕਾਰ ਦੀ ਮੱਦਦ ਨਾਲ ਚਲਾਈਆਂ ਜਾ ਰਹੀਆਂ ਸਵੈ ਰੋਜ਼ਗਾਰ ਦੀਆਂ ਸਕੀਮਾਂ ਤੇ ਚਾਨਣਾ ਪਾਇਆ ਗਿਆ। ਇਸ ਤੋਂ ਇਲਾਵਾ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਦਾ ਲਾਹੇਵੰਦ ਹੋਣਾ, ਇਸ ਦੀ ਸਾਂਭ-ਸੰਭਾਲ, ਲੋੜੀਂਦੀ ਕੀਟਨਾਸ਼ਕ ਅਤੇ ਡੀਐਸਆਰ ਪੋਰਟਲ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੇ ਰਜਿਸਟਰਾਰ ਸ਼੍ਰੀ ਜੀਪੀਐਸ ਬਰਾੜ, ਡਾਇਰੈਕਟਰ ਪੀਆਈਟੀ ਨੰਦਗੜ੍ਹ ਡਾ. ਆਰ.ਕੇ. ਬਾਂਸਲ ਵਲੋਂ ਮੁੱਖ ਮਹਿਮਾਨ ਵਿਧਾਇਕ (ਹਲਕਾ ਲੰਬੀ) ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਸ਼੍ਰੀ ਅਮਿਤ ਰਤਨ ਕੋਟਫੱਤਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਵਿਧਾਇਕ ਸ਼੍ਰੀ ਅਮਿਤ ਰਤਨ ਕੋਟਫੱਤਾ ਨੇ ਕਿਸਾਨਾਂ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਜਿਨ੍ਹਾਂ ਦਾ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਸਹਾਇਕ ਪ੍ਰੋਫੈਸਰ ਡਾ. ਗੁਰਮੀਤ ਸਿੰਘ ਢਿੱਲੋਂ, ਡਾ. ਅਜੀਤਪਾਲ ਸਿੰਘ ਧਾਲੀਵਾਲ, ਡਾ. ਸਰਪਿ੍ਰਯਾ ਸਿੰਘ, ਡਾ. ਗੁਰਦੀਪ ਸਿੰਘ, ਸਹਾਇਕ ਪ੍ਰੋਫੈਸਰ ਮੈਡਮ ਹਰਮਨਦੀਪ ਕੌਰ, ਡਾਇਰੈਕਟਰ ਟ੍ਰੇਨਿੰਗ ਐਂਡ ਪਲੇਸਮੈਂਟ ਸ਼੍ਰੀ ਹਰਜੋਤ ਸਿੰਘ, ਐਸਸੀਸੀ ਦੇ ਕਰਨਲ ਸ਼੍ਰੀ ਜਗਬੀਰ ਰਾਣਾ, ਸ. ਗੁਰਪ੍ਰਤੀਕ, ਫ਼ੈਕਲਟੀ ਅਤੇ ਸਮੂਹ ਸਟਾਫ਼ ਤੋਂ ਇਲਾਵਾ ਕਿਸਾਨ ਤੇ ਵਿਦਿਆਰਥੀ ਆਦਿ ਹਾਜ਼ਰ ਸਨ।
ਪਾਣੀ ਨੂੰ ਬਚਾਉਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ : ਗੁਰਮੀਤ ਸਿੰਘ ਖੁੱਡੀਆ
7 Views