ਝੋਨੇ ਦੀ ਪਰਾਲੀ ਦੇ ਅਗਾਊਂ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਕੀਤੀ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 14 ਫਰਵਰੀ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਸਾਉਣੀ 2023-24 ਦੌਰਾਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਅਗਾਊਂ ਲੋੜੀਂਦੇ ਐਕਸ਼ਨ ਪਲਾਨ ਤਿਆਰ ਕਰਨ ਬਾਰੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਆਯੋਜਿਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਸੂਬਾ ਸਰਕਾਰ ਦੁਆਰਾ ਦਿੱਤੇ ਗਏ ਸਾਉਣੀ 2023-24 ਦੇ ਐਕਸ਼ਨ ਪਲਾਨ ਅਨੁਸਾਰ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਦੇ ਬਦਲਵੇਂ ਹੱਲ ਲਈ ਜ਼ਿਲ੍ਹੇ ਵਿੱਚ ਗੱਤਾ ਫੈਕਟਰੀ ਅਤੇ ਪਾਇਲਟ ਪਲਾਂਟ ਸਥਾਪਿਤ ਕਰਨ ਲਈ ਜ਼ਿਲ੍ਹੇ ਵਿੱਚ ਮੌਜੂਦਾ ਉਦਯੋਗਿਕ ਸੰਸਥਾਵਾਂ ਦੇ ਮੁਖੀਆਂ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਕੀਤੇ ਜਾਣ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਖਾਸ਼ ਹਦਾਇਤ ਕੀਤੀ ਕਿ ਹੁਣੇ ਤੋਂ ਹੀ ਪਿੰਡ ਪੱਧਰ ਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਵੱਲੋਂ ਕਿਸਾਨ ਭਰਾਵਾਂ ਨੂੰ ਵੀ ਅਪੀਲ ਕੀਤੀ ਗਈ ਕਿ ਇਸ ਸਾਲ ਝੋਨੇ ਦੀ ਪਰਾਲੀ ਨੂੰ ਇਕੱਠਾ ਕਰਨ ਲਈ ਐਕਸਸੀਟੂ ਤਕਨੀਕ ਅਪਨਾਉਣ। ਇਸ ਮੌਕੇ ਐਸ.ਡੀ.ਓ (ਪ੍ਰਦੂਸ਼ਣ ਕੰਟਰੋਲ ਬੋਰਡ) ਵੱਲੋਂ ਦੱਸਿਆ ਕਿ ਇਸ ਸਾਲ ਬੀ.ਸੀ.ਐਲ. ਮਛਾਣਾ ਵੱਲੋਂ 1 ਲੱਖ ਮੀਟਰਕ ਟਨ ਝੋਨੇ ਦੀ ਪਰਾਲੀ ਖਰੀਦ ਕਰਨ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਐਚ.ਪੀ.ਸੀ.ਐਲ. ਕੈਲੇਬਾਂਦਰ ਵੱਲੋਂ ਵੀ 2 ਲੱਖ ਮੀਟਰਕ ਟਨ ਪਰਾਲੀ ਇਕੱਠੀ ਕਰਨ ਦੀ ਸੰਭਾਵਨਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੱਲਵੀ ਚੌਧਰੀ, ਐਸ.ਪੀ. (ਐਚ) ਸ੍ਰੀ ਗੁਰਬਿੰਦਰ ਸਿੰਘ ਸੰਘਾ, ਉਪ ਮੰਡਲ ਮੈਜਿਸਟਰੇਟ ਮੌੜ ਸ੍ਰੀ ਵਰਿੰਦਰ ਸਿੰਘ, ਉਪ ਮੰਡਲ ਮੈਜਿਸਟਰੇਟ ਰਾਮਪੁਰਾ ਸ੍ਰੀ ਓਮ ਪ੍ਰਕਾਸ, ਉਪ ਮੰਡਲ ਮੈਜਿਸਟਰੇਟ ਤਲਵੰਡੀ ਸਾਬੋ ਸ੍ਰੀ ਗਗਨਦੀਪ ਸਿੰਘ, ਕਨਵੀਨਰ ਮੁੱਖ ਖੇਤੀਬਾੜੀ ਅਫਸਰ, ਡੀ.ਆਰ (ਕੋ.ਸੋ.),ਜ਼ਿਲ੍ਹਾ ਉਦਯੋਗ ਕੇਂਦਰ, ਪਾਵਰਕਾਮ, ਸਿੱਖਿਆ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪਸ਼ੂ ਪਾਲਣ ਤੇ ਪੇਡਾ ਆਦਿ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।
Share the post "ਪਿੰਡ ਪੱਧਰ ਤੇ ਕੈਂਪ ਲਗਾ ਕੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾਵੇ ਜਾਗਰੂਕ : ਸ਼ੌਕਤ ਅਹਿਮਦ ਪਰੇ"