ਸੁਖਜਿੰਦਰ ਮਾਨ
ਬਠਿੰਡਾ, 3 ਦਸੰਬਰ: ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਪੰਜਾਬ ਰੋਡਵੇਜ, ਪਨਬੱਸ/ਪੀ ਆਰ ਟੀ ਸੀ ਕਾਮਿਆਂ ਨੇ ਅੱਜ ਯੂਨੀਅਨ ਦੇ ਸੱਦੇ ਹੇਠ ਬੱਸ ਸਟੈਂਡ ਉੱਤੇ ਰੋਸ ਪ੍ਰਦਰਸਨ ਕਰਦਿਆਂ ਦੋ ਘੰਟੇ ਲਈ ਚੱਕਾ ਜਾਮ ਕੀਤਾ ਗਿਆ। ਸਥਾਨਕ ਬੱਸ ਸਟੈਂਡ ਉਪਰ ਕੀਤੇ ਪ੍ਰਦਰਸ਼ਨ ਦੌਰਾਨ ਬੋਲਦਿਆਂ ਸੂਬਾ ਆਗੂ ਕੁਲਵੰਤ ਸਿੰਘ ਮਨੇਸ ,ਡਿਪੂ ਪ੍ਰਧਾਨ ਸੰਦੀਪ ਸਿੰਘ ਗਰੇਵਾਲ, ਮੀਤ ਪ੍ਰਧਾਨ ਗੁਰਦੀਪ ਸਿੰਘ ਝੁਨੀਰ ਨੇ ਦੋਸ਼ ਲਗਾਇਆ ਕਿ ਸਿਵਾਏ ਝੂਠੇ ਲਾਰਿਆਂ ਦੇ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜਮਾਂ ਨੂੰ ਪੱਕਾ ਨਹੀ ਕੀਤਾ ਜਾ ਰਿਹਾ। ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਫ਼ਿਰ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਬਾਅਦ ਵਿਚ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਵੜਿੰਗ ਨੇ ਭਰੋਸਾ ਦਿੱਤਾ ਪ੍ਰੰਤੂ ਨਵੇਂ ਐਕਟ ਵਿਚ ਬੋਰਡ ਤੇ ਕਾਰਪੋਰੇਸਨਾਂ ਨੂੰ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਸਿੱਧਾ ਕੱਚੇ ਮੁਲਾਜਮਾਂ ਦਾ ਨਾਤਾ ਤੋੜ ਦਿੱਤਾ ਹੈ। ਉਹਨਾਂ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ 10 ਹਜਾਰ ਸਰਕਾਰੀ ਬੱਸਾਂ ਕੀਤੀਆਂ ਜਾਣ ਪਰ ਪੰਜਾਬ ਸਰਕਾਰ ਵੱਲੋਂ ਕੋਈ ਵੀ ਬੱਸ ਸਰਕਾਰੀ ਖਜਾਨੇ ਵਿਚੋਂ ਨਹੀਂ ਪਾਈ ਜਾਂਦੀ ਪਨਬੱਸ ਅਤੇ ਬੈਂਕਾਂ ਤੋਂ ਕਰਜਾ ਲੈ ਕੇ ਬੱਸਾਂ ਪਾਂਦੀ ਹੈ, ਜਿਸ ਕਾਰਨ ਪੰਜਾਬ ਰੋਡਵੇਜ ਦੀਆਂ 2407 ਬੱਸਾਂ ਵਿੱਚੋ 399 ਬੱਸਾਂ ਹੀ ਰਹਿ ਗਈਆਂ ਹਨ।