7 Views
ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਕੀਤੀ ਮੰਗ
ਸੁਖਜਿੰਦਰ ਮਾਨ
ਬਠਿੰਡਾ,12 ਅਪਰੈਲ: ਮੁਲਾਜ਼ਮਾਂ ਦੀ ਅਹਿਮ ਤੇ ਪੁਰਾਣੀ ਮੰਗ ਪੈਨਸ਼ਨ ਨੂੰ ਲਾਗੂ ਕਰਵਾਉਣ ਲਈ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੀ ਅਗਵਾਈ ਹੇਠ ਸ੍ਰੀ ਅਮਿਤ ਰਤਨ ਵਿਧਾਇਕ ਹਲਕਾ ਬਠਿੰਡਾ ਦਿਹਾਤੀ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਦਿੱਤਾ ਗਿਆ ।ਆਗੂਆਂ ਨੇ ਹਲਕਾ ਵਿਧਾਇਕ ਨੂੰ ਕਿਹਾ ਕਿ ਇਸ ਅਹਿਮ ਮੰਗ ਨੂੰ ਨਾ ਸਿਰਫ਼ ਮੁੱਖ ਮੰਤਰੀ ਤੱਕ ਪੁੱਜਦਾ ਕੀਤਾ ਜਾਵੇ ਬਲਕਿ ਇਸ ਨੂੰ ਲਾਗੂ ਕਰਵਾਉਣ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾਣ। ਵਿਧਾਇਕ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਇਹ ਮੁਲਾਜ਼ਮਾਂ ਦੀ ਵਾਜਬ ਮੰਗ ਹੈ ਇਸ ਨੂੰ ਮੁੱਖ ਮੰਤਰੀ ਪੰਜਾਬ ਨਾਲ ਜ਼ਰੂਰ ਸਾਂਝਾ ਕੀਤਾ ਜਾਵੇਗਾ ।
ਇੱਥੇ ਜ਼ਿਕਰਯੋਗ ਹੈ ਕਿ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਪਰ ਨਵੀਂ ਪੈਨਸ਼ਨ ਸਕੀਮ ਲਾਗੂ ਕੀਤੀ ਗਈ ਹੈ ।ਇਹ ਪੂਰੀ ਤਰ੍ਹਾਂ ਮੁਲਾਜ਼ਮ ਮਾਰੂ ਫ਼ੈਸਲਾ ਹੈ ਅਤੇ ਬੁਢਾਪੇ ਨੂੰ ਸੁਰੱਖਿਅਤ ਨਹੀਂ ਕਰਦਾ ।ਮੁਲਾਜ਼ਮ ਲਗਾਤਾਰ ਇਸ ਦਾ ਵਿਰੋਧ ਕਰ ਰਹੇ ਹਨ ।
ਵਿਧਾਇਕ ਨੂੰ ਮੰਗ ਪੱਤਰ ਦੇਣ ਵਾਲਿਆਂ ਵਿੱਚ ਜ਼ਿਲ੍ਹਾ ਫਰੰਟ ਦੇ ਆਗੂਆਂ ਦਵਿੰਦਰ ਡਿੱਖ, ਜਤਿੰਦਰ ਸ਼ਰਮਾ ,ਨਰਿੰਦਰ ਬੱਲੂਆਣਾ, ਸੁਨੀਲ ਕੁਮਾਰ ਨੇ ਕਿਹਾ ਕਿ ਜ਼ਿਕਰਯੋਗ ਹੈ ਕਿ ਚੋਣਾਂ ਸਮੇਂ ਕੀਤੇ ਵਾਅਦਿਆਂ ਵਿਚ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਹਰਪਾਲ ਚੀਮਾ ਲੀਡਰ ਵਿਰੋਧੀ ਧਿਰ ਨੇ ਸਰਕਾਰ ਬਣਨ ਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਜਨਤਕ ਵਾਅਦਾ ਕੀਤਾ ਸੀ ।ਇਸ ਲਈ ਇਸ ਅਹਿਮ ਮੰਗ ਨੂੰ ਪੂਰਾ ਕਰਨ ਦਾ ਸਮਾਂ ਆ ਗਿਆ ਹੈ ।ਇਸਦੇ ਨਾਲ ਹੀ ਛੱਤੀਸਗੜ੍ਹ ਅਤੇ ਰਾਜਸਥਾਨ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਕਰਕੇ ਚੰਗੀ ਪਹਿਲਕਦਮੀ ਕੀਤੀ ਹੈ ।
ਇਸ ਸਮੇਂ ਹੋਰਨਾਂ ਤੋਂ ਇਲਾਵਾ ਡੈਮੋਕ੍ਰੇਟਿਕ ਟੀਚਰ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ ,ਗੁਰਪਾਲ ਸਿੰਘ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਿਕੰਦਧਾਲੀਵਾਲ ,ਗੁਰਮੇਲ ਸਿੰਘ ਚੁੱਘੇ ਕਲਾਂ,ਹਰਵਿੰਦਰ ਸਿੰਘ ਭੱਟੀ ,ਵੀਰਪਾਲ ਕੌਰ ,ਸੁਰਜੀਤ ਸਿੰਘ ਬੰਗੀ ਆਦਿ ਹਾਜ਼ਰ ਸਨ ।