ਸੁਖਜਿੰਦਰ ਮਾਨ
ਬਠਿੰਡਾ, 4 ਅਪ੍ਰੈਲ :-ਪੀਆਰਟੀਸੀ ਵਿਭਾਗ ਵੱਲੋਂ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਬੱਸ ਅੱਡਾ ਫੀਸ ਵਿਚ ਬੇਤਹਾਸ਼ਾ ਵਾਧਾ ਕੀਤਾ ਗਿਆ ਹੈ, ਜਿਸ ਕਰਕੇ ਪ੍ਰਾਈਵੇਟ ਟਰਾਂਸਪੋਰਟਰਾਂ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਪ੍ਰਾਈਵੇਟ ਬੱਸ ਅਪਰੇਟਰ ਯੂਨੀਅਨ ਦੇ ਸੀਨੀਅਰ ਆਗੂ ਅਤੇ ਟਰਾਂਸਪੋਰਟਰ ਪ੍ਰਿਥੀਪਾਲ ਸਿੰਘ ਜਲਾਲ ਨੇ ਅੱਜ ਇਸ ਮੁੱਦੇ ’ਤੇ ਪ੍ਰੈਸ ਬਿਆਨ ਵਿਚ ਜਾਰੀ ਕਰਦਿਆਂ ਕਿਹਾ ਕਿ ਪੀਆਰਟੀਸੀ ਵਿਭਾਗ ਵੱਲੋਂ ਬੱਸ ਅੱਡਾ ਫੀਸ ਵਿਚ ਬੇਤਹਾਸ਼ਾ ਵਾਧਾ ਕੀਤਾ ਗਿਆ ਹੈ, ਜਿਸਦੇ ਨਾਲ ਪਹਿਲਾਂ ਹੀ ਆਰਥਿਕ ਮੰਦਹਾਲੀ ਵਿਚ ਚੱਲ ਰਹੀ ਪ੍ਰਾਈਵੇਟ ਸਨਅਤ ਨੂੰ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਦੱਸਿਆ ਕਿ ਅੱਡਾ ਫੀਸ ਵਿਚ ਕੀਤੇ ਗਏ ਵਾਧੇ ਦੇ ਵਿਰੋਧ ’ਚ ਪ੍ਰਾਈਵੇਟ ਟਰਾਂਸਪੋਟਰਾ ਵੱਲੋਂ ਬਠਿੰਡਾ ਡਿੱਪੂ ਦੇ ਜੀਐਮ ਨਾਲ ਗੱਲਬਾਤ ਕੀਤੀ ਸੀ ਪਰੰਤੂ ਜਨਰਲ ਮੈਨੇਜਰ ਵੱਲੋਂ ਇਸ ਫੈਸਲੇ ਤੇ ਕੋਈ ਵੀ ਰਾਹਤ ਦੇਣ ਤੋਂ ਹੱਥ ਖੜੇ ਕਰ ਦਿੱਤੇ ਹਨ । ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਵਾਧੇ ਨੂੰ ਤੁਰੰਤ ਵਾਪਸ ਲੈਣ ਦਾ ਐਲਾਨ ਕਰੇ। ਉਨ੍ਹਾਂ ਕਿਹਾ ਕਿ ਜੇਕਰ ਅੱਡਾ ਫੀਸ ਵਿੱਚ ਕੀਤਾ ਵਾਧਾ ਰੱਦ ਨਾ ਕੀਤਾ ਤਾਂ ਪੰਜਾਬ ਦੇ ਟਰਾਂਸਪੋਰਟ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸਦੇ ਨਾਲ ਹੀ ਉਨ੍ਹਾਂ ਅਦਾਲਤ ਦਾ ਦਰਵਾਜ਼ਾ ਖੜਕਾਉਣ ਦੀ ਵੀ ਚੇਤਾਵਨੀ ਦਿੱਤੀ।
Share the post "ਪ੍ਰਾਈਵੇਟ ਟ੍ਰਾਂਸਪੋਟਰਾਂ ’ਤੇ ਪਾਏ ਆਰਥਿਕ ਬੋਝ ਦਾ ਨੋਟਿਸ ਲੈਣ ਮੁੱਖ ਮੰਤਰੀ: ਪ੍ਰਿਥੀਪਾਲ ਸਿੰਘ ਜਲਾਲ"