ਸੁਖਜਿੰਦਰ ਮਾਨ
ਬਠਿੰਡੇ, 26 ਜਨਵਰੀ: ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਭਾਰਤ ਦਾ 74ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜੋਸ਼ ਨਾਲ ਮਨਿਆ ਗਿਆ। ਇਸ ਮੌਕੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਯੂਨੀਵਰਸਿਟੀ ਕੈਂਪਸ ਵਿਖੇ ਭਾਰਤ ਦਾ ਰਾਸ਼ਟਰੀ ਝੰਡਾ ਅਤੇ ਯੂਨੀਵਰਸਿਟੀ ਦਾ ਝੰਡਾ ਲਹਿਰਾਇਆ। ਝੰਡਾ ਲਹਿਰਾਉਣ ਦੀ ਰਸਮ ਅਤੇ ਪਰੇਡ ਦਾ ਨਿਰੀਖਣ ਕਰਨ ਉਪਰੰਤ ਵਾਈਸ-ਚਾਂਸਲਰ ਪ੍ਰੋ. ਤਿਵਾਰੀ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ’ਤੇ ਯੂਨੀਵਰਸਿਟੀ ਦੀ ਪਹਿਲੀ ਮਹਿਲਾ ਸ਼੍ਰੀਮਤੀ ਕਰੂਣਾ ਤਿਵਾਰੀ ਅਤੇ ਪਿੰਡ ਘੁੱਦਾ ਨਿਵਾਸ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਵਾਈਸ-ਚਾਂਸਲਰ ਪ੍ਰੋ. ਤਿਵਾਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਾਡਾ ਸੰਵਿਧਾਨ ਇਕ ਪਵਿੱਤਰ ਦਸਤਾਵੇਜ਼ ਹੈ ਜਿਸ ਦੀ ਪਾਲਣਾ ਹਰ ਨਾਗਰਿਕ ਲਈ ਲਾਜ਼ਮੀ ਹੈ। ਸਾਡਾ ਸੰਵਿਧਾਨ ਭਾਰਤ ਵਿੱਚ ਸਮਾਜ ਦੇ ਹਰ ਵਰਗ ਦੇ ਸਮਾਵੇਸ਼ੀ ਵਿਕਾਸ ਦਾ ਰਾਹ ਪੱਧਰਾ ਕਰਦਾ ਹੈ। ਇਸ ਲਈ ਸਾਨੂੰ ਆਪਣੇ ਅਧਿਕਾਰਾਂ ਅਤੇ ਫਰਜ਼ਾਂ ਪ੍ਰਤੀ ਸੁਚੇਤ ਹੋ ਕੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਕੰਮ ਕਰਨ ਦੀ ਲੋੜ ਹੈ ਅਤੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਪ੍ਰੋ. ਤਿਵਾਰੀ ਨੇ ਕਿਹਾ ਕਿ ਪੰਜਾਬੀਆਂ ਨੇ ਜੀਵਨ ਦੇ ਵੱਖ-ਵੱਖ ਖੇਤਰਾਂ ਵਿੱਚ ਹਮੇਸ਼ਾ ਨਵੇਂ ਮਾਪਦੰਡ ਸਥਾਪਤ ਕੀਤੇ ਹਨ ਅਤੇ ਇਸ ਸਾਲ ਭਾਰਤ ਸਰਕਾਰ ਨੇ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ਦੋ ਪੰਜਾਬੀਆਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਹੈ। ਉਨ੍ਹਾਂ ਨੇ ਯੂਨੀਵਰਸਿਟੀ ਦੇ ਸਕੂਲ ਬੋਰਡ ਦੇ ਮੈਂਬਰ ਪ੍ਰੋ. ਕਪਿਲ ਕਪੂਰ ਨੂੰ ਪਦਮ ਭੂਸ਼ਣ ਪੁਰਸਕਾਰ ਅਤੇ ਸ਼੍ਰੀ ਰਤਨ ਸਿੰਘ ਜੱਗੀ ਨੂੰ ਪਦਮ ਸ਼੍ਰੀ ਪੁਰਸਕਾਰ ਪ੍ਰਾਪਤ ਕਰਨ ਤੇ ਵਧਾਈ ਦਿੱਤੀ।ਉਨ੍ਹਾਂ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਨਿਰੰਤਰ ਅਧਿਆਪਨ ਰਾਹੀਂ ਆਪਣੇ ਵਿਚਾਰਾਂ ਵਿੱਚ ਪਰਿਪੱਕਤਾ ਲਿਆ ਕੇ ਉੱਚ ਬੌਧਿਕ ਪੱਧਰ ਦੀ ਪ੍ਰਾਪਤੀ ਲਈ ਕੰਮ ਕਰਨ ਅਤੇ ਆਪਣੇ ਗਿਆਨ ਨੂੰ ਆਪਣੇ ਕੰਮਾਂ ਵਿੱਚ ਲਗਾ ਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ। ਉਨ੍ਹਾਂ ਨੇ ਯੂਨੀਵਰਸਿਟੀ ਭਾਈਚਾਰੇ ਨੂੰ ਮਿਆਰੀ ਸਿੱਖਿਆ ਅਤੇ ਖੋਜ ਰਾਹੀਂ ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਨਵੀਆਂ ਉਚਾਈਆਂ ’ਤੇ ਲਿਜਾਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਡੀਨ ਇੰਚਾਰਜ ਅਕਾਦਮਿਕ ਪ੍ਰੋ. ਆਰ.ਕੇ. ਵੁਸਰਿਕਾ; ਡੀਨ ਵਿਦਿਆਰਥੀ ਭਲਾਈ ਪ੍ਰੋ. ਵੀ.ਕੇ ਗਰਗ; ਡਾਇਰੈਕਟਰ, ਖੋਜ ਅਤੇ ਵਿਕਾਸ ਸੈੱਲ ਪ੍ਰੋ ਅੰਜਨਾ ਮੁਨਸ਼ੀ; ਆਈਕਿਊਏਸੀ ਦੇ ਡਾਇਰੈਕਟਰ ਪ੍ਰੋ. ਮੋਨੀਸ਼ਾ ਧੀਮਾਨ; ਵੱਖ-ਵੱਖ ਸਕੂਲਾਂ ਦੇ ਡੀਨ; ਅਤੇ ਵਿਭਾਗ ਦੇ ਮੁਖੀ ਹਾਜ਼ਰ ਸਨ। ਇਸ ਪ੍ਰੋਗਰਾਮ ਵਿੱਚ ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ।
ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਭਾਰਤ ਦਾ 74ਵਾਂ ਗਣਤੰਤਰ ਦਿਵਸ ਮਨਾਇਆ
23 Views