ਸੁਖਜਿੰਦਰ ਮਾਨ
ਬਠਿੰਡਾ, 13 ਅਪਰੈਲ: ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਐਨਐਸਐਸ ਸੈੱਲ ਵੱਲੋਂ ਸਿਵਲ ਹਸਪਤਾਲ, ਬਠਿੰਡਾ ਦੇ ਸਹਿਯੋਗ ਨਾਲ ਜਲ੍ਹਿਆਂਵਾਲਾ ਬਾਗ ਸਾਕੇ ਦੇ ਸ਼ਹੀਦਾਂ ਦੀ ਯਾਦ ਵਿੱਚ 13 ਅਪਰੈਲ, 2022 ਨੂੰ ਯੂਨੀਵਰਸਿਟੀ ਕੈਂਪਸ ਵਿੱਚ ਖ਼ੂਨਦਾਨ ਕੈਂਪ ਲਾਇਆ ਗਿਆ। ਇਸ ਕੈਂਪ ਲਈ 150 ਦੇ ਕਰੀਬ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਰਜਿਸਟ੍ਰੇਸ਼ਨ ਕਰਵਾਈ।
ਇਸ ਮੌਕੇ ਸਿਵਲ ਹਸਪਤਾਲ ਬਠਿੰਡਾ ਦੀ ਡਾਕਟਰੀ ਟੀਮ ਨੇ ਡਾ. ਰਿਚਿਕਾ (ਐਮ.ਡੀ., ਪੈਥੋਲੋਜੀ) ਦੀ ਅਗਵਾਈ ਵਿੱਚ ਸੀਯੂਪੀਬੀ ਕੈਂਪਸ ਦਾ ਦੌਰਾ ਕੀਤਾ। ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਖੂਨਦਾਨ ਕਰਨ ਤੋਂ ਪਹਿਲਾਂ ਖੂਨਦਾਨੀਆਂ ਦੇ ਹੀਮੋਗਲੋਬਿਨ ਅਤੇ ਹੋਰ ਯੋਗ ਮਾਪਦੰਡਾਂ ਦੀ ਜਾਂਚ ਕੀਤੀ ਗਈ। ਕੈਂਪ ਵਿੱਚ ਲਗਭਗ 105 ਯੂਨਿਟ ਖੂਨ ਇਕੱਤਰ ਕੀਤਾ ਗਿਆ।ਖੂਨਦਾਨ ਕੈਂਪ ਦੀ ਸ਼ੁਰੂਆਤ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪੀ. ਤਿਵਾਰੀ ਵੱਲੋਂ ਖੂਨਦਾਨ ਕਰਕੇ ਕੀਤੀ ਗਈ। ਇਸ ਤੋਂ ਬਾਅਦ ਅਧਿਆਪਕਾਂ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਆਪਣੀ ਡਾਕਟਰੀ ਜਾਂਚ ਕਰਵਾਕੇ ਖ਼ੂਨਦਾਨ ਕੀਤਾ। ਖੂਨਦਾਨ ਕਰਨ ਤੋਂ ਬਾਅਦ ਖੂਨਦਾਨੀਆਂ ਨੂੰ ਸਰਟੀਫਿਕੇਟ ਦਿੱਤੇ ਗਏ। ਇਸ ਪ੍ਰੋਗਰਾਮ ਦੌਰਾਨ ਵਾਈਸ ਚਾਂਸਲਰ ਪ੍ਰੋ.ਰਾਘਵੇਂਦਰ ਪੀ.ਤਿਵਾਰੀ, ਕੰਟਰੋਲਰ ਪਰੀਖਿਆਵਾਂ ਅਤੇ ਰਜਿਸਟਰਾਰ (ਕਾਰਜਕਾਰੀ) ਪ੍ਰੋ ਬੀ.ਪੀ. ਗਰਗ, ਡਾਇਰੈਕਟਰ ਆਈਕਿਊਏਸੀ ਪ੍ਰੋ. ਮੋਨੀਸ਼ਾ ਧੀਮਾਨ, ਡੀਨ ਰਿਸਰਚ ਪ੍ਰੋ. ਅੰਜਨਾ ਮੁਨਸ਼ੀ, ਐਨਐੱਸਐੱਸ ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਦੀਪਕ ਚੌਹਾਨ ਅਤੇ ਯੂਨੀਵਰਸਿਟੀ ਦੇ ਮੈਡੀਕਲ ਅਫ਼ਸਰ ਡਾ. ਰਿਸ਼ੀ ਮਿਸ਼ਰਾ ਨੇ ਖੂਨਦਾਨੀਆਂ ਨੂੰ ਸ਼ੁਭ-ਕਾਮਨਾਵਾਂ.ਦਿੱਤੀਆਂ।ਵਾਈਸ ਚਾਂਸਲਰ ਪ੍ਰੋ.ਆਰ.ਪੀ.ਤਿਵਾਰੀ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਲਗਾਏ ਗਏ ਇਸ ਖੂਨਦਾਨ ਕੈਂਪ ਵਿਚ ਵੱਡੀ ਗਿਣਤੀ ਵਿੱਚ ਖ਼ੂਨਦਾਨੀਆਂ ਵਜੋਂ ਰਜਿਸਟਰ ਹੋਣ ਲਈ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ। ਅੰਤ ਵਿੱਚ ਡਾ: ਨਰਿੰਦਰ ਅਤੇ ਐਨਐਸਐਸ ਪ੍ਰੋਗਰਾਮ ਅਫਸਰਾਂ ਨੇ ਸਿਵਲ ਹਸਪਤਾਲ ਬਠਿੰਡਾ ਦੀ ਡਾਕਟਰੀ ਟੀਮ ਦਾ ਧੰਨਵਾਦ ਕੀਤਾ ਅਤੇ ਇਸ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਐਨਐਸਐਸ ਵਾਲੰਟੀਅਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
Share the post "ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਜਲਿਆਂਵਾਲਾ ਬਾਗ ਸਾਕੇ ਦੇ ਸ਼ਹੀਦਾਂ ਦੀ ਯਾਦ ਵਿੱਚ ਖੂਨਦਾਨ ਕੈਂਪ ਦਾ ਆਯੋਜਨ"