ਬਲਾਕ ਤੇ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾਣਗੇ ਖੇਡ ਮੁਕਾਬਲੇ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 17 ਅਗਸਤ : ਪੰਜਾਬ ਸਰਕਾਰ ਵੱਲੋਂ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ 29 ਅਗਸਤ ਤੋਂ ਸੂਬੇ ਭਰ ਵਿੱਚ ‘ਪੰਜਾਬ ਖੇਡ ਮੇਲਾ-2022’ ਦੇ ਨਾਂ ਹੇਠ ਬਲਾਕ ਅਤੇ ਜ਼ਿਲਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਖੇਡ ਮੇਲਿਆਂ ਵਿੱਚ ਭਾਗ ਲੈਣ ਲਈ ਜ਼ਿਲ੍ਹੇ ਦੇ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੂੰ ਵੱਧ ਤੋ ਵੱਧ ਗਿਣਤੀ ਵਿੱਚ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਆ ਜਾਣਾ ਜ਼ਰੂਰੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਹਰ ਪ੍ਰਾਈਵੇਟ ਅਤੇ ਸਰਕਾਰੀ ਵਿਦਿਅਕ ਅਦਾਰੇ ਦੇ ਵਿਦਿਆਰਥੀਆਂ, ਯੂਥ ਕਲੱਬਾਂ ਦੇ ਮੈਂਬਰਾਂ, ਖੇਡ ਕਲੱਬਾਂ ਦੇ ਮੈਂਬਰਾਂ, ਗ੍ਰਾਮ ਪੰਚਾਇਤਾਂ, ਵਾਰਡਾਂ ਦੇ ਨਾਗਰਿਕਾਂ ਨੂੰ ਇਨ੍ਹਾਂ ਖੇਡਾਂ ਵਿੱਚ ਰਜਿਸਟ੍ਰੇਸਨ ਕਰਵਾਉਣ ਲਈ ਯਕੀਨੀ ਤੌਰ ਉੱਤੇ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਅੰਡਰ-14 (ਲੜਕੇ ਤੇ ਲੜਕੀਆਂ), ਅੰਡਰ-17 (ਲੜਕੇ ਤੇ ਲੜਕੀਆਂ), ਅੰਡਰ-21 (ਲੜਕੇ ਤੇ ਲੜਕੀਆਂ), 21 ਤੋਂ 40 ਸਾਲ (ਓਪਨ ਵਰਗ), 50 ਸਾਲ ਤੋਂ ਵੱਧ (ਓਪਨ ਵਰਗ) ਦੇ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ ਖੇਡ ਵਿਭਾਗ ਪੰਜਾਬ ਦੇ ਪੋਰਟਲ .2022. ’ਤੇ ਆਨਲਾਈਨ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ ਜਦਕਿ ਆਫ਼-ਲਾਇਨ ਰਜਿਸਟ੍ਰੇਸ਼ਨ ਲਈ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ ਤੋਂ ਫ਼ਾਰਮ ਪ੍ਰਾਪਤ ਕਰਕੇ ਉੱਥੇ ਹੀ ਭਰ ਕੇ ਦਿੱਤੇ ਜਾ ਸਕਦੇ ਹਨ। ਉਨਾਂ ਦੱਸਿਆ ਕਿ 41 ਤੋਂ 50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਦੇ ਵਰਗ ਵਿੱਚ ਕੇਵਲ ਟੇਬਲ ਟੈਨਿਸ, ਲਾਅਨ ਟੈਨਿਸ, ਵਾਲੀਬਾਲ, ਬੈਡਮਿੰਟਨ ਤੇ ਅਥਲੈਟਿਕਸ ਦੇ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਵਿੱਚ 6, ਜ?ਿਲ੍ਹਾ ਪੱਧਰੀ ਖੇਡਾਂ ਵਿੱਚ 22 ਕਿਸਮ ਦੀਆਂ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਨਲਾਈਨ ਰਜਿਸਟਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਜੋ ਕਿ 25 ਅਗਸਤ ਤੱਕ ਜਾਰੀ ਰਹੇਗੀ। ਉਨਾਂ ਦੱਸਿਆ ਕਿ ਸਰੀਰਕ ਤੌਰ ’ਤੇ ਦਿਵਿਆਂਗ, ਗੂੰਗੇ ਤੇ ਬੋਲੇ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ ਤੇ ਖਿਡਾਰਨਾਂ ਲਈ ਵੀ ਪੰਜਾਬ ਸਰਕਾਰ ਵੱਲੋਂ ਇਸ ਖੇਡ ਮੇਲੇ ਵਿੱਚ ਜ਼ਿਲਾ ਪੱਧਰੀ ਤੇ ਰਾਜ ਪੱਧਰੀ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਦਿਵਿਆਂਗ ਖਿਡਾਰੀਆਂ ਲਈ ਜ਼ਿਲਾ ਪੱਧਰ ’ਤੇ ਅਥਲੈਟਿਕਸ, ਬੈਡਮਿੰਟਨ, ਸੂਟਿੰਗ ਵਾਲੀਬਾਲ ਅਤੇ ਟੇਬਲ ਟੈਨਿਸ ਜਦਕਿ ਰਾਜ ਪੱਧਰੀ ’ਤੇ ਕਰਵਾਈਆਂ ਜਾਣ ਵਾਲੀਆਂ ਖੇਡਾਂ ਵਿੱਚ ਆਰਚਰੀ, ਸ਼ੂਟਿੰਗ ਪੈਰਾ ਸਪੋਟ ਅਤੇ ਵੀਲ ਚੇਅਰ ਬਾਸਕਟਬਾਲ ਖੇਡਾਂ ਨੂੰ ਸ਼ਾਮਲ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੇਡ ਅਫ਼ਸਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਖੇਡਾਂ ਲਈ ਢੁੱਕਵੇਂ ਖੇਡ ਮੈਦਾਨਾਂ ਦੀ ਚੋਣ ਕੀਤੀ ਜਾਵੇ ਤਾਂ ਜੋ ਖੇਡਾਂ ਨੂੰ ਨੇਪਰੇ ਚੜ੍ਹਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਰਪੇਸ਼ ਨਾ ਆਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਆਰਪੀ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇਕਬਾਲ ਸਿੰਘ ਤੋਂ ਇਲਾਵਾ ਸ਼੍ਰੀ ਨਰਿੰਦਰ ਸਿੰਘ ਆਦਿ ਹਾਜ਼ਰ ਸਨ।
Share the post "“ਪੰਜਾਬ ਖੇਡ ਮੇਲੇ 2022“ ਲਈ ਵੱਧ ਤੋਂ ਵੱਧ ਖਿਡਾਰੀ ਕਰਵਾਉਣ ਆਨਲਾਈਨ ਰਜਿਸਟਰੇਸ਼ਨ : ਡਿਪਟੀ ਕਮਿਸ਼ਨਰ"