76 ਤੋਂ 100 ਫੀਸਦੀ ਖ਼ਰਾਬੇ ਲਈ ਪ੍ਰਤੀ ਏਕੜ ਮੁਆਵਜ਼ਾ 12 ਹਜ਼ਾਰ ਰੁਪਏ ਤੋਂ ਵਧਾ ਕੇ 15 ਹਜ਼ਾਰ ਰੁਪਏ ਕੀਤਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 31 ਮਾਰਚ: ਕੁਦਰਤੀ ਆਫ਼ਤਾਂ ਕਾਰਨ ਹੁੰਦੇ ਨੁਕਸਾਨ ਤੋਂ ਰਾਹਤ ਦੇਣ ਲਈ ਕਿਸਾਨ ਪੱਖੀ ਫ਼ੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਫ਼ਸਲ ਦੇ ਖ਼ਰਾਬੇ ਦਾ ਮੁਆਵਜ਼ਾ 25 ਫੀਸਦੀ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ, ਜਿਸ ਨਾਲ ਅੰਨਦਾਤਾ ਨੂੰ ਵੱਡੀ ਰਾਹਤ ਮਿਲੇਗੀ।ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਹੋਰ ਵੇਰਵੇ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਹਾਲ ਹੀ ਵਿੱਚ ਪਏ ਭਾਰੀ ਮੀਂਹ, ਗੜ੍ਹੇਮਾਰੀ ਤੇ ਤੇਜ਼ ਹਵਾਵਾਂ ਕਾਰਨ ਹੋਏ ਨੁਕਸਾਨ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਨੇ ਫ਼ਸਲ ਦੇ 76 ਤੋਂ 100 ਫੀਸਦੀ ਤੱਕ ਹੋਏ ਨੁਕਸਾਨ ਲਈ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 15 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਦਾ ਫੈਸਲਾ ਕੀਤਾ ਹੈ। ਇਹ ਕਦਮ ਪ੍ਰਭਾਵਿਤ ਕਿਸਾਨਾਂ ਨੂੰ ਵੱਡੀ ਰਾਹਤ ਦੇਵੇਗਾ ਕਿਉਂਕਿ ਉਹ ਸਰਕਾਰ ਪਾਸੋਂ ਢੁਕਵੀਂ ਵਿੱਤੀ ਰਾਹਤ ਲੈਣ ਦੇ ਯੋਗ ਹੋਣਗੇ। ਇਹ ਰਾਹਤ ਰਾਸ਼ੀ ਪਹਿਲੀ ਮਾਰਚ, 2023 ਤੋਂ ਲਾਗੂ ਮੰਨੀ ਜਾਵੇਗੀ।ਰਜਿਸਟਰੀ ਉਤੇ ਲੱਗਣ ਵਾਲੀ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਛੋਟ ਦੀ ਮਿਆਦ 30 ਅਪ੍ਰੈਲ ਤੱਕ ਵਧਾਈ ਵਡੇਰੇ ਜਨਤਕ ਹਿੱਤ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਜਾਇਦਾਦ/ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੀ ਮਿਆਦ 30 ਅਪ੍ਰੈਲ, 2023 ਤੱਕ ਵਧਾਉਣ ਦੀ ਸਹਿਮਤੀ ਦੇ ਦਿੱਤੀ ਹੈ। ਇਸ ਸਮੇਂ ਦੌਰਾਨ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਹੁਣ ਐਡੀਸ਼ਨਲ ਸਟੈਂਪ ਡਿਊਟੀ ਤੋਂ ਇਕ ਫੀਸਦੀ, ਪੀ.ਆਈ.ਡੀ.ਬੀ. ਫੀਸ ਤੋਂ ਇਕ ਫੀਸਦੀ ਅਤੇ ਵਿਸ਼ੇਸ਼ ਫੀਸ ਤੋਂ 0.25 ਫੀਸਦੀ ਛੋਟ ਹੋਵੇਗੀ।
Share the post "ਪੰਜਾਬ ਵਜ਼ਾਰਤ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਮੁਆਵਜ਼ਾ ਰਾਸ਼ੀ 25 ਫੀਸਦੀ ਵਧਾਈ"