ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ’ਤੇ ਨਹੀਂ ਹੈ ਕੋਈ ਪਾਬੰਦੀ
ਸਵੈ-ਰੱਖਿਆ ਲਈ ਲਾਇਸੈਂਸਸ਼ੁਦਾ ਹਥਿਆਰ ਆਪਣੇ ਕੋਲ ਰੱਖਣ ’ਤੇ ਵੀ ਕੋਈ ਰੋਕ ਨਹੀਂ
ਆਈ.ਜੀ.ਪੀ. ਸੁਖਚੈਨ ਗਿੱਲ ਨੇ ਨਫ਼ਰਤ ਫੈਲਾਉਣ ਵਾਲਿਆਂ ਨੂੰ ਦਿੱਤੀ ਸਖ਼ਤ ਕਾਰਵਾਈ ਦੀ ਚੇਤਾਵਨੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 29 ਨਵੰਬਰ: ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਵਲੋਂ ਇੱਕ ਪੱਤਰ ਜਾਰੀ ਕਰਕੇ ਸੂਬੇ ਵਿਚ ਗੰਨ ਕਲਚਰ ’ਤੇ ਰੋਕ ਲਗਾਉਣ ਲਈ ਆਗਾਮੀ ਤਿੰਨ ਮਹੀਨਿਆਂ ਤੱਕ ਨਵੇਂ ਲਾਈਸੈਂਸ ਜਾਰੀ ਕਰਨ ਸਬੰਧੀ ਪੱਤਰ ਤੋਂ ਬਾਅਦ ਅੱਜ ਇਸ ਮਾਮਲੇ ’ਚ ਦਾਅਵਾ ਕੀਤਾ ਹੈ ਕਿ ‘‘ਸੂਬੇ ਵਿੱਚ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਸਵੈ-ਰੱਖਿਆ ਲਈ ਇਨ੍ਹਾਂ ਨੂੰ ਆਪਣੇ ਕੋਲ ਰੱਖਣ ’ਤੇ ਕੋਈ ਪਾਬੰਦੀ ਨਹੀਂ ਹੈ।’’ ਅੱਜ ਇੱਥੇ ਪੁਲਿਸ ਹੈਡਕੁਆਟਰ ਵਿਚ ਅਪਣੀ ਹਫ਼ਤਾਵਾਰੀ ਪ੍ਰੈਸ ਵਾਰਤਾ ਦੌਰਾਨ ਪੰਜਾਬ ਸਰਕਾਰ ਦਾ ਗੰਨ ਕਲਚਰ ’ਤੇ ਪੱਖ ਰੱਖਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਸਪੱਸ਼ਟ ਕੀਤਾ ਹੈ ਕਿ ‘‘ ਕੋਈ ਵੀ ਵਿਅਕਤੀ ਆਪਣਾ ਲਾਇਸੈਂਸਸ਼ੁਦਾ ਹਥਿਆਰ ਆਪਣੇ ਕੋਲ ਰੱਖ ਸਕਦਾ ਹੈ, ਪਰ ਮਹਿਜ਼ ਦਿਖਾਵੇ ਜਾਂ ਕਿਸੇ ਨੂੰ ਡਰਾਉਣ ਧਮਕਾਉਣ ਲਈ ਇਸ ਦਾ ਪ੍ਰਦਰਸ਼ਨ ਨਹੀਂ ਕੀਤਾ ਜਾਣਾ ਚਾਹੀਦਾ। ’’ ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਨਵੇਂ ਅਸਲਾ ਲਾਇਸੈਂਸ ਚੰਗੀ ਤਰ੍ਹਾਂ ਤਸਦੀਕ ਕਰਨ ਉਪਰੰਤ ਕਿਸੇ ਵਿਅਕਤੀ ਨੂੰ ਖ਼ਤਰੇ ਸਬੰਧੀ ਤੱਥਾਂ ਨੂੰ ਧਿਆਨ ਵਿੱਚ ਰੱਖਦਿਆਂ ਮੈਰਿਟ ਦੇ ਆਧਾਰ ’ਤੇ ਜਾਰੀ ਕੀਤੇ ਜਾ ਰਹੇ ਹਨ।ਜ਼ਿਕਰਯੋਗ ਹੈ ਕਿ ਹਥਿਆਰਾਂ ਦੇ ਦਿਖਾਵੇ ਅਤੇ ਇਸ ਨੂੰ ਉਤਸ਼ਾਹਿਤ ਕਰਨ ਸਬੰਧੀ ਰੁਝਾਨ ਨੂੰ ਠੱਲ੍ਹ ਪਾਉਣ ਲਈ ਸਰਕਾਰ ਵਲੋਂ ਵਿੱਢੀ ਮੁਹਿੰਮ ਤਹਿਤ ਲਾਇਸੈਂਸਧਾਰਕਾਂ ਦੇ ਪਤੇ ਦੀ ਤਸਦੀਕ ਕਰਨ ਦੇ ਨਾਲ-ਨਾਲ ਲਾਇਸੈਂਸਸ਼ੁਦਾ ਹਥਿਆਰਾਂ ਦੀ ਪੜਤਾਲ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੋਕਾਂ ਨੂੰ ਹਥਿਆਰਾਂ ਦੇ ਪ੍ਰਦਰਸ਼ਨ ਤੋਂ ਰੋਕਣ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਥਿਆਰਾਂ ਨਾਲ ਆਪਣੀਆਂ ਤਸਵੀਰਾਂ ਹਟਾਉਣ ਲਈ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ।ਆਈ.ਜੀ.ਪੀ. ਨੇ ਕਿਹਾ ਕਿ ਇਸ ਦੇ ਨਾਲ ਹੀ ਨਫ਼ਰਤੀ ਅਪਰਾਧਾਂ ਸਬੰਧੀ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਾਰੇ ਸੀ.ਪੀਜ਼/ਐਸ.ਐਸ.ਪੀਜ਼. ਨੂੰ ਨਫ਼ਰਤ ਫੈਲਾਉਣ ਵਾਲਿਆਂ, ਜੋ ਸਮਾਜਿਕ ਤੇ ਆਪਸੀ ਭਾਈਚਾਰੇ ਦੇ ਤਾਣੇ-ਬਾਣੇ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕਰਦੇ ਹਨ, ਖ਼?ਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ ਲਈ ਵੀ ਕਿਹਾ।
Share the post "ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ’ਤੇ ਨਹੀਂ ਹੈ ਕੋਈ ਪਾਬੰਦੀ"