ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਸਤੰਬਰ: ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਵਿਚ ਬਠਿੰਡਾ ਵਿੱਚ ਥਰਮਲ ਪਲਾਂਟ ਦੀ ਜਗ੍ਹਾ ਬਲਕ ਡਰੱਗ ਪਾਰਕ ਸਥਾਪਤ ਕਰਨ ਦੀ ਤਜਵੀਜ਼ ਨੂੰ ਵਾਪਸ ਲੈਣ ਦੀ ਸਹਿਮਤੀ ਦੇ ਦਿੱਤੀ ਤਾਂ ਕਿ ਇਸ ਜ਼ਮੀਨ ਦੀ ਵਰਤੋਂ ਮਕਾਨ ਉਸਾਰੀ/ਆਧੁਨਿਕ ਰਿਹਾਇਸ਼ੀ ਕੰਪਲੈਕਸ/ਹੋਟਲ/ਕਮਰਸ਼ੀਲ ਪ੍ਰਾਜੈਕਟ ਅਤੇ ਪਲਾਸਟਿਕ ਪਾਰਕ, ਸੋਲਰ ਊਰਜਾ ਤੇ ਹੋਰ ਨਾਗਰਿਕ ਸੇਵਾਵਾਂ ਵਾਲੇ ਪ੍ਰਾਜੈਕਟਾਂ ਲਈ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਦੇਸ਼ ਵਿੱਚ ਬਲਕ ਡਰੱਗ ਪਾਰਕ ਸਥਾਪਤ ਕਰਨ ਦੀ ਸਕੀਮ ਅਧੀਨ ਅਕਤੂਬਰ 2020 ਵਿੱਚ ਬਠਿੰਡਾ ਵਿਖੇ ਥਰਮਲ ਪਲਾਂਟ ਵਾਲੀ ਜਗ੍ਹਾ ਉਤੇ ਬਲਕ ਡਰੱਗ ਪਾਰਕ ਸਥਾਪਤ ਕਰਨ ਦੀ ਤਜਵੀਜ਼ ਭੇਜੀ ਸੀ। ਡੇਢ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਇਹ ਪ੍ਰਾਜੈਕਟ ਲਟਕ ਰਿਹਾ ਹੈ ਅਤੇ ਇਸ ਲਈ ਭਾਰਤ ਸਰਕਾਰ ਦੀ ਪ੍ਰਵਾਨਗੀ ਦਾ ਇੰਤਜ਼ਾਰ ਹੈ।
ਪੰਜਾਬ ਗੁੱਡਜ਼ ਤੇ ਸਰਵਿਸਜ਼ ਟੈਕਸ ਐਕਟ 2017 ਵਿੱਚ ਸੋਧ ਦੀ ਮਨਜ਼ੂਰੀ
ਕੈਬਨਿਟ ਨੇ ਰਾਜ ਵਿੱਚ ਵਪਾਰ ਕਰਨ ਨੂੰ ਹੋਰ ਸੁਖਾਲਾ ਬਣਾਉਣ ਅਤੇ ਕਰ ਦਾਤਾਵਾਂ ਨੂੰ ਸਹੂਲਤ ਦੇਣ ਲਈ ਪੰਜਾਬ ਗੁੱਡਜ਼ ਤੇ ਸਰਵਿਸਜ਼ ਟੈਕਸ ਐਕਟ, 2017 ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਸੋਧ ਨਾਲ ਰਿਟਰਨ ਭਰਨ ਨਾਲ ਸਬੰਧਤ ਸਮੁੱਚੀ ਪ੍ਰਕਿਰਿਆ ਸੁਚਾਰੂ ਤੇ ਰਿਫੰਡ ਨੂੰ ਤਰਕਸੰਗਤ ਬਣਾਉਣ ਵਿੱਚ ਮਦਦ ਮਿਲੇਗੀ। ਇਸ ਨਾਲ ਗਲਤ ਤਰੀਕੇ ਨਾਲ ਲਏ ਗਏ ਅਤੇ ਵਰਤੇ ਗਏ ਇਨਪੁੱਟ ਟੈਕਸ ਕਰੈਡਿਟ ਉਤੇ ਹੀ ਵਿਆਜ ਲੱਗਣਾ ਯਕੀਨੀ ਬਣੇਗਾ।
Share the post "ਪੰਜਾਬ ਸਰਕਾਰ ਬਠਿੰਡਾ ਵਿੱਚ ਬਲਕ ਡਰੱਗ ਪਾਰਕ ਦੀ ਸਥਾਪਨਾ ਦੀ ਤਜਵੀਜ਼ ਲਵੇਗੀ ਵਾਪਸ"