15 Views
ਸੁਖਜਿੰਦਰ ਮਾਨ
ਬਠਿੰਡਾ,12 ਅਪਰੈਲ: ਪੰਜਾਬ ਸਰਕਾਰ ਦੇ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਇਸ ਵਾਰ ਪੰਜ ਜ਼ਿਲਿਆਂ ਵਿਚ ਯੋਗ ਰਾਈਸ ਮਿੱਲਾਂ ਨੂੰ ਕਣਕ ਦੀ ਖਰੀਦ ਲਈ ਆਰਜੀ ਖਰੀਦ ਕੇਂਦਰ ਘੋਸ਼ਿਤ ਨਾ ਕਰਨ ਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਵੱਲੋਂ ਸਖ਼ਤ ਰੋਸ ਜਿਤਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਜਰਨਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਇਸ ਵਾਰ ਪੰਜਾਬ ਸਰਕਾਰ ਦੇ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਪੰਜਾਬ ਦੇ ਪੰਜ ਜ਼ਿਲੇ ਬਠਿੰਡਾ, ਫਿਰੋਜ਼ਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਰਾਈਸ ਮਿੱਲਾਂ ਨੂੰ ਆਰਜੀ ਖਰੀਦ ਕੇਂਦਰ ਬਣਾਉਣ ਦੀ ਮੰਨਜ਼ੂਰੀ ਨਹੀਂ ਦਿੱਤੀ। ਇਨ੍ਹਾਂ ਜ਼ਿਲ੍ਹਿਆਂ ਨਾਲ ਸਬੰਧਤ ਕਿਸਾਨਾਂ ਨੂੰ ਕਣਕ ਦੀ ਫ਼ਸਲ ਵੇਚਣ ਲਈ ਭਾਰੀ ਢਿਕੱਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਗੂ ਨੇ ਦੱਸਿਆ ਕਿ ਬਰਨਾਲਾ ਵਿੱਚ 31, ਮੋਗਾ ਵਿੱਚ 22 , ਸ੍ਰੀ ਮੁਕਤਸਰ ਸਾਹਿਬ 24, ਪਟਿਆਲਾ 41, ਸੰਗਰੂਰ 22, ਜਲੰਧਰ 1, ਰੂਪਨਗਰ 2, ਐੱਸ ਏ ਐੱਸ ਨਗਰ 3 ਅਤੇ ਮਾਨਸਾ ਵਿੱਚ 5 ਰਾਈਸ ਮਿੱਲਾਂ ਨੂੰ ਆਰਜੀ ਖਰੀਦ ਕੇਂਦਰ ਘੋਸ਼ਿਤ ਕਰ ਦਿੱਤਾ ਹੈ। ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਹਾੜ੍ਹੀ ਸੀਜ਼ਨ ਦੌਰਾਨ ਕਣਕ ਦੀ ਆਮਦ ਇੱਕ ਦਮ ਦਾਣਾ ਮੰਡੀਆਂ ਵਿੱਚ ਆੳੁਣ ਕਾਰਨ ਮੰਡੀਆਂ ਵਿੱਚ ਕਣਕ ਦੇ ਅੰਬਾਰ ਲੱਗ ਜਾਂਦੇ ਹਨ ਤੇ ਕਿਸਾਨਾਂ ਨੂੰ ਆਪਣੀ ਕਣਕ ਦੀ ਫ਼ਸਲ ਵੇਚਣ ਲਈ ਮੁਸ਼ਕਿਲਾਂ ਆਉਂਦੀਆਂ ਸਨ। ਇਹਨਾਂ ਮੁਸ਼ਕਿਲਾਂ ਦੇ ਹੱਲ ਲਈ ਪਿਛਲੀ ਸਰਕਾਰ ਨੇ ਪੰਜਾਬ ਵਿਚ ਯੋਗ ਰਾਈਸ ਮਿੱਲਾਂ ਨੂੰ ਆਰਜੀ ਖਰੀਦ ਕੇਂਦਰ ਘੋਸ਼ਿਤ ਕਰਕੇ ਕਣਕ ਦੀ ਖਰੀਦ ਕਰਵਾਈ ਸੀ। ਕਿਸਾਨ ਆਗੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਆਦੇਸ਼ ਜਾਰੀ ਕਰਕੇ ਰਹਿੰਦੇ ਜ਼ਿਲਿਆਂ ਵਿੱਚ ਵੀ ਯੋਗ ਰਾਈਸ ਮਿੱਲਾਂ ਨੂੰ ਆਰਜੀ ਖਰੀਦ ਕੇਂਦਰ ਬਣਾਉਣ ਦੀ ਮੰਨਜ਼ੂਰੀ ਦਿਤੀ ਜਾਵੇ ।
Share the post "ਪੰਜ ਜਿਲਿਆਂ ‘ਚ ਰਾਇਸ ਮਿੱਲਾਂ ਨੂੰ ਆਰਜ਼ੀ ਖਰੀਦ ਕੇਂਦਰ ਨਾ ਐਲਾਨਣ ‘ਤੇ ਜਤਾਇਆ ਰੋਸ "