ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕੀਤਾ ਸੀ ਦੌਰਾ
ਪੰਜਾਬੀ ਖ਼ਬਰਸਾਰ ਬਿਉਰੋ
ਫਾਜ਼ਿਲਕਾ, 27 ਅਕਤੂਬਰ: ਜ਼ਿਲ੍ਹੇ ਦੇ ਪਿੰਡ ਦੋਨਾ ਨਾਨਕਾ, ਤੇਜਾ ਰੁਹੇਲਾ ਅਤੇ ਚੱਕ ਰੁਹੇਲਾ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕਰ ਦਿੱਤੀ ਗਈ ਹੈ। ਇਨ੍ਹਾਂ ਪਿੰਡਾਂ ਵਿਚ ਪੀਣ ਵਾਲੇ ਸਾਫ ਪਾਣੀ ਦੀ ਕਾਫੀ ਦਿੱਕਤ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੂੰ ਇਨ੍ਹਾਂ ਪਿੰਡਾਂ ਦਾ ਦੌਰਾ ਕਰਕੇ ਜਲਦ ਹੱਲ ਕੱਢਣ ਦੇ ਨਿਰਦੇਸ਼ ਦਿੱਤੇ ਸਨ। ਬ੍ਰਮ ਸ਼ੰਕਰ ਜਿੰਪਾ ਨੇ ਜੁਲਾਈ ਮਹੀਨੇ ਦੇ ਆਖਰੀ ਹਫਤੇ ਇਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਸੀ ਅਤੇ ਪਿੰਡ ਵਾਸੀਆਂ ਵੱਲੋਂ ਦੱਸੀਆਂ ਮੁਸ਼ਕਿਲਾਂ ਦਾ ਹੱਲ ਕਰਦਿਆਂ ਹੁਣ ਇਨ੍ਹਾਂ ਪਿੰਡਾਂ ਵਿਚ ਸਾਫ ਪਾਣੀ ਦੀ ਸਪਲਾਈ ਹੋ ਰਹੀ ਹੈ।
ਜ਼ਿਆਦਾ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਦੋਨਾ ਨਾਨਕਾ, ਤੇਜਾ ਰੁਹੇਲਾ ਅਤੇ ਚੱਕ ਰੁਹੇਲਾ ਪਿੰਡਾਂ ਦੇ ਵਾਸੀਆਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਬਹੁਤ ਜ਼ਿਆਦਾ ਸਮੱਸਿਆ ਆ ਰਹੀ ਸੀ। ਉਨ੍ਹਾਂ ਮੁੱਖ ਮੰਤਰੀ ਵੱਲੋਂ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਇਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਅਤੇ ਸਾਫ ਪਾਣੀ ਦੀ ਸਪਲਾਈ ਲਈ ਇਨ੍ਹਾਂ ਪਿੰਡਾਂ ਵਿਚ ਆਰ.ਓ. ਪਲਾਂਟ ਸਥਾਪਤ ਕਰਨ ਲਈ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ। ਹੁਣ ਇਨ੍ਹਾਂ ਪਿੰਡਾਂ ਵਿਚ ਆਰ.ਓ. ਸਥਾਪਤ ਕਰ ਦਿੱਤੇ ਗਏ ਹਨ ਅਤੇ ਵਾਟਰ ਵਰਕਸ ਤੋਂ ਵੀ ਪਾਣੀ ਦੀ ਲੋੜੀਂਦੀ ਸਪਲਾਈ ਕੀਤੀ ਜਾ ਰਹੀ ਹੈ।
ਪਿੰਡ ਦੋਨਾ ਨਾਨਕਾ ਦੀ ਸਰਪੰਚ ਦਿਆਲੋ ਬਾਈ, ਤੇਜਾ ਰੁਹੇਲਾ ਦੇ ਸਰਪੰਚ ਬੱਗੂ ਸਿੰਘ ਅਤੇ ਚੱਕ ਰੁਹੇਲਾ ਦੇ ਸਰਪੰਚ ਜੰਗੀਰ ਸਿੰਘ ਨੇ ਆਪੋ-ਆਪਣੇ ਪਿੰਡਾਂ ਦੀਆਂ ਪੰਚਾਇਤਾਂ ਦੀ ਤਰਫੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ ਹੈ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਭਗਵੰਤ ਮਾਨ ਦੀ ਅਗਵਾਈ ਵਿਚ ਹਰੇਕ ਪੰਜਾਬ ਵਾਸੀ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਭਰਪੂਰ ਯਤਨ ਕੀਤੇ ਜਾ ਰਹੇ ਹਨ।
Share the post "ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ‘ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕੀਤੀ: ਜਿੰਪਾ"