ਪੰਜਾਬ ਦੀ ਧਰਤੀ ਤੋਂ ਆਜ਼ਾਦੀ ਲਹਿਰ ਚ ਪਾਏ ਯੋਗਦਾਨ ਨੇ ਭਾਰਤ ਦੀ ਦਿਸ਼ਾ ਅਤੇ ਦਸ਼ਾ ਨੂੰ ਦਿੱਤਾ ਨਵਾਂ ਮੋੜ : ਸੋਨੀ
ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਕੀਤਾ ਸਿਜਦਾ
ਸੁਖਜਿੰਦਰ ਮਾਨ
ਬਠਿੰਡਾ, 27 ਜਨਵਰੀ: ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਸਾਡੇ ਮਹਾਨ ਸ਼ਹੀਦਾਂ ਦੇ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਜ਼ਿੰਦਗੀ ਬਿਤਾ ਰਹੇ ਹਾਂ। 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ ਤੇ ਦੁਨੀਆਂ ਚ ਸਭ ਤੋਂ ਵੱਡੇ ਲੋਕਤੰਤਰ ਹੋਣ ਦਾ ਮਾਣ ਹਾਸਲ ਹੋਇਆ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਪੰਜਾਬ ਦੇ ਉੱਪ ਮੁੱਖ ਮੰਤਰੀ ਸ਼੍ਰੀ ਓ.ਪੀ. ਸੋਨੀ ਨੇ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਦੇ ਹਾਕੀ ਸਟੇਡੀਅਮ ਵਿਖੇ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਦੇਸ਼ ਦੇ ਗਣਤੰਤਰ ਦੇ 72 ਸਾਲ ਪੂਰੇ ਹੋਣ ’ਤੇ ਬਠਿੰਡਾ ਵਾਸੀਆਂ ਨੂੰ ਤਹਿ ਦਿਲੋਂ ਨਿੱਘੀ ਵਧਾਈ ਤੇ ਸ਼ੁਭ-ਕਾਮਨਾਵਾਂ ਦਿੰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਉਪ ਮੁੱਖ ਮੰਤਰੀ ਸ਼੍ਰੀ ਓ.ਪੀ. ਸੋਨੀ ਨੇ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜਿਨ੍ਹਾਂ ਨੇ ਸਾਡੇ ਮਹਾਨ ਭਾਰਤ ਦੇਸ਼ ਨੂੰ ਅਜਿਹਾ ਸੰਵਿਧਾਨ ਦੇ ਕੇ ਦੇਸ਼ ਨੂੰ ਇੱਕ ਮਾਲਾ ਵਿਚ ਪਰੋ ਦਿੱਤਾ ਅਤੇ ਸੰਵਿਧਾਨ ਦੇ ਨਿਰਮਾਣ ਵਿਚ ਯੋਗਦਾਨ ਪਾਉਣ ਵਾਲੇ ਹਰ ਸਖਸ ਨੂੰ ਸਿਜਦਾ ਕੀਤਾ। ਉੱਪ ਮੁੱਖ ਮੰਤਰੀ ਸ਼੍ਰੀ ਓ.ਪੀ. ਸੋਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੇਸ਼ੱਕ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਹਰ ਇਕ ਭਾਰਤੀ ਨੇ ਯੋਗਦਾਨ ਪਾਇਆ ਪਰ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਦੀਆਂ ਕੁਰਬਾਨੀਆਂ ਸਭ ਤੋਂ ਜ਼ਿਆਦਾ ਰਹੀਆਂ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿਚ ਵੱਡਾ ਯੋਗਦਾਨ ਪੰਜਾਬੀਆਂ ਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਗੁਲਾਮੀ ਦੀਆਂ ਜ਼ੰਜੀਰਾਂ ਵਿਚੋਂ ਮੁਕਤ ਕਰਵਾਉਣ ਲਈ ਪੰਜਾਬੀਆਂ ਨੇ ਵੱਡਮੁੱਲਾ ਯੋਗਦਾਨ ਪਾਇਆ ਹੈ। ਪੰਜਾਬ ਦੀ ਧਰਤੀ ਦਾ ਇਤਿਹਾਸ, ਖੂਨੀ ਸਾਕਿਆਂ ਦਾ ਇਤਿਹਾਸ ਹੈ। ਇਸ ਤੋਂ ਪਹਿਲਾਂ ਉੱਪ ਮੁੱਖ ਮੰਤਰੀ ਸ਼੍ਰੀ ਓ.ਪੀ. ਸੋਨੀ ਨੇ ਪ੍ਰੇਡ ਦਾ ਨਿਰੀਖਣ ਕੀਤਾ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਵਲੋਂ ਪੰਜਾਬ ਦੇ ਉੱਪ ਮੁੱਖ ਮੰਤਰੀ ਸ਼੍ਰੀ ਓ.ਪੀ. ਸੋਨੀ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਮੌਕੇ ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਰੰਗ-ਬਿਰੰਗੇ ਗੁਬਾਰੇ ਛੱਡ ਕੇ ਗਣਤੰਤਰਤਾ ਦਿਵਸ ਦੀ ਖੁਸ਼ੀ ਦਾ ਇਜ਼ਹਾਰ ਵੀ ਕੀਤਾ ਗਿਆ। ਅਖੀਰ ਵਿਚ ਇਸ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਿਖਲਾਈ ਅਧੀਨ ਆਈਏਐਸ ਅਧਿਕਾਰੀ ਸ਼੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਐਸ.ਪੀ. ਸ਼੍ਰੀ ਰਾਜਵੀਰ ਸਿੰਘ ਬੋਪਾਰਾਏ, ਐਸਡੀਐਮ ਸ਼੍ਰੀ ਕੰਵਰਜੀਤ ਸਿੰਘ, ਸਾਬਕਾ ਮੰਤਰੀ ਸ਼੍ਰੀ ਚਿਰੰਜੀ ਲਾਲ ਗਰਗ, ਸੀਨੀਅਰ ਆਗੂ ਸ਼੍ਰੀ ਜੈਜੀਤ ਸਿੰਘ ਜੌਹਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਰਾਜਨ ਗਰਗ, ਨਗਰ ਨਿਗਮ ਦੇ ਮੇਅਰ ਸ਼੍ਰੀਮਤੀ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਸ਼੍ਰੀ ਅਸ਼ੋਕ ਕੁਮਾਰ, ਡਿਪਟੀ ਮੇਅਰ ਸ. ਹਰਮੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।
ਬਠਿੰਡਾ ’ਚ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਲਹਿਰਾਇਆ ਕੌਮੀ ਤਿੰਰਗਾ
24 Views